ਮਾਣ ਭੱਤਾ ਦੁੱਗਣਾ ਕਰਨ ਦੀ ਮੰਗ ਨੂੰ ਲੈ ਕੇ ਵਿਧਾਇਕ ਦੀ ਕੋਠੀ ਅੱਗੇ ਧਰਨਾ ਆਲ ਇੰਡੀਆ ਆਂਗਣਵਾੜੀ ਵਰਕਰ
Publish Date: Wed, 07 Oct 2026 07:03 PM (IST)
Updated Date: Wed, 07 Oct 2026 07:05 PM (IST)
ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਨਿੱਜੀ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ (ਏਟਕ) ਪੰਜਾਬ ਦੇ ਸੱਦੇ ’ਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂ ਗੁਰਚਰਨ ਕੌਰ ਮੋਗਾ ਅਤੇ ਬਲਵਿੰਦਰ ਕੌਰ ਖੋਸਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਵਿਚ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਉਸ ਸਮੇਂ ਸਿਰਫ਼ ਵਾਅਦੇ ਹੀ ਨਹੀਂ, ਸਗੋਂ ਲੋਕਾਂ ਨਾਲ ‘ਗਾਰੰਟੀ’ ਦੇਣ ਦੀ ਗੱਲ ਕੀਤੀ ਗਈ ਸੀ। ਇਸੇ ਆਸ ਨਾਲ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਵੀ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਆਪਣਾ ਪੂਰਾ ਯੋਗਦਾਨ ਪਾਇਆ ਸੀ। ਆਗੂਆਂ ਨੇ ਕਿਹਾ ਕਿ ਸਰਕਾਰ ਬਣਿਆਂ ਸਾਢੇ ਚਾਰ ਸਾਲ ਦੇ ਕਰੀਬ ਸਮਾਂ ਬੀਤ ਚੁੱਕਾ ਹੈ, ਪਰ ਇਸ ਦੇ ਬਾਵਜੂਦ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਬੱਚਿਆਂ, ਮਹਿਲਾਵਾਂ ਤੇ ਪਰਿਵਾਰਾਂ ਨਾਲ ਸਿੱਧੇ ਤੌਰ ’ਤੇ ਜੁੜ ਕੇ ਆਪਣੀਆਂ ਸੇਵਾਵਾਂ ਨਿਭਾ ਰਹੀਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਦੇ ਮੁਕਾਬਲੇ ਯੋਗ ਮਾਣ ਭੱਤਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕੀਤਾ ਹੈ। ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਭਰੋਸੇ ਦਿੱਤੇ ਜਾਂਦੇ ਰਹੇ ਹਨ, ਪਰ ਮੰਗਾਂ ਦੇ ਪੱਕੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਆਂਗਣਵਾੜੀ ਵਰਕਰ ਅਤੇ ਹੈਲਪਰ ਸਰਕਾਰ ਦੇ ਭਰੋਸਿਆਂ ਨਾਲ ਸੰਤੁਸ਼ਟ ਹੋਣ ਵਾਲੇ ਨਹੀਂ ਹਨ। ਜੇਕਰ ਉਨ੍ਹਾਂ ਦਾ ਮਾਣ ਭੱਤਾ ਜਲਦੀ ਤੋਂ ਜਲਦੀ ਦੁੱਗਣਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਇਸ ਦੀ ਪੂਰੀ ਜ਼ਿੰਮੇਵਾਰੀ ਲੈਣੀ ਪਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੋਗਾ ਸ਼ਿੰਦਰ ਕੌਰ ਦੁੱਨੇਕੇ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਭਰੇ ਗਏ ਫਾਰਮਾਂ ਦਾ ਮਿਹਨਤਾਨਾ ਵੀ ਅਜੇ ਤੱਕ ਉਨ੍ਹਾਂ ਨੂੰ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਪ੍ਰਤੀ ਫਾਰਮ 25 ਰੁਪਏ ਦੇ ਹਿਸਾਬ ਨਾਲ ਮਿਹਨਤਾਨਾ ਦੇਣ ਦੀ ਗੱਲ ਕਹੀ ਗਈ ਸੀ। ਉਨ੍ਹਾਂ ਮੰਗ ਕੀਤੀ ਕਿ ਵਰਕਰਾਂ ਵੱਲੋਂ ਕੀਤੇ ਗਏ ਕੰਮ ਦਾ ਬਣਦਾ ਮਿਹਨਤਾਨਾ ਬਿਨਾਂ ਹੋਰ ਦੇਰੀ ਦੇ ਤੁਰੰਤ ਜਾਰੀ ਕੀਤਾ ਜਾਵੇ। ਸ਼ਿੰਦਰ ਕੌਰ ਦੁੱਨੇਕੇ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੋਂ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਲਗਾਤਾਰ ਕੰਮ ਲਿਆ ਜਾਂਦਾ ਹੈ, ਪਰ ਕੰਮ ਦੇ ਬਦਲੇ ਮਿਹਨਤਾਨਾ ਦੇਣ ਵਿੱਚ ਦੇਰੀ ਕਰਨਾ ਵਰਕਰਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਰਾਹੀਂ ਛੋਟੇ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਦੀ ਅਹਿਮ ਭੂਮਿਕਾ ਹੈ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨੂੰ ਲੰਬੇ ਸਮੇਂ ਤੱਕ ਲਟਕਾਉਣਾ ਸਰਕਾਰ ਦੀ ਨੀਤੀ ’ਤੇ ਸਵਾਲ ਖੜ੍ਹੇ ਕਰਦਾ ਹੈ। ਧਰਨੇ ਨੂੰ ਰਜਵੰਤ ਕੌਰ ਦੁੱਨੇਕੇ, ਸਰਬਜੀਤ ਕੌਰ ਡਾਲਾ, ਗੁਰਮੀਤ ਕੌਰ, ਰਾਜਵਿੰਦਰ ਕੌਰ ਜਲਾਲਾਬਾਦ, ਚਰਨਜੀਤ ਕੌਰ ਨਿਹਾਲ ਸਿੰਘ ਵਾਲਾ, ਬਿਮਲਜੀਤ ਕੌਰ ਦੀਨਾ, ਕਿਰਨਜੀਤ ਕੌਰ ਚੁਗਾਵਾਂ, ਹਰਵਿੰਦਰ ਕੌਰ, ਗੁਰਦੀਪ ਕੌਰ, ਨਸੀਬ ਕੌਰ ਅਤੇ ਜਗਦੀਸ਼ ਸਿੰਘ ਚਾਹਲ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਪੂਰਾ ਕੀਤਾ ਜਾਵੇ ਅਤੇ ਲੰਬਿਤ ਮਿਹਨਤਾਨੇ ਤੁਰੰਤ ਜਾਰੀ ਕੀਤੇ ਜਾਣ। ਧਰਨੇ ਦੇ ਅੰਤ ਵਿਚ ਹਲਕਾ ਮੋਗਾ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਵੱਲੋਂ ਆਂਗਣਵਾੜੀ ਯੂਨੀਅਨ ਦੇ ਆਗੂਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਗਿਆ। ਵਿਧਾਇਕ ਨੇ ਆਗੂਆਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਸਰਕਾਰ ਅਤੇ ਸਬੰਧਤ ਵਿਭਾਗ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਮੰਗਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਵਿਧਾਇਕ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਧਰਨਾ ਸਮਾਪਤ ਕਰ ਦਿੱਤਾ।