- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਦੇ ਜਰਨਲ

ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਮੋਗਾ/ਨਿਹਾਲ ਸਿੰਘ ਵਾਲਾ: ਭਾਰਤੀ ਜਨਤਾ ਪਾਰਟੀ ਦੇ ਜਰਨਲ ਸਕੱਤਰ ਐੱਸਪੀ ਸੰਧੂ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਹਾੜ੍ਹੀ ਦੇ ਸੀਜ਼ਨ 2026-27 ਦੀਆਂ ਫਸਲਾਂ ਲਈ 62,370 ਕਰੋੜ ਰੁਪਏ ਦੀ ਖਾਦ ਸਬਸਿਡੀ ਮਨਜ਼ੂਰ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਐੱਸਪੀ ਸੰਧੂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਕਿਸਾਨਾਂ ਨੂੰ ਵਾਜਬ ਕੀਮਤਾਂ 'ਤੇ ਖਾਦ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਕਿਸਾਨਾਂ ਨੂੰ ਫਸਲਾਂ ਦੀ ਬਿਜਾਈ ਸਮੇਂ ਖਾਦ ਦੀ ਨਿਰਵਿਘਨ ਸਪਲਾਈ ਅਤੇ ਵਾਜਬ ਕੀਮਤਾਂ 'ਤੇ ਖਾਦ ਮਿਲਣਾ ਬੇਹੱਦ ਜ਼ਰੂਰੀ ਹੈ। ਕੌਮਾਂਤਰੀ ਬਾਜ਼ਾਰ ਵਿਚ ਖਾਦਾਂ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਦੇ ਬਾਵਜੂਦ ਕਿਸਾਨਾਂ 'ਤੇ ਵਾਧੂ ਆਰਥਿਕ ਬੋਝ ਨਾ ਪਵੇ ਇਸ ਲਈ ਕੇਂਦਰ ਸਰਕਾਰ ਵੱਲੋਂ 62,370 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ ਕੀਤੀ ਗਈ ਹੈ। ਐੱਸਪੀ ਸੰਧੂ ਨੇ ਕਿਹਾ ਕਿ ਇਸ ਫੈਸਲੇ ਨਾਲ ਡੀਏਪੀ ਅਤੇ ਐੱਨਪੀਕੇਐੱਸ ਸਮੇਤ ਫਾਸਫੇਟਿਕ ਅਤੇ ਪੋਟਾਸ਼ਿਕ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਸਬਸਿਡੀ 1 ਅਕਤੂਬਰ 2026 ਤੋਂ 31 ਮਾਰਚ 2027 ਤੱਕ ਹਾੜ੍ਹੀ ਦੇ ਸੀਜ਼ਨ ਲਈ ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਲਈ ਖਾਦ ਅਤੇ ਹੋਰ ਜ਼ਰੂਰੀ ਸਮੱਗਰੀ ਵਾਜਬ ਕੀਮਤਾਂ 'ਤੇ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਖਾਦਾਂ ਦੀਆਂ ਕੀਮਤਾਂ ਵਿਚ ਵਾਧੇ ਦਾ ਸਿੱਧਾ ਅਸਰ ਖੇਤੀ ਦੀ ਲਾਗਤ 'ਤੇ ਪੈਂਦਾ ਹੈ ਅਤੇ ਇਸ ਦਾ ਬੋਝ ਆਖਰਕਾਰ ਕਿਸਾਨ ਨੂੰ ਹੀ ਝੱਲਣਾ ਪੈਂਦਾ ਹੈ। ਅਜਿਹੇ ਵਿਚ ਕੇਂਦਰ ਸਰਕਾਰ ਵੱਲੋਂ ਸਬਸਿਡੀ ਲਈ ਵੱਡੀ ਰਕਮ ਮਨਜ਼ੂਰ ਕਰਨਾ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਫੈਸਲਾ ਹੈ। ਐੱਸਪੀ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਖੇਤੀਬਾੜੀ ਖੇਤਰ ਲਈ ਵੱਖ-ਵੱਖ ਯੋਜਨਾਵਾਂ ਰਾਹੀਂ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਫੈਸਲੇ ਦਾ ਲਾਭ ਦੇਸ਼ ਦੇ ਕਿਸਾਨਾਂ ਤੱਕ ਪਹੁੰਚੇਗਾ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਦੌਰਾਨ ਖਾਦਾਂ ਦੀ ਉਪਲਬਧਤਾ ਬਿਹਤਰ ਬਣੀ ਰਹੇਗੀ।