ਮੋਗਾ 'ਚ ਇਤਿਹਾਸਕ ਇਕੱਠ ਦੇਖ ਗਦਗਦ ਹੋਏ ਕੇਜਰੀਵਾਲ; 1 ਦਸੰਬਰ ਤੋਂ ਔਰਤਾਂ ਦੇ ਖਾਤਿਆਂ 'ਚ ਆਉਣਗੇ 1000-1000 ਰੁਪਏ ਕੇਜਰੀਵਾਲ ਨੇ ਕਿਹਾ ਕਿ 26 ਨਵੰਬਰ 2012 ਨੂੰ ਆਮ ਆਦਮੀ ਪਾਰਟੀ ਦਾ ਗਠਨ ਹੋਇਆ ਸੀ। ਇਹ ਇਤਫ਼ਾਕ ਹੈ ਕਿ 26 ਨਵੰਬਰ ਨੂੰ ਹੀ ਦੇਸ਼ ਵਿੱਚ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਯਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸੰਵਿਧਾਨ ਦੀ ਰੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ।
Publish Date: Thu, 26 Nov 2026 02:25 PM (IST)
Updated Date: Thu, 26 Nov 2026 02:26 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੋਗਾ ਵਿੱਚ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਇਕੱਠ ਪਹਿਲਾਂ ਕਦੇ ਨਹੀਂ ਹੋਇਆ। ਉਨ੍ਹਾਂ ਨੇ ਇਕੱਠ ਵਿੱਚ ਪਹੁੰਚੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਪਿਆਰ ਅਤੇ ਭਰੋਸਾ ਸਾਫ਼ ਦਿਖਾਈ ਦੇ ਰਿਹਾ ਹੈ।
ਕੇਜਰੀਵਾਲ ਨੇ ਕਿਹਾ ਕਿ 26 ਨਵੰਬਰ 2012 ਨੂੰ ਆਮ ਆਦਮੀ ਪਾਰਟੀ ਦਾ ਗਠਨ ਹੋਇਆ ਸੀ। ਇਹ ਇਤਫ਼ਾਕ ਹੈ ਕਿ 26 ਨਵੰਬਰ ਨੂੰ ਹੀ ਦੇਸ਼ ਵਿੱਚ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਯਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸੰਵਿਧਾਨ ਦੀ ਰੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਆਉਣ ਵਾਲੇ ਪੰਜ ਸਾਲਾਂ ਵਿੱਚ ਹੋਰ ਵੀ ਗਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਔਰਤਾਂ ਨੂੰ ਹਰ ਮਹੀਨੇ ਇੱਕ-ਇੱਕ ਹਜ਼ਾਰ ਰੁਪਏ ਦੇਣ ਦੇ ਵਾਅਦੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੂੰ ਪੂਰਾ ਕਰਨ ਵਿੱਚ ਚਾਰ ਸਾਲ ਲੱਗ ਗਏ, ਕਿਉਂਕਿ ਪਿਛਲੀਆਂ ਸਰਕਾਰਾਂ ਪੰਜਾਬ ਦਾ ਖਜ਼ਾਨਾ ਖਾਲੀ ਕਰ ਗਈਆਂ ਸਨ।
ਕੇਜਰੀਵਾਲ ਨੇ ਐਲਾਨ ਕੀਤਾ ਕਿ ਪਹਿਲੀ ਦਸੰਬਰ ਨੂੰ ਸਾਰੀਆਂ ਯੋਗ ਔਰਤਾਂ ਦੇ ਖਾਤਿਆਂ ਵਿੱਚ ਇੱਕ-ਇੱਕ ਹਜ਼ਾਰ ਰੁਪਏ ਪਹੁੰਚ ਜਾਣਗੇ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਆਮ ਪਰਿਵਾਰਾਂ ਦਾ ਗੁਜ਼ਾਰਾ ਮੁਸ਼ਕਲ ਹੋ ਗਿਆ ਹੈ ਅਤੇ ਇਹ ਰਕਮ ਪਰਿਵਾਰਾਂ ਨੂੰ ਆਰਥਿਕ ਸਹਾਰਾ ਦੇਵੇਗੀ।
ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕੇਜਰੀਵਾਲ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਨਾਮ ਕਰਨ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾਏ, ਪਰ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਮਜ਼ਬੂਤੀ ਨਾਲ ਪੰਜਾਬ ਦੇ ਲੋਕਾਂ ਲਈ ਕੰਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨਾ ਅਤੇ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਾ ਹੈ।