ਚੋਣਾਂ ਲਈ ਪੋਲਿੰਗ ਸਟੇਸ਼ਨਾਂ ਸਮੇਤ ਸਾਰੇ ਮੁੱਢਲੇ ਪ੍ਰਬੰਧ ਮੁਕੰਮਲ ਮਾਨਯੋਗ ਸੁਪਰੀਮ ਕੋਰਟ ਆਫ਼
Publish Date: Tue, 10 Nov 2026 05:40 PM (IST)
Updated Date: Wed, 11 Nov 2026 04:00 AM (IST)
ਡਿਪਟੀ ਕਮਿਸ਼ਨਰ ਵੱਲੋਂ ਚੋਣ ਤਿਆਰੀਆਂ ਦਾ ਜਾਇਜ਼ਾ; ਅਧਿਕਾਰੀਆਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਦੀ ਹਦਾਇਤ ਧਰਮਕੋਟ ਦੇ 7 ਅਤੇ ਬਾਘਾਪੁਰਾਣਾ ਦੇ ਸਾਰੇ 15 ਵਾਰਡਾਂ ਵਿਚ ਹੋਣਗੀਆਂ ਮੁੜ ਚੋਣਾਂ ਈਵੀਐੱਮ ਰਾਹੀਂ ਪੈਣਗੀਆਂ ਵੋਟਾਂ, ਚੋਣ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਦੀਆਂ ਨਗਰ ਕੌਂਸਲ ਧਰਮਕੋਟ ਅਤੇ ਬਾਘਾਪੁਰਾਣਾ ਦੀਆਂ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਚੋਣਾਂ ਨੂੰ ਸੁਚਾਰੂ, ਸ਼ਾਂਤੀਪੂਰਨ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅੱਜ ਸਬੰਧਤ ਰਿਟਰਨਿੰਗ ਅਫ਼ਸਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਚੋਣ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣਾਂ ਨਾਲ ਸਬੰਧਤ ਸਾਰੀਆਂ ਤਿਆਰੀਆਂ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੀਆਂ ਜਾਣ ਅਤੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਹਰ ਅਧਿਕਾਰੀ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਤੇ ਸਮਰਪਣ ਭਾਵਨਾ ਨਾਲ ਨਿਭਾਵੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਵਿਚ ਮੁੜ ਚੋਣਾਂ ਕਰਵਾਈਆਂ ਜਾਣੀਆਂ ਹਨ, ਜਦਕਿ ਨਗਰ ਕੌਂਸਲ ਬਾਘਾਪੁਰਾਣਾ ਦੇ ਸਾਰੇ 15 ਵਾਰਡਾਂ ਵਿਚ ਚੋਣਾਂ ਦੁਬਾਰਾ ਹੋਣਗੀਆਂ। ਇਨ੍ਹਾਂ ਚੋਣਾਂ ਲਈ ਵੋਟਿੰਗ ਈਵੀਐੱਮ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਰਾਹੀਂ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਤਿਆਰੀ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਚੋਣ ਅਮਲੇ ਦੀ ਤਾਇਨਾਤੀ, ਈਵੀਐੱਮ ਦੀ ਉਪਲਬਧਤਾ ਅਤੇ ਸੁਰੱਖਿਆ, ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਲਈ ਬੁਨਿਆਦੀ ਸਹੂਲਤਾਂ, ਚੋਣ ਸਮੱਗਰੀ ਦੀ ਵੰਡ, ਆਵਾਜਾਈ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਚੋਣ ਅਮਲੇ ਨੂੰ ਲੋੜੀਂਦੀ ਸਿਖਲਾਈ ਤੇ ਹਦਾਇਤਾਂ ਸਮੇਂ ਸਿਰ ਦਿੱਤੀਆਂ ਜਾਣ। ਚੋਣ ਪ੍ਰਬੰਧਾਂ ਲਈ ਬਾਘਾਪੁਰਾਣਾ ਵਿਖੇ ਐੱਸਡੀਐੱਮ ਗਗਨਦੀਪ ਸਿੰਘ ਅਤੇ ਧਰਮਕੋਟ ਵਿਖੇ ਐੱਸਡੀਐੱਮ ਗੁਰਵਿੰਦਰ ਸਿੰਘ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੋਵਾਂ ਰਿਟਰਨਿੰਗ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਚੋਣ ਪ੍ਰਕਿਰਿਆ ਦੇ ਹਰੇਕ ਪੜਾਅ ਦੀ ਨਿਯਮਤ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਆਜ਼ਾਦ ਅਤੇ ਨਿਰਪੱਖ ਚੋਣਾਂ ਬੇਹੱਦ ਮਹੱਤਵਪੂਰਨ ਹਨ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰੇਕ ਯੋਗ ਵੋਟਰ ਬਿਨਾਂ ਕਿਸੇ ਡਰ, ਦਬਾਅ ਜਾਂ ਪੱਖਪਾਤ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਕਾਇਮ ਰੱਖਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣ।