- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ

ਮੋਗਾ ’ਚ ਹਰਜੋਤ ਕਮਲ ਦੀ ਅਗਵਾਈ ਹੇਠ ਕੱਢਿਆ ਰੋਸ ਮਾਰਚ
ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਚਿੰਤਾਵਾਂ ਵਧਦੀਆਂ ਜਾ ਰਹੀਆਂ ਹਨ। ਹਾਲ ਹੀ ਵਿਚ ਹੁਸ਼ਿਆਰਪੁਰ ਦੇ ਨੂਰਪੁਰ ਜੱਟਾਂ ਅਤੇ ਅੰਮ੍ਰਿਤਸਰ ਵਿਚ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਦਕਰ ਦੀਆਂ ਪ੍ਰਤਿਮਾਵਾਂ ਨਾਲ ਕੀਤੀ ਗਈ ਤੋੜਫੋੜ ਨੇ ਸੂਬੇ ਭਰ ਵਿਚ ਗੁੱਸੇ ਦੀ ਲਹਿਰ ਪੈਦਾ ਕਰ ਦਿੱਤੀ ਹੈ। ਇਸ ਮਾਮਲੇ ’ਤੇ ਰਾਜਨੀਤਿਕ ਪਾਰਟੀਆਂ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਤਿੱਖੀ ਪ੍ਰਤੀਕ੍ਰਿਆ ਸਾਹਮਣੇ ਆ ਰਹੀ ਹੈ। ਇਸੇ ਸਿਲਸਿਲੇ ਵਿਚ ਮੋਗਾ ਵਿਚ ਭਾਰਤੀ ਜਨਤਾ ਪਾਰਟੀ ਵੱਲੋਂ ਇਕ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਪ੍ਰਦੇਸ਼ ਮਹਾਮੰਤਰੀ ਅਨਿਲ ਸਰੀਨ ਅਤੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਭਾਜਪਾ ਵਰਕਰਾਂ ਨੇ ਭਾਗ ਲਿਆ। ਪ੍ਰਦੇਸ਼ ਮਹਾਮੰਤਰੀ ਅਨਿਲ ਸਰੀਨ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਅੰਬੇਦਕਰ ਦੀਆਂ ਪ੍ਰਤਿਮਾਵਾਂ ਦੀ ਸੁਰੱਖਿਆ ਕਰਨ ਵਿਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇਸ ਤਰ੍ਹਾਂ ਦੀ ਨੌਂਵੀ ਘਟਨਾ ਹੈ, ਜੋ ਸੂਬੇ ਵਿਚ ਖ਼ਰਾਬ ਕਾਨੂੰਨ-ਵਿਵਸਥਾ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਹ ਘਟਨਾਵਾਂ ਸਿਰਫ਼ ਤੋੜਫੋੜ ਨਹੀਂ, ਸਗੋਂ ਸਮਾਜ ਵਿਚ ਫੁੱਟ ਪੈਦਾ ਕਰਨ ਅਤੇ ਦਲਿਤ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਦੀ ਇਕ ਸੋਚੀ-ਸਮਝੀ ਸਾਜ਼ਿਸ਼ ਹੈ। ਅਨਿਲ ਸਰੀਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਵੰਡ ਪੈਦਾ ਕਰਨ ਵਾਲੀਆਂ ਤਾਕਤਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਕੁੱਝ ਵਿਦੇਸ਼ੀ ਤੱਤ ਵੀ ਪੰਜਾਬ ਦੀ ਅਮਨ-ਸ਼ਾਂਤੀ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਕਈ ਵਾਰ ਸੁਰੱਖਿਆ ਸੰਸਥਾਵਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕਿਹਾ ਕਿ ਰਾਜ ਸਰਕਾਰ ਇਸ ਮਾਮਲੇ ਵਿਚ ਕੋਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਨੇ ਬੇਅਦਬੀ ਖ਼ਿਲਾਫ਼ ਕਾਨੂੰਨ ਬਣਾਉਣ ਵਿਚ ਵੀ ਸਰਕਾਰ ਦੀ ਸੁਸਤੀ ’ਤੇ ਸਵਾਲ ਉਠਾਏ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਡਾ. ਬੀਆਰ ਅੰਬੇਦਕਰ ਨੂੰ ਵਿਸ਼ਵ ਪੱਧਰ ’ਤੇ ਮਾਣ-ਸਨਮਾਨ ਦਿੱਤਾ ਹੈ ਅਤੇ ਪੰਚ ਤੀਰਥ ਦੇ ਰੂਪ ਵਿਚ ਉਨ੍ਹਾਂ ਨਾਲ ਜੁੜੇ ਮਹੱਤਵਪੂਰਨ ਸਥਾਨਾਂ ਦਾ ਵਿਕਾਸ ਕੀਤਾ ਹੈ। ਨਾਲ ਹੀ, ਸਮਾਰਕ ਸਿੱਕੇ ਜਾਰੀ ਕਰਨ ਅਤੇ ਭੀਮ ਐਪ ਰਾਹੀਂ ਉਨ੍ਹਾਂ ਦੀ ਵਿਰਾਸਤ ਨੂੰ ਆਧੁਨਿਕ ਯੁੱਗ ਨਾਲ ਜੋੜਿਆ ਗਿਆ ਹੈ। ਭਾਜਪਾ ਵਰਕਰਾਂ ਵੱਲੋਂ ਜ਼ਿਲ੍ਹਾ ਦਫ਼ਤਰ ਤੋਂ ਪੈਦਲ ਮਾਰਚ ਕੱਢਿਆ ਗਿਆ, ਜੋ ਜ਼ਿਲ੍ਹਾ ਕੰਪਲੈਕਸ ਤੱਕ ਪਹੁੰਚਿਆ। ਉੱਥੇ ਡਾ. ਬੀਆਰ ਅੰਬੇਦਕਰ ਦੀ ਪ੍ਰਤਿਮਾ ’ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਦਿੱਤੀ ਗਈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਦੁਹਰਾਈ ਗਈ। ਇਸ ਪ੍ਰਦਰਸ਼ਨ ਵਿਚ ਕਈ ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਸ਼ਾਮਲ ਹੋਏ। ਮਾਹੌਲ ਨਾਅਰੇਬਾਜ਼ੀ ਨਾਲ ਗੂੰਜਦਾ ਰਿਹਾ ਅਤੇ ਸਰਕਾਰ ਖ਼ਿਲਾਫ਼ ਭਾਰੀ ਰੋਸ ਦੇਖਣ ਨੂੰ ਮਿਲਿਆ। ਅੰਬੇਦਕਰ ਦੀਆਂ ਪ੍ਰਤਿਮਾਵਾਂ ਨਾਲ ਹੋ ਰਹੀਆਂ ਲਗਾਤਾਰ ਘਟਨਾਵਾਂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਲੋਕਾਂ ਵਿਚ ਵਧਦੇ ਗੁੱਸੇ ਦੇ ਮੱਦੇਨਜ਼ਰ ਹੁਣ ਸਭ ਦੀਆਂ ਨਜ਼ਰਾਂ ਸਰਕਾਰ ’ਤੇ ਹਨ ਕਿ ਉਹ ਇਸ ਮਾਮਲੇ ਵਿਚ ਕਿਹੜੇ ਠੋਸ ਅਤੇ ਸਖ਼ਤ ਕਦਮ ਚੁੱਕਦੀ ਹੈ।