- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਦੇ ਖ਼ਾਤਮੇ ਅਤੇ ਨੌਜਵਾਨਾਂ

ਵਿਧਾਇਕ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਲੋਕਾਂ ਦਾ ਸਹਿਯੋਗ ਮੰਗਿਆ
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਨਸ਼ਿਆਂ ਦੇ ਖ਼ਾਤਮੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਕ ਅਹਿਮ ਮੀਟਿੰਗ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਬਿਲਾਸਪੁਰ ਨੇ ਕਿਹਾ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਇਕ ਬਹੁਤ ਵਧੀਆ ਪਲੇਟਫਾਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਹੁਣ ਆਪਣੇ ਆਖਰੀ ਪੜਾਅ ਵਿਚ ਪਹੁੰਚ ਚੁੱਕੀ ਹੈ ਸਰਕਾਰ ਅਤੇ ਪ੍ਰਸ਼ਾਸਨ ਵੱਡੇ ਪੱਧਰ ’ਤੇ ਨਸ਼ਾ ਸਮਗਲਰਾਂ ਨੂੰ ਫੜ ਕੇ ਜੇਲ੍ਹਾਂ ਵਿਚ ਸੁੱਟ ਰਿਹਾ ਹੈ ਉੱਥੇ ਹੀ ਨਸ਼ਾ ਕਰਨ ਵਾਲੇ ਨੌਜਵਾਨਾਂ ਨਸ਼ਾ ਛਡਾਊ ਕੇਂਦਰਾਂ ਵਿਚ ਭਰਤੀ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਵੀ ਇਸ ਵਿਚ ਆਪਣੀ ਭੂਮਿਕਾ ਨਿਭਾਉਣੀ ਪਵੇਗੀ ਤਾਂ ਕਿ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰੋਜ਼ਗਾਰ ਦੇ ਮੌਕਿਆਂ ਨਾਲ ਜੋੜ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਐੱਸਡੀਐੱਮ ਗਗਨਦੀਪ ਪੀਸੀਐੱਸ ਨੇ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਅਤੇ ਲੋਕਾਂ ਦੀ ਭਾਗੀਦਾਰੀ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਸਬੰਧੀ ਕਿਸੇ ਵੀ ਸਮੱਸਿਆ ਨੂੰ ਲੈ ਕੇ ਲੋਕ ਪ੍ਰਸ਼ਾਸਨ ਨਾਲ ਸੰਪਰਕ ਕਰਨ ਅਤੇ ਨਸ਼ਾ ਮੁਕਤੀ ਸਬੰਧੀ ਉਪਲਬਧ ਸਹੂਲਤਾਂ ਦਾ ਲਾਭ ਲੈਣ। ਐੱਸਐੱਚਓ ਰਣਜੀਤ ਸਿੰਘ ਢੀਂਡਸਾ ਨੇ ਪੁਲਿਸ ਪ੍ਰਸ਼ਾਸ਼ਨ ਤਰਫੋਂ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਸਹੀ ਜਾਣਕਾਰੀ ਦੇਣ ਅਤੇ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਕਿਹਾ। ਚੇਅਰਮੈਨ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡ ਪੱਧਰ ’ਤੇ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਾਪਿਆਂ, ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਦੇ ਸਾਂਝੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਮਜ਼ਬੂਤ ਮਾਹੌਲ ਸਿਰਜਿਆ ਜਾ ਸਕਦਾ ਹੈ। ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸਰਪੰਚ ਦੀਪ ਦਾਰਾਪੁਰ, ਹਲਕਾ ਕੋਆਰਡੀਨੇਟਰ ਸਰਪੰਚ ਰਾਜਪਾਲ ਸਿੰਘ ਰਣੀਆਂ ਅਤੇ ਸਰਪੰਚ ਹਰਦੀਪ ਸਿੰਘ ਤਖਤੂਪੁਰਾ ਨੇ ਵੀ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਵਧਾਉਣ, ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਇਸ ਮੁਹਿੰਮ ਨਾਲ ਜੋੜਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਮੀਟਿੰਗ ਵਿਚ ਚੇਅਰਮੈਨ ਅਤੇ ਜਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ, ਬੀਡੀਪੀਓ ਨਿਹਾਲ ਸਿੰਘ ਵਾਲਾ ਅਤੇ ਵੀਡੀਸੀ ਮੈਂਬਰਾਂ, ਸਰਪੰਚਾਂ, ਪੰਚਾਂ ਨੇ ਵੀ ਸ਼ਿਰਕਤ ਕੀਤੀ।