ਪੈਨਸ਼ਨਰਾਂ ਨੇ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਕੀਤਾ ਐਲਾਨ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਐਂਡ
Publish Date: Thu, 10 Sep 2026 04:26 PM (IST)
Updated Date: Thu, 10 Sep 2026 04:28 PM (IST)
ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਕੀਤੀ ਮੰਗ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਐਂਡ ਟਰਾਂਸਕੋ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਮੀਟਿੰਗ ਰੈਸਟ ਹਾਊਸ ਮੋਗਾ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਸਾਥੀ ਬਲੌਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰ ਸਾਥੀਆਂ ਅਤੇ ਫੈਮਲੀ ਪੈਨਸ਼ਨਰਾਂ ਨੇ ਸ਼ਮੂਲੀਅਤ ਕਰਦਿਆਂ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸਰਕਾਰ ਵੱਲੋਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਐਸੋਸੀਏਸ਼ਨ ਦੇ ਸਕੱਤਰ ਸਾਥੀ ਬਲਵਿੰਦਰ ਸਿੰਘ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਚੱਲ ਰਹੇ ਸੰਘਰਸ਼ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ 7 ਅਗਸਤ 2026 ਨੂੰ ਚੰਡੀਗੜ੍ਹ ਦੇ ਸੈਕਟਰ-39 ਸਥਿਤ ਦਾਣਾ ਮੰਡੀ ਵਿਖੇ ਲੱਖਾਂ ਦੀ ਗਿਣਤੀ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਮਹਾਰੈਲੀ ਕੀਤੀ ਗਈ ਸੀ। ਇਸ ਰੈਲੀ ਦੌਰਾਨ ਸਰਕਾਰ ਵਿਰੁੱਧ ਅਗਲੇ ਪੜਾਅ ਦੇ ਸੰਘਰਸ਼ ਦਾ ਐਲਾਨ ਵੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਤਹਿਤ 27 ਅਗਸਤ ਨੂੰ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਹੜਤਾਲ ਕਰਨ ਅਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 27 ਅਗਸਤ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਵੱਲੋਂ ਮੀਟਿੰਗ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸਾਥੀ ਬਲੌਰ ਸਿੰਘ ਨੇ ਕਿਹਾ ਕਿ ਮਾਨਯੋਗ ਹਾਈ ਕੋਰਟ ਦੇ ਸਿੰਗਲ ਬੈਂਚ ਅਤੇ ਡਬਲ ਬੈਂਚ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀਏ ਦੀਆਂ ਬਕਾਇਆ ਕਿਸ਼ਤਾਂ ਅਤੇ ਡੀਏ ਦਾ ਏਰੀਅਰ ਦੇਣ ਲਈ 31 ਅਗਸਤ 2026 ਤੱਕ ਦਾ ਸਮਾਂ ਦਿੱਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਇਸ ਮਾਮਲੇ ਵਿਚ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਾਈ ਕੋਰਟ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਜਾਣਾ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਅੱਗੇ ਕਿਹਾ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ 60 ਫੀਸਦੀ ਡੀਏ ਦੇਣ ਦਾ ਐਲਾਨ ਕਰਕੇ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਵੰਡ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਕਿਸੇ ਵੀ ਹਾਲਤ ਵਿਚ ਪ੍ਰਵਾਨ ਨਹੀਂ ਕਰਨਗੇ। ਇਸ ਮੌਕੇ ਸਾਥੀ ਜਗੀਰ ਸਿੰਘ, ਸਾਥੀ ਪਰਗਟ ਸਿੰਘ ਅਤੇ ਸਾਥੀ ਰਣਜੀਤ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵੱਲੋਂ ਹਾਈ ਕੋਰਟ ਦੇ ਫੈਸਲੇ ਨੂੰ ਇਨ-ਬਿਨ ਲਾਗੂ ਨਾ ਕੀਤਾ ਗਿਆ 31 ਦਸੰਬਰ 2015 ਤੋਂ ਪਹਿਲਾਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਦੀ ਪੈਨਸ਼ਨ ਨੂੰ 2.59 ਦੇ ਫੈਕਟਰ ਨਾਲ ਸੋਧਣ ਦੀ ਮੰਗ ਨਾ ਮੰਨੀ ਗਈ, ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕੀਤੀ ਗਈ ਅਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਤਾਲਮੇਲ ਕਮੇਟੀ ਪੰਜਾਬ ਦੇ ਪ੍ਰੋਗਰਾਮ ਤਹਿਤ 8 ਸਤੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਗਈ। ਇਸ ਤੋਂ ਇਲਾਵਾ 12, 13, 19 ਅਤੇ 20 ਸਤੰਬਰ ਨੂੰ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਹੈ। 30 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁਲਾਜ਼ਮ ਸੈਸ਼ਨ ਕਰਵਾ ਕੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਸੱਦਾ ਪੱਤਰ ਦੇ ਕੇ ਸਵਾਲ-ਜਵਾਬ ਕੀਤੇ ਜਾਣਗੇ। 10 ਅਕਤੂਬਰ ਨੂੰ ਸੰਗਰੂਰ ਵਿਖੇ ਮਹਾਰੈਲੀ ਕੀਤੀ ਜਾਵੇਗੀ ਜਦਕਿ 21 ਅਤੇ 22 ਅਕਤੂਬਰ ਨੂੰ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਕੰਮ ਬੰਦ ਰੱਖਣਗੇ। ਇਸ ਮੌਕੇ ਸਾਥੀ ਰੇਸ਼ਮ ਸਿੰਘ, ਸਾਥੀ ਪ੍ਰੀਤਮ ਸਿੰਘ ਅਤੇ ਸਾਥੀ ਕੁਲਦੀਪ ਕੁਮਾਰ ਨੇ ਸਮੂਹ ਪੈਨਸ਼ਨਰ ਸਾਥੀਆਂ ਨੂੰ ਅਪੀਲ ਕੀਤੀ ਕਿ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਜਥੇਬੰਦੀ ਵੱਲੋਂ ਉਲੀਕੇ ਗਏ ਸੰਘਰਸ਼ਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਕਜੁੱਟ ਹੋ ਕੇ ਹੀ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਈਆਂ ਜਾ ਸਕਦੀਆਂ ਹਨ। ਮੀਟਿੰਗ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਡੀਸੀ ਦਫ਼ਤਰਾਂ ਅੱਗੇ ਲਾਏ ਜਾ ਰਹੇ ਪੱਕੇ ਮੋਰਚਿਆਂ ਅਤੇ ਐੱਸਕੇਐੱਮ ਵੱਲੋਂ ਚੰਡੀਗੜ੍ਹ ਵਿਖੇ ਲਾਏ ਗਏ ਪੱਕੇ ਮੋਰਚੇ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਜ਼ੋਰਦਾਰ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਮੁਲਾਜ਼ਮਾਂ ਦੇ ਸੰਘਰਸ਼ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਜਾਂਦਾ ਹੈ ਅਤੇ ਭਵਿੱਖ ਵਿਚ ਵੀ ਕਿਸਾਨਾਂ ਦੇ ਸੰਘਰਸ਼ਾਂ ਵਿਚ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਮੀਟਿੰਗ ਵਿਚ ਸਾਥੀ ਤਰਸੇਮ ਲਾਲ, ਸਾਥੀ ਪ੍ਰੀਤਮ ਸਿੰਘ, ਸਾਥੀ ਦਲੀਪ ਸਿੰਘ, ਸਾਥੀ ਲਖਵੀਰ ਸਿੰਘ, ਸਾਥੀ ਪਿਆਰਾ ਸਿੰਘ, ਸਾਥੀ ਤਰਸੇਮ ਸਿੰਘ, ਸ਼ਿੰਦਰ ਪਾਲ ਕੌਰ, ਪਰਮਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਅਤੇ ਫੈਮਲੀ ਪੈਨਸ਼ਨਰ ਹਾਜ਼ਰ ਸਨ।