ਸੇਵਾ ਕੇਂਦਰ ਕਾਮਿਆਂ ਦੀ ਹੜਤਾਲ ਕਾਰਨ ਕੰਮ ਠੱਪ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ
Publish Date: Mon, 12 Oct 2026 05:21 PM (IST)
Updated Date: Mon, 12 Oct 2026 05:23 PM (IST)
ਡੀਸੀ ਦਫ਼ਤਰ ਅੱਗੇ ਦਿੱਤਾ ਧਰਨਾ, ਬੋਨਸ, ਬਕਾਇਆ ਤਨਖ਼ਾਹਾਂ ਤੇ ਟੀਏ ਦੀ ਅਦਾਇਗੀ ਨਾ ਹੋਣ ਕਾਰਨ ਰੋਸ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਦੇ ਸੱਦੇ ’ਤੇ ਸੋਮਵਾਰ ਨੂੰ ਮੋਗਾ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਬੰਦ ਰਹੇ। ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਵਿਖੇ ਸਥਿਤ ਮੁੱਖ ਸੇਵਾ ਕੇਂਦਰ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਅਤੇ ਪੰਜਾਬ ਯੂਨੀਅਨ ਦੇ ਕੈਸ਼ੀਅਰ ਦਵਿੰਦਰ ਬਾਂਸਲ ਨੇ ਕੀਤੀ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਸਮੇਤ ਹੋਰ ਮੁਲਾਜ਼ਮ ਅਤੇ ਆਗੂ ਮੌਜੂਦ ਸਨ। ਧਰਨੇ ਦੌਰਾਨ ਮੁਲਾਜ਼ਮਾਂ ਨੇ ਸਬੰਧਤ ਕੰਪਨੀ ਅਤੇ ਪ੍ਰਬੰਧਨ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਨਾਲ ਨਿਭਾਅ ਰਹੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਬਣਦੇ ਵਿੱਤੀ ਲਾਭ ਸਮੇਂ ਸਿਰ ਨਹੀਂ ਮਿਲ ਰਹੇ। ਉਨ੍ਹਾਂ ਕਿਹਾ ਕਿ ਪੂਰਾ ਬੋਨਸ ਨਾ ਮਿਲਣ, ਤਨਖ਼ਾਹਾਂ ਬਕਾਇਆ ਰਹਿਣ ਅਤੇ ਸਫ਼ਰ ਭੱਤਿਆਂ ਦੀ ਅਦਾਇਗੀ ਲਟਕਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਨਾਰਾਜ਼ਗੀ ਹੈ। ਯੂਨੀਅਨ ਨੇ ਮੰਗ ਕੀਤੀ ਕਿ ਸਾਰੇ ਬਕਾਇਆ ਭੁਗਤਾਨ ਬਿਨ੍ਹਾਂ ਕਿਸੇ ਹੋਰ ਦੇਰੀ ਦੇ ਕੀਤੇ ਜਾਣ। ਯੂਨੀਅਨ ਆਗੂਆਂ ਨੇ ਦੱਸਿਆ ਕਿ ਸੁਰੱਖਿਆ ਗਾਰਡਾਂ ਦੀਆਂ ਦੋ ਤਨਖ਼ਾਹਾਂ ਬਕਾਇਆ ਸਨ, ਜਿੰਨ੍ਹਾਂ ’ਚੋਂ ਇਕ ਤਨਖ਼ਾਹ ਦੀ ਅਦਾਇਗੀ ਹੋ ਚੁੱਕੀ ਹੈ, ਜਦਕਿ ਦੂਜੀ ਤਨਖ਼ਾਹ ਹਾਲੇ ਤੱਕ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਤਨਖ਼ਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਘਰੇਲੂ ਖ਼ਰਚੇ ਪੂਰੇ ਕਰਨ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਬਕਾਇਆ ਤਨਖ਼ਾਹ ਤੁਰੰਤ ਜਾਰੀ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਐੱਲਆਰ ਆਪਰੇਟਰਾਂ ਅਤੇ ਸੇਵਾ ਸਹਾਇਕ ਆਪਰੇਟਰਾਂ ਦੇ ਟੀਏ (ਸਫ਼ਰ ਭੱਤੇ) ਦੀ ਅਦਾਇਗੀ ਵੀ ਲੰਮੇ ਸਮੇਂ ਤੋਂ ਲਟਕ ਰਹੀ ਹੈ। ਡਿਊਟੀ ਦੌਰਾਨ ਮੁਲਾਜ਼ਮਾਂ ਨੂੰ ਕੰਮ ਨਾਲ ਸਬੰਧਤ ਖ਼ਰਚੇ ਕਰਨੇ ਪੈਂਦੇ ਹਨ, ਇਸ ਲਈ ਉਨ੍ਹਾਂ ਦੇ ਬਣਦੇ ਭੱਤੇ ਸਮੇਂ ਸਿਰ ਮਿਲਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਬਕਾਇਆ ਰਕਮਾਂ ਦੀ ਅਦਾਇਗੀ ਲਈ ਪੱਕੀ ਸਮਾਂ-ਸੀਮਾ ਤੈਅ ਕੀਤੀ ਜਾਵੇ ਤਾਂ ਜੋ ਮੁਲਾਜ਼ਮਾਂ ਨੂੰ ਆਰਥਿਕ ਪਰੇਸ਼ਾਨੀਆਂ ਤੋਂ ਰਾਹਤ ਮਿਲ ਸਕੇ। ਯੂਨੀਅਨ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਪੂਰਾ ਬੋਨਸ ਦਿੱਤਾ ਜਾਵੇ, ਸੁਰੱਖਿਆ ਗਾਰਡਾਂ ਦੀ ਬਕਾਇਆ ਤਨਖ਼ਾਹ ਜਾਰੀ ਕੀਤੀ ਜਾਵੇ ਅਤੇ ਐੱਲਆਰ ਤੇ ਸੇਵਾ ਸਹਾਇਕ ਆਪਰੇਟਰਾਂ ਦੇ ਟੀਏ ਦਾ ਭੁਗਤਾਨ ਕੀਤਾ ਜਾਵੇ। ਪਠਾਨਕੋਟ ਦੇ ਬਰਖ਼ਾਸਤ ਮੁਲਾਜ਼ਮ ਨੂੰ ਬਹਾਲ ਕਰਨ ਦੀ ਮੰਗ ਧਰਨੇ ਦੌਰਾਨ ਯੂਨੀਅਨ ਵੱਲੋਂ ਪਠਾਨਕੋਟ ਜ਼ਿਲ੍ਹੇ ’ਚ ਸੇਵਾ ਕੇਂਦਰ ਦੇ ਬਰਖ਼ਾਸਤ ਕੀਤੇ ਗਏ ਮੁਲਾਜ਼ਮ ਦੀ ਬਹਾਲੀ ਦਾ ਮਾਮਲਾ ਵੀ ਉਠਾਇਆ ਗਿਆ। ਆਗੂਆਂ ਨੇ ਮੰਗ ਕੀਤੀ ਕਿ ਸਬੰਧਤ ਮੁਲਾਜ਼ਮ ਨੂੰ ਤੁਰੰਤ ਨੌਕਰੀ ’ਤੇ ਬਹਾਲ ਕੀਤਾ ਜਾਵੇ ਅਤੇ ਉਸ ਦੇ ਮਾਮਲੇ ਦਾ ਗੰਭੀਰਤਾ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਨ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕਰਕੇ ਮਸਲਿਆਂ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਜੇਕਰ ਬਕਾਇਆ ਤਨਖ਼ਾਹਾਂ, ਬੋਨਸ ਅਤੇ ਟੀਏ ਦੀ ਅਦਾਇਗੀ ਨਾ ਕੀਤੀ ਗਈ ਅਤੇ ਪਠਾਨਕੋਟ ਦੇ ਮੁਲਾਜ਼ਮ ਨੂੰ ਬਹਾਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਇਕਜੁੱਟ ਹਨ। ਸੇਵਾ ਕੇਂਦਰ ਬੰਦ ਹੋਣ ਕਾਰਨ ਲੋਕਾਂ ਨੂੰ ਹੋਈ ਪਰੇਸ਼ਾਨੀ ਦੂਜੇ ਪਾਸੇ, ਮੋਗਾ ਜ਼ਿਲ੍ਹੇ ਦੇ ਸੇਵਾ ਕੇਂਦਰ ਬੰਦ ਰਹਿਣ ਕਾਰਨ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਈ ਲੋਕ ਦੂਰ-ਦੁਰਾਡੇ ਪਿੰਡਾਂ ਤੋਂ ਦਸਤਾਵੇਜ਼ ਤਿਆਰ ਕਰਵਾਉਣ, ਸਰਕਾਰੀ ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਦੇਣ ਅਤੇ ਹੋਰ ਕੰਮ ਨਿਪਟਾਉਣ ਲਈ ਪਹੁੰਚੇ ਸਨ ਪਰ ਕੇਂਦਰ ਬੰਦ ਹੋਣ ਕਾਰਨ ਉਨ੍ਹਾਂ ਨੂੰ ਬਿਨ੍ਹਾਂ ਕੰਮ ਕਰਵਾਏ ਵਾਪਸ ਪਰਤਣਾ ਪਿਆ। ਲੋਕਾਂ ਨੇ ਦੱਸਿਆ ਕਿ ਉਹ ਕਿਰਾਇਆ ਅਤੇ ਹੋਰ ਖ਼ਰਚੇ ਕਰਕੇ ਮੋਗਾ ਆਏ ਸਨ ਪਰ ਉਨ੍ਹਾਂ ਨੂੰ ਹੜਤਾਲ ਬਾਰੇ ਪਹਿਲਾਂ ਜਾਣਕਾਰੀ ਨਹੀਂ ਸੀ। ਉਨ੍ਹਾਂ ਕਿਹਾ ਕਿ ਕਈ ਸਰਕਾਰੀ ਕੰਮ ਸਮੇਂ ਸਿਰ ਕਰਵਾਉਣੇ ਜ਼ਰੂਰੀ ਹੁੰਦੇ ਹਨ। ਕੇਂਦਰ ਬੰਦ ਹੋਣ ਕਾਰਨ ਹੁਣ ਉਨ੍ਹਾਂ ਨੂੰ ਦੁਬਾਰਾ ਆਉਣਾ ਪਵੇਗਾ, ਜਿਸ ਨਾਲ ਸਮੇਂ ਅਤੇ ਪੈਸੇ ਦਾ ਵਾਧੂ ਨੁਕਸਾਨ ਹੋਵੇਗਾ। ਲੋਕਾਂ ਨੇ ਮੰਗ ਕੀਤੀ ਕਿ ਭਵਿੱਖ ਵਿਚ ਹੜਤਾਲ ਜਾਂ ਸੇਵਾ ਕੇਂਦਰ ਬੰਦ ਰਹਿਣ ਬਾਰੇ ਪਹਿਲਾਂ ਹੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਲੋਕ ਬੇਲੋੜੀ ਖੱਜਲ-ਖੁਆਰੀ ਤੋਂ ਬਚ ਸਕਣ। ਇਸ ਤਰ੍ਹਾਂ ਇੱਕ ਪਾਸੇ ਮੁਲਾਜ਼ਮ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਜਦਕਿ ਦੂਜੇ ਪਾਸੇ ਸੇਵਾ ਕੇਂਦਰਾਂ ’ਤੇ ਨਿਰਭਰ ਆਮ ਲੋਕਾਂ ਨੂੰ ਆਪਣੇ ਜ਼ਰੂਰੀ ਕੰਮਾਂ ਲਈ ਮੁਸ਼ਕਲਾਂ ਝੱਲਣੀਆਂ ਪਈਆਂ।