- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਸਿਆਸਤ ਵਿਚ ਵਧ ਰਹੀ

ਕਿਹਾ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ
ਪਵਨ ਗਰਗ, ਪੰਜਾਬੀ ਜਾਗਰਣ, ਬਾਘਾਪੁਰਾਣਾ: ਪੰਜਾਬ ਦੀ ਸਿਆਸਤ ਵਿਚ ਵਧ ਰਹੀ ਰਾਜਨੀਤਿਕ ਸਰਗਰਮੀ ਦੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਵਿਚ ਇਕ ਵਿਸ਼ਾਲ ‘ਪੰਜਾਬ ਬਚਾਓ’ ਰੈਲੀ ਕੀਤੀ ਗਈ। ਕੋਟਕਪੂਰਾ ਰੋਡ ’ਤੇ ਸਥਿਤ ਮੁੱਖ ਅਨਾਜ ਮੰਡੀ ਵਿਚ ਹੋਈ ਇਸ ਰੈਲੀ ਵਿਚ ਪਾਰਟੀ ਵਰਕਰਾਂ, ਕਿਸਾਨਾਂ, ਨੌਜਵਾਨਾਂ ਅਤੇ ਸਥਾਨਕ ਲੋਕਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ। ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਕਾਸ ਦੀ ਰਫ਼ਤਾਰ ਥੰਮ ਗਈ ਹੈ ਅਤੇ ਕਈ ਮਹੱਤਵਪੂਰਨ ਪ੍ਰੋਜੈਕਟ ਅਧੂਰੇ ਪਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਕੀਤੇ ਗਏ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ, ਜਿਸ ਕਾਰਨ ਲੋਕਾਂ ਵਿਚ ਨਿਰਾਸ਼ਾ ਵਧ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੇ ਪੈਸੇ ਨੂੰ ਹੋਰ ਰਾਜਾਂ ਵਿਚ ਆਪਣੀ ਪਾਰਟੀ ਦੇ ਸਿਆਸੀ ਵਿਸਥਾਰ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਹੋਰ ਸੂਬਿਆਂ ਵਿਚ ਚੱਲ ਰਹੀਆਂ ਚੋਣ ਮੁਹਿੰਮਾਂ ਅਤੇ ਰਾਜਨੀਤਿਕ ਗਤੀਵਿਧੀਆਂ ਦਾ ਖਰਚਾ ਅਸਲ ਵਿੱਚ ਪੰਜਾਬ ਦੇ ਸਰਕਾਰੀ ਖਜ਼ਾਨੇ ’ਤੇ ਪਾਇਆ ਜਾ ਰਿਹਾ ਹੈ, ਜੋ ਕਿ ਪੰਜਾਬ ਦੇ ਲੋਕਾਂ ਨਾਲ ਨਾਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਨੂੰ ਪਹਿਲਾਂ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਦੌਰਾਨ ਪੰਜਾਬ ਵਿਚ ਸੜਕਾਂ, ਪੁਲਾਂ, ਸਿੱਖਿਆ ਸੰਸਥਾਵਾਂ, ਹਸਪਤਾਲਾਂ ਅਤੇ ਧਾਰਮਿਕ ਸਥਾਨਾਂ ਦੇ ਵਿਕਾਸ ਲਈ ਕਈ ਮਹੱਤਵਪੂਰਨ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਲ ਪੰਜਾਬ ਨੂੰ ਦੁਬਾਰਾ ਤਰੱਕੀ ਦੇ ਰਸਤੇ ’ਤੇ ਲਿਆਉਣ ਲਈ ਸਪਸ਼ਟ ਵਿਜ਼ਨ ਅਤੇ ਯੋਜਨਾ ਮੌਜੂਦ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਵੀ ਮੌਜੂਦਾ ਸਰਕਾਰ ’ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਆਰਥਿਕ ਹਾਲਤ ਦਿਨੋਂ ਦਿਨ ਕਮਜ਼ੋਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਜ਼ਮੀਨੀ ਪੱਧਰ ’ਤੇ ਪੂਰੇ ਨਹੀਂ ਹੋ ਰਹੇ ਅਤੇ ਲੋਕਾਂ ਨੂੰ ਕੋਈ ਖਾਸ ਰਾਹਤ ਨਹੀਂ ਮਿਲੀ। ਮਜੀਠੀਆ ਨੇ ਕਿਹਾ ਕਿ ਕਿਸਾਨਾਂ, ਨੌਜਵਾਨਾਂ ਅਤੇ ਵਪਾਰੀਆਂ ਸਮੇਤ ਹਰ ਵਰਗ ਮੌਜੂਦਾ ਹਾਲਾਤਾਂ ਤੋਂ ਪਰੇਸ਼ਾਨ ਹੈ। ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨਾਲ ਕਈ ਵਾਅਦੇ ਵੀ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਨੂੰ ਦੁਬਾਰਾ ਸੱਤਾ ਵਿਚ ਆਉਣ ਦਾ ਮੌਕਾ ਮਿਲਦਾ ਹੈ ਤਾਂ ਲੋਕ ਪੱਖੀ ਨੀਤੀਆਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਬੁੱਢਾਪਾ ਪੈਨਸ਼ਨ ਨੂੰ ਵਧਾ ਕੇ 3100 ਪ੍ਰਤੀ ਮਹੀਨਾ ਕੀਤਾ ਜਾਵੇਗਾ। ਇਸ ਮੌਕੇ ਅਕਾਲੀ ਆਗੂ ਬਾਲ ਕਿਸ਼ਨ ਬਾਲੀ, ਸੁਖਜੀਤ ਸਿੰਘ ਮਾਹਲਾ, ਜਸਪ੍ਰੀਤ ਸਿੰਘ ਮਾਹਲਾ ਅਤੇ ਪਵਨ ਢੰਡ ਸਮੇਤ ਕਈ ਸਥਾਨਕ ਆਗੂ ਵੀ ਮੌਜੂਦ ਰਹੇ। ਸਥਾਨਕ ਆਗੂਆਂ ਨੇ ਰੈਲੀ ਵਿਚ ਇਕੱਠੀ ਹੋਈ ਭਾਰੀ ਭੀੜ ਨੂੰ ਅਕਾਲੀ ਦਲ ਲਈ ਵਧ ਰਹੇ ਲੋਕ ਸਮਰਥਨ ਦੀ ਨਿਸ਼ਾਨੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦੀ ਮੰਗ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਸੂਬੇ ਦੀ ਸਿਆਸਤ ਵਿਚ ਨਵਾਂ ਮੋੜ ਜਰੂਰ ਆਵੇਗਾ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦੇ ਆਧਾਰ ’ਤੇ ਲੋਕ ਦੁਬਾਰਾ ਅਕਾਲੀ ਦਲ ’ਤੇ ਭਰੋਸਾ ਜਤਾਉਣਗੇ। ਰੈਲੀ ਦੇ ਅੰਤ ਵਿਚ ਪਾਰਟੀ ਆਗੂਆਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਅਤੇ ਸ਼ਹਿਰਾਂ ਵਿਚ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਰਣਜੀਤ ਸਿੰਘ ਭਾਈ, ਹਰਮਨਜੀਤ ਸਿੰਘ ਬਰਾੜ ਆਦਿ ਹਾਜ਼ਰ ਸਨ।