- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਗੋਲੀਕਾਂਡ ਪਿੱਛੇ ਪੁਰਾਣੀ ਰੰਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਅੱਗੇ ਵਧਾ ਰਹੀ ਹੈ। ਘਟਨਾ ਸਥਾਨ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ ਵਿੱਚ ਮੁਲਜ਼ਮਾਂ ਦੀਆਂ ਗਤੀਵਿਧੀਆਂ ਦਾ ਪਤਾ ਲਗਾਇਆ ਜਾ ਸਕੇ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਹੋਏ ਸਨਸਨੀਖੇਜ਼ ਗੋਲੀਕਾਂਡ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸੋਮਵਾਰ ਨੂੰ ਘਟਨਾ ਸਥਾਨ ’ਤੇ ਪਹੁੰਚੇ। ਉਨ੍ਹਾਂ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਾਰਦਾਤ ਨਾਲ ਜੁੜੇ ਹੋਰ ਪਹਿਲੂਆਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਗੋਲੀਕਾਂਡ ਪਿੱਛੇ ਪੁਰਾਣੀ ਰੰਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਅੱਗੇ ਵਧਾ ਰਹੀ ਹੈ। ਘਟਨਾ ਸਥਾਨ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ ਵਿੱਚ ਮੁਲਜ਼ਮਾਂ ਦੀਆਂ ਗਤੀਵਿਧੀਆਂ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਹਮਲੇ ਵਿੱਚ ਕੌਣ-ਕੌਣ ਸ਼ਾਮਲ ਸੀ ਅਤੇ ਵਾਰਦਾਤ ਨੂੰ ਕਿਸ ਤਰ੍ਹਾਂ ਅੰਜਾਮ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਅੰਗਦਪੁਰਾ ਮੁਹੱਲੇ ਵਿੱਚ ਘਰ ਦੇ ਬਾਹਰ ਖੜ੍ਹੇ ਨੌਜਵਾਨਾਂ ’ਤੇ ਕਾਲੀ ਸਕਾਰਪੀਓ ਵਿੱਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਕਈ ਨੌਜਵਾਨ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ ਸਨ, ਜਦਕਿ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ ਅਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।
ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਡੀਜੀਪੀ ਦਾ ਮੌਕੇ ’ਤੇ ਪਹੁੰਚਣਾ ਪੁਲਿਸ ਦੀ ਕਾਰਵਾਈ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਪੁਲਿਸ ਹੁਣ ਸੀਸੀਟੀਵੀ ਫੁਟੇਜ, ਚਸ਼ਮਦੀਦਾਂ ਦੇ ਬਿਆਨਾਂ ਅਤੇ ਹੋਰ ਉਪਲਬਧ ਸਬੂਤਾਂ ਦੇ ਆਧਾਰ ’ਤੇ ਪੂਰੀ ਵਾਰਦਾਤ ਦੀਆਂ ਕੜੀਆਂ ਜੋੜਨ ਵਿੱਚ ਜੁਟੀ ਹੋਈ ਹੈ। ਅਧਿਕਾਰੀਆਂ ਅਨੁਸਾਰ, ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।