- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਭਰ ਦੀਆਂ ਆਸ਼ਾ

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਪੰਜਾਬ ਭਰ ਦੀਆਂ ਆਸ਼ਾ ਵਰਕਰਜ਼ ਅਤੇ ਫੈਸੀਲਿਟੇਟਰਜ਼ ਵਿਚ ਸਰਕਾਰ ਖ਼ਿਲਾਫ਼ ਗੁੱਸਾ ਹੁਣ ਚਰਮ ’ਤੇ ਪਹੁੰਚ ਗਿਆ ਹੈ। ਅੱਜ ਕਾਮਰੇਡ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਦੀ ਇਕ ਵਿਸ਼ੇਸ਼ ਅਤੇ ਵਿਸਥਾਰਤ ਮੀਟਿੰਗ ਕੀਤੀ ਗਈ, ਜਿਸ ਵਿਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿਚ ਆਸ਼ਾ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਪ੍ਰਧਾਨਗੀ ਸਾਂਝੇ ਮੋਰਚੇ ਦੀ ਚੇਅਰਮੈਨ ਸੁੱਖਵਿੰਦਰ ਕੌਰ ਸੁੱਖੀ (ਮਾਨਸਾ) ਵੱਲੋਂ ਕੀਤੀ ਗਈ। ਇਸ ਮੌਕੇ ਚਾਰ ਜੱਥੇਬੰਦੀਆਂ ਦੇ ਕਨਵੀਨਰਾਂ ਅਮਰਜੀਤ ਕੌਰ ਰਣਸਿੰਘ ਵਾਲਾ, ਰਾਣੋ ਖੇੜੀ ਗਿੱਲਾਂ, ਰਹਿੰਦਰ ਕੌਰ ਸ਼ਤਰਾਣਾ ਅਤੇ ਸੰਤੋਸ਼ ਕੁਮਾਰੀ ਫਿਰੋਜ਼ਪੁਰ ਵੱਲੋਂ ਸਰਕਾਰ ਦੀ ਨੀਤੀ ਅਤੇ ਆਸ਼ਾ ਵਰਕਰਾਂ ਪ੍ਰਤੀ ਰਵੱਈਏ ਦੀ ਤਿੱਖੀ ਆਲੋਚਨਾ ਕੀਤੀ ਗਈ। ਆਗੂਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੂਰੇ ਚਾਰ ਸਾਲ ਹੋ ਚੁੱਕੇ ਹਨ ਪਰ ਇਸ ਦੌਰਾਨ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਹਮੇਸ਼ਾ ਨਜ਼ਰਅੰਦਾਜ਼ ਕੀਤਾ ਗਿਆ ਹੈ। ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਲੈ ਕੇ ਵੱਖ-ਵੱਖ ਸਰਕਾਰੀ ਅਦਾਰਿਆਂ ਤੱਕ ਕਈ ਵਾਰ ਮੰਗ ਪੱਤਰ ਸੌਂਪੇ ਗਏ ਪਰ ਹਰ ਵਾਰ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਅਣਡਿੱਠਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਰੈਲੀਆਂ ਅਤੇ ਸਰਕਾਰੀ ਸਮਾਗਮਾਂ ਦੌਰਾਨ ਵੀ ਮੰਗ ਪੱਤਰ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਨਾ ਤਾਂ ਕੋਈ ਢੰਗ ਦੀ ਸੁਣਵਾਈ ਹੋਈ ਅਤੇ ਨਾ ਹੀ ਕੋਈ ਠੋਸ ਕਦਮ ਚੁੱਕਿਆ ਗਿਆ। ਇਸ ਲੰਮੇ ਸਮੇਂ ਦੀ ਅਣਦੇਖੀ ਕਾਰਨ ਵਰਕਰਾਂ ਵਿਚ ਭਾਰੀ ਨਾਰਾਜ਼ਗੀ ਅਤੇ ਨਿਰਾਸ਼ਾ ਪੈਦਾ ਹੋ ਚੁੱਕੀ ਹੈ। ਮੀਟਿੰਗ ਵਿਚ ਇਕਸੁਰ ਹੋ ਕੇ ਫ਼ੈਸਲਾ ਲਿਆ ਗਿਆ ਕਿ ਜੇਕਰ ਜਲਦ ਤੋਂ ਜਲਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪੈਨਲ ਮੀਟਿੰਗ ਕਰਕੇ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ 9 ਅਪ੍ਰੈਲ ਨੂੰ ਧੂਰੀ ਵਿਖੇ ਮੁੱਖ ਮੰਤਰੀ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਲਗਾ ਕੇ ਅਣਮਿਆਦੀ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਇਸ ਮੋਰਚੇ ਦੇ ਨਤੀਜਿਆਂ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ’ਤੇ ਹੋਵੇਗੀ। ਮੀਟਿੰਗ ਵਿਚ ਪੰਜਾਬ ਜਨਰਲ ਸਕੱਤਰ ਬਲਵੀਰ ਕੌਰ ਗਿੱਲ ਲੁਧਿਆਣਾ, ਹਰਦੀਪ ਕੌਰ ਭੁਰਥਲਾ ਮਲੇਰਕੋਟਲਾ, ਸੀਨੀਅਰ ਮੀਤ ਪ੍ਰਧਾਨ ਦੁਰਗੋ ਬਾਈ, ਨੀਲਮ ਰਾਣੀ ਫਾਜ਼ਿਲਕਾ, ਕਮਲਪ੍ਰੀਤ ਕੌਰ ਫਤਿਹਗੜ੍ਹ ਸਾਹਿਬ, ਸ਼ਿੰਦਰਪਾਲ ਕੌਰ, ਨਿੰਦਰ ਕੌਰ ਮੋਗਾ, ਕੁਲਵੰਤ ਕੌਰ ਮੀਆਂਵਿੰਡ, ਹਰਸਿਮਰਤ ਕੌਰ, ਰੁਪਿੰਦਰ ਕੌਰ ਸੰਗਰੂਰ, ਕਿਰਨ ਬਾਲਾ ਫਾਜ਼ਿਲਕਾ ਸਮੇਤ ਕਈ ਹੋਰ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ। ਅਖੀਰ ’ਚ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਸੂਬਾ ਪੱਧਰ ’ਤੇ ਵੱਡਾ ਅੰਦੋਲਨ ਖੜ੍ਹਾ ਕੀਤਾ ਜਾਵੇਗਾ।