- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਹਾਈ ਸਕੂਲ ਦੌਲੇਵਾਲਾ

ਗੁਰਦੇਵ ਮਨੇਸ ਪੰਜਾਬੀ ਜਾਗਰਣ ਕੋਟ ਈਸੇ ਖਾਂ : ਸਰਕਾਰੀ ਹਾਈ ਸਕੂਲ ਦੌਲੇਵਾਲਾ ਮਾਇਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਰਮਨਦੀਪ ਕੌਰ, ਹਿੰਦੀ ਮਿਸਟ੍ਰੈਸ ਦੀ ਅਗਵਾਈ ਹੇਠ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਸਵੇਰ ਦੀ ਸਭਾ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਾ ਮਨੁੱਖ ਦੀ ਸਿਹਤ, ਪਰਿਵਾਰਕ ਜੀਵਨ ਅਤੇ ਸਮਾਜਿਕ ਰਿਸ਼ਤਿਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਨਸ਼ੇ ਦੀ ਲਤ ਕਾਰਨ ਵਿਅਕਤੀ ਨੂੰ ਆਰਥਿਕ ਅਤੇ ਸਮਾਜਿਕ ਪੱਖੋਂ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਸਾਡੀ ਜ਼ਿੰਦਗੀ ਨੂੰ ਘੁਣ ਵਾਂਗ ਖਾ ਰਿਹਾ ਹੈ, ਇਸ ਲਈ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗੀ ਸੋਚ ਦੇ ਧਾਰਨੀ ਬਣਨ, ਪੜ੍ਹਾਈ ਵਿੱਚ ਮਿਹਨਤ ਕਰਨ ਅਤੇ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਣ ਵੀ ਦਿਵਾਇਆ ਕਿ ਉਹ ਖ਼ੁਦ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਆਸ-ਪਾਸ ਕੋਈ ਨਸ਼ਾ ਵੇਚਦਾ ਹੈ ਜਾਂ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਹੈ ਤਾਂ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰਕੇ ਇਸ ਬੁਰਾਈ ਨੂੰ ਰੋਕਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਵੱਲੋਂ ਰੋਲ ਪਲੇਅ ਅਤੇ ਨੁੱਕੜ ਨਾਟਕ ਪੇਸ਼ ਕਰਕੇ ਨਸ਼ਿਆਂ ਦੇ ਮਾੜੇ ਨਤੀਜਿਆਂ ਨੂੰ ਦਰਸਾਇਆ ਗਿਆ। ਇਸ ਤੋਂ ਇਲਾਵਾ ਭਾਸ਼ਣ, ਪੇਂਟਿੰਗ, ਸਲੋਗਨ ਲਿਖਣ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਸੁਨੇਹਾ ਦਿੱਤਾ। ਇਸ ਮੌਕੇ ਰਮਨਦੀਪ ਕੌਰ ਤੋਂ ਇਲਾਵਾ ਪਰਮਜੀਤ ਕੌਰ, ਮਾਸਟਰ ਸਵਰਨਜੀਤ ਸਿੰਘ, ਮਾਸਟਰ ਜੀਵਨ ਸਿੰਘ, ਮੋਹਨਪ੍ਰੀਤ ਮਾਨ ਅਤੇ ਹਰਪ੍ਰੀਤ ਕੌਰ ਹਾਜ਼ਰ ਸਨ।