- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਅਤੇ

ਗੁਰਦੇਵ ਮਨੇਸ ਪੰਜਾਬੀ ਜਾਗਰਣ ਕੋਟ ਈਸੇ ਖਾਂ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਨਵੇਂ ਰਾਹ ਖੋਲ੍ਹੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਤੇ ਸਰਕਲ ਸਦਰ ਕੋਟ ਦੇ ਪ੍ਰਧਾਨ ਮਨ ਫੂਲ ਲਾਡੀ ਨੇ ਪੰਜਾਬੀ ਜਾਗਰਣ ਦੇ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਦਹਾਕਿਆਂ ਪੁਰਾਣਾ ਹੈ ਅਤੇ ਦੋਵਾਂ ਪਾਰਟੀਆਂ ਨੇ ਪਹਿਲਾਂ ਵੀ ਮਿਲ ਕੇ ਪੰਜਾਬ ਦੀ ਤਰੱਕੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੇ ਲੋਕਾਂ ਵਿੱਚ ਨਵੀਂ ਉਮੀਦ ਜਾਗੀ ਹੈ। ਇਹ ਗਠਜੋੜ ਸੂਬੇ ਦੀਆਂ ਕਿਸਾਨੀ, ਵਪਾਰ, ਉਦਯੋਗ, ਨੌਜਵਾਨਾਂ ਦੇ ਰੁਜ਼ਗਾਰ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਮਨ ਫੂਲ ਲਾਡੀ ਨੇ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮੇਰਾ ਘਰ ਮੇਰੇ ਨਾਮ ਸਕੀਮ ਤੇ ਖੱਜਲ ਖੁਆਰੀ ਤੇ ਸਖਤ ਸ਼ਬਦਾਂ ਵਿਚ ਨਿੰੰਦਾ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੀ ਲੋੜ ਹੈ, ਕਿਸਾਨ ਆਰਥਿਕ ਮੁਸ਼ਕਲਾਂ ਵਿੱਚੋਂ ਲੰਘ ਰਹੇ ਹਨ ਅਤੇ ਵਪਾਰੀ ਵਰਗ ਵੀ ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਅਜਿਹੇ ਸਮੇਂ ਵਿਚ ਪੰਜਾਬ ਨੂੰ ਇਕ ਮਜ਼ਬੂਤ ਅਤੇ ਤਜਰਬੇਕਾਰ ਸਿਆਸੀ ਸਾਂਝ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਪੰਜਾਬ ਦੀ ਮਿੱਟੀ, ਪੰਜਾਬੀਅਤ ਅਤੇ ਲੋਕਾਂ ਨਾਲ ਡੂੰਘਾ ਰਿਸ਼ਤਾ ਹੈ, ਜਦਕਿ ਭਾਜਪਾ ਦਾ ਦੇਸ਼ ਪੱਧਰ ’ਤੇ ਸਿਆਸੀ ਤਜਰਬਾ ਹੈ। ਦੋਵਾਂ ਪਾਰਟੀਆਂ ਦੀ ਸਾਂਝ ਪੰਜਾਬ ਦੇ ਹਿੱਤਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਇਹ ਗਠਜੋੜ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗਾ ਅਤੇ ਧਰਮਕੋਟ ਹਲਕੇ ਸਮੇਤ ਸਮੁੱਚੇ ਪੰਜਾਬ ਵਿਚ ਵਿਕਾਸ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਦੀ ਨਵੀਂ ਲੀਹ ਪਾਵੇਗਾ।