- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੀਨੀਅਰ

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜਤਿੰਦਰ ਸਿੰਘ ਡੀਐੱਸਪੀ ਸਬ ਡਿਵੀਜ਼ਨ ਮੋਗਾ ਤੇ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਅਧੀਨ ਛਿਲਕਾ ਤੂੜੀ ਵਰਕਰ ਯੂਨੀਅਨ ਮੋਗਾ ਦੇ ਕਿਰਤੀਆਂ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਕਿਰਤੀਆਂ ਨੂੰ ਟਰੈਫਿਕ ਚਿੰਨ੍ਹਾਂ, ਸੜਕ ਸੁਰੱਖਿਆ ਨਿਯਮਾਂ, ਐਮਰਜੈਂਸੀ ਹੈਲਪਲਾਈਨ ਨੰਬਰ 112, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਾਈਬਰ ਠੱਗੀਆਂ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਏਐੱਸਆਈ ਕੇਵਲ ਸਿੰਘ, ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਸੁਰੱਖਿਆ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਹਾਜ਼ਰ ਕਿਰਤੀਆਂ ਨੂੰ ਡਰਾਈਵਿੰਗ ਲਾਇਸੈਂਸ ਬਣਵਾਉਣ, ਵਾਹਨਾਂ ਦੇ ਸਾਰੇ ਦਸਤਾਵੇਜ਼ ਪੂਰੇ ਰੱਖਣ, ਓਵਰਸਪੀਡ ਤੋਂ ਬਚਣ ਅਤੇ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਲਾਜ਼ਮੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ, ਨਾਲ ਹੀ ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਨਸ਼ੇ ਦੀ ਹਾਲਤ ਵਿਚ ਵਾਹਨ ਚਲਾਉਣਾ ਨਾ ਸਿਰਫ਼ ਕਾਨੂੰਨੀ ਉਲੰਘਣਾ ਹੈ, ਸਗੋਂ ਜਾਨਲੇਵਾ ਵੀ ਸਾਬਤ ਹੋ ਸਕਦਾ ਹੈ। ਉਨ੍ਹਾਂ ਨੇ 112 ਹੈਲਪਲਾਈਨ ਨੰਬਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਲੋਕ ਤੁਰੰਤ ਇਸ ਨੰਬਰ ‘ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਆਨਲਾਈਨ ਠੱਗੀਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਬੈਂਕਿੰਗ ਫਰੌਡ, ਓਟੀਪੀ ਸਾਂਝਾ ਕਰਨ ਅਤੇ ਫਰਜ਼ੀ ਲਿੰਕਾਂ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ। ਸਾਈਬਰ ਠੱਗੀ ਦਾ ਸ਼ਿਕਾਰ ਹੋਣ ਦੀ ਸਥਿਤੀ ਵਿਚ ਤੁਰੰਤ 1930 ਹੈਲਪਲਾਈਨ ਨੰਬਰ ‘ਤੇ ਸੰਪਰਕ ਕਰਨ ਲਈ ਕਿਹਾ ਗਿਆ। ਇਸ ਮੌਕੇ ਐੱਸਆਈ ਸੁਖਮੰਦਰ ਸਿੰਘ ਇੰਚਾਰਜ ਟ੍ਰੈਫਿਕ ਸਟਾਫ ਮੋਗਾ, ਯੂਨੀਅਨ ਪ੍ਰਧਾਨ ਜਗਰੂਪ ਸਿੰਘ, ਸੈਕਟਰੀ ਰਾਮ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਕਿਰਤੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਪੁਲਿਸ ਵੱਲੋਂ ਦਿੱਤੇ ਗਏ ਸੰਦੇਸ਼ ਨੂੰ ਹਾਜ਼ਰ ਲੋਕਾਂ ਨੇ ਸਰਾਹਿਆ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਸਹਿਯੋਗ ਦਾ ਭਰੋਸਾ ਦਿੱਤਾ।