ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਪੰਜਾਬ ਲਈ ਸ਼ੁਭ ਸੰਕੇਤ: ਮੂਸੇਵਾਲਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ
Publish Date: Tue, 24 Nov 2026 04:11 PM (IST)
Updated Date: Tue, 24 Nov 2026 04:13 PM (IST)
ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਪੰਜਾਬ ਦੇ ਭਵਿੱਖ ਲਈ ਸ਼ੁਭ ਸੰਕੇਤ ਹੈ। ਇਹ ਗਠਜੋੜ ਪੰਜਾਬ ਦੇ ਲੋਕਾਂ ਦੀ ਮੁੱਖ ਮੰਗ ਸੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਤੇ ਸਰਕਲ ਰਾਮਗੜ੍ਹ ਦੇ ਪ੍ਰਧਾਨ ਚਰਨਜੀਤ ਸਿੰਘ ਮੂਸੇਵਾਲਾ ਨੇ ਇਕ ਪ੍ਰੈੱਸ ਮਿਲਣੀ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿਚ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਚਾਹੁੰਦੇ ਹਨ। ਅਕਾਲੀ ਦਲ ਅਤੇ ਭਾਜਪਾ ਦੇ ਇਕੱਠੇ ਹੋਣ ਨਾਲ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਨਵੀਂ ਉਮੀਦ ਜਾਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਸਹੀ ਦਿਸ਼ਾ ਦੇਣ ਲਈ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਚਰਨਜੀਤ ਸਿੰਘ ਮੂਸੇਵਾਲਾ ਨੇ ਕਿਹਾ ਕਿ ਸੂਬੇ ਵਿਚ ਗੈਂਗਸਟਰਵਾਦ, ਲੁੱਟ-ਖੋਹ ਅਤੇ ਰਿਸ਼ਵਤਖੋਰੀ ਵਰਗੀਆਂ ਸਮੱਸਿਆਵਾਂ ਦਾ ਖਾਤਮਾ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵਾਂ ਪਾਰਟੀਆਂ ਦਾ ਗਠਜੋੜ ਪੰਜਾਬ ਦੀ ਬਿਹਤਰੀ, ਨੌਜਵਾਨਾਂ ਦੇ ਭਵਿੱਖ ਅਤੇ ਸੂਬੇ ਦੀ ਆਰਥਿਕ ਤਰੱਕੀ ਲਈ ਸਾਂਝੇ ਯਤਨਾਂ ਦਾ ਰਾਹ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਸ਼ਾ ਮੁਕਤੀ, ਰੁਜ਼ਗਾਰ ਦੇ ਮੌਕੇ, ਕਿਸਾਨਾਂ ਦੀ ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਗਠਜੋੜ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਯਤਨ ਕਰੇਗਾ।