ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਆਸ਼ਾ ਵਰਕਰਜ਼ ਤੇ ਫੈਸੀਲਿਟੇਟਰਜ਼ ਦਾ ਫੁੱਟਿਆ ਗੁੱਸਾ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ
Publish Date: Tue, 14 Jul 2026 03:40 PM (IST)
Updated Date: Wed, 15 Jul 2026 04:00 AM (IST)
ਡੀਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ, ਘੜੇ ਭੰਨ ਕੇ ਕੀਤਾ ਪਿੱਟ-ਸਿਆਪਾ, ਚੇਤਾਵਨੀ : ਮੰਗਾਂ ਨਾ ਮੰਨੀਆਂ ਤਾਂ ਸੂਬਾ ਪੱਧਰੀ ਹੋਰ ਤਿੱਖਾ ਅੰਦੋਲਨ ਵਿੱਢਿਆ ਜਾਵੇਗਾ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਆਸ਼ਾ ਵਰਕਰਾਂ ਅਤੇ ਫੈਸੀਲਿਟੇਟਰਜ਼ ਨੇ ਜ਼ਿਲ੍ਹਾ ਚੇਅਰਪਰਸਨ ਸ਼ਿੰਦਰਪਾਲ ਕੌਰ ਮੰਦਰਾਂ, ਜ਼ਿਲ੍ਹਾ ਪ੍ਰਧਾਨ ਸੰਦੀਪ ਕੌਰ ਨੀਤੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਮਨਦੀਪ ਕੌਰ ਰੱਤੂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵਰਕਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਘੜੇ ਭੰਨ ਕੇ ਪਿੱਟ-ਸਿਆਪਾ ਕੀਤਾ। ਇਸ ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਆਸ਼ਾ ਵਰਕਰਾਂ ਨਾਲ ਕੀਤੇ ਵਾਅਦੇ ਅੱਜ ਤੱਕ ਪੂਰੇ ਨਹੀਂ ਕੀਤੇ ਅਤੇ ਸਾਢੇ ਚਾਰ ਸਾਲਾਂ ਤੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਅਹਿਮ ਜ਼ਿੰਮੇਵਾਰੀਆਂ ਨਿਭਾਉਣ ਦੇ ਬਾਵਜੂਦ ਆਸ਼ਾ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਅਤੇ ਹੱਕ ਨਹੀਂ ਮਿਲ ਰਿਹਾ। ਇਸ ਪ੍ਰਦਰਸ਼ਨ ਨੂੰ ਕਈ ਜਥੇਬੰਦੀਆਂ ਦਾ ਭਰਪੂਰ ਸਮਰਥਨ ਮਿਲਿਆ। ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਸਾਹਿਲ, ਪੀਐੱਸਐੱਸਐੱਫ਼ ਦੇ ਸੂਬਾ ਸਕੱਤਰ ਭੁਪਿੰਦਰ ਸਿੰਘ ਸੇਖੋਂ, ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਦੀ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਪੰਜਾਬ ਆਗੂ ਬਲਕਰਨ ਕੌਰ ਅਬੋਹਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬੂਟਾ ਸਿੰਘ ਰਣਸੀਂਹ ਕਲਾਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਅਤੇ ਸੰਘਰਸ਼ ਨੂੰ ਆਪਣਾ ਸਮਰਥਨ ਦਿੱਤਾ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ ਨੇ ਕਿਹਾ ਕਿ ਆਸ਼ਾ ਵਰਕਰਾਂ ਅਤੇ ਫੈਸੀਲਿਟੇਟਰਜ਼ ਨੇ ਸਿਹਤ ਵਿਭਾਗ ਦੀ ਹਰ ਮੁਹਿੰਮ ਨੂੰ ਸਫ਼ਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਮਾਂ ਤੇ ਬੱਚੇ ਦੀ ਸਿਹਤ ਸੰਭਾਲ, ਟੀਕਾਕਰਨ, ਪਰਿਵਾਰ ਭਲਾਈ ਯੋਜਨਾਵਾਂ, ਸਰਕਾਰੀ ਸਕੀਮਾਂ ਦਾ ਪ੍ਰਚਾਰ, ਪਿੰਡਾਂ ਅਤੇ ਸ਼ਹਿਰਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਨਾਲ ਜੋੜਨਾ ਅਤੇ ਹੋਰ ਅਨੇਕਾਂ ਜ਼ਿੰਮੇਵਾਰੀਆਂ ਉਹ ਪੂਰੀ ਇਮਾਨਦਾਰੀ ਨਾਲ ਨਿਭਾ ਰਹੀਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਨਾ ਤਾਂ ਬਣਦਾ ਮਾਣ ਮਿਲ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਦੀ ਮਿਹਨਤ ਅਨੁਸਾਰ ਮਿਹਨਤਾਨਾ ਦਿੱਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮਹਿੰਗਾਈ ਲਗਾਤਾਰ ਵਧ ਰਹੀ ਹੈ ਪਰ ਕੇਵਲ 2500 ਰੁਪਏ ਫਿਕਸ ਭੱਤੇ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਅਸੰਭਵ ਹੋ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਸ਼ਾ ਵਰਕਰਾਂ ਦੇ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਨੂੰ ਰੋਕਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਟਾਲ ਰਹੀ ਹੈ, ਜਿਸ ਕਾਰਨ ਵਰਕਰਾਂ ਵਿਚ ਭਾਰੀ ਰੋਸ ਹੈ। ਯੂਨੀਅਨ ਨੇ ਮੰਗ ਕੀਤੀ ਕਿ ਆਸ਼ਾ ਵਰਕਰਜ਼ ਅਤੇ ਫੈਸੀਲਿਟੇਟਰਜ਼ ਨੂੰ ਘੱਟੋ-ਘੱਟ 28 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ਦੇ ਕੇ ਰੈਗੂਲਰ ਕੀਤਾ ਜਾਵੇ। ਰੈਗੂਲਰ ਹੋਣ ਤੱਕ ਡੀਸੀ ਰੇਟ ਲਾਗੂ ਕੀਤਾ ਜਾਵੇ, ਸੇਵਾਮੁਕਤੀ ਸਮੇਂ ਦੋ ਲੱਖ ਰੁਪਏ ਸਹਾਇਤਾ ਰਾਸ਼ੀ ਅਤੇ ਪੈਨਸ਼ਨ ਦਿੱਤੀ ਜਾਵੇ, ਫਿਕਸ ਭੱਤਾ ਵਧਾ ਕੇ 10 ਹਜ਼ਾਰ ਰੁਪਏ ਕੀਤਾ ਜਾਵੇ, ਕੱਟੇ ਗਏ ਭੱਤੇ ਤੁਰੰਤ ਬਹਾਲ ਕੀਤੇ ਜਾਣ, ਟੂਰ ਮਨੀ ਅਤੇ ਕੇਂਦਰ ਸਰਕਾਰ ਵੱਲੋਂ ਮਿਲਣ ਵਾਲੇ ਭੱਤਿਆਂ ਵਿਚ ਵਾਧਾ ਕੀਤਾ ਜਾਵੇ ਅਤੇ ਆਨਲਾਈਨ ਕੰਮ ਲਈ ਵੱਖਰਾ ਭੱਤਾ ਦਿੱਤਾ ਜਾਵੇ। ਪ੍ਰਦਰਸ਼ਨ ਦੇ ਅੰਤ ਵਿਚ ਮਹਿਲਾ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਅਤੇ ਘੜੇ ਭੰਨ ਕੇ ਪਿੱਟ-ਸਿਆਪਾ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਸੂਬਾ ਪੱਧਰ ਤੇ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਨਿੰਦਰ ਕੌਰ, ਰਮਨਦੀਪ ਕੌਰ, ਰੀਨੂੰ ਬਾਲਾ, ਹਰਵਿੰਦਰ ਕੌਰ, ਜਸਵਿੰਦਰ ਕੌਰ, ਦਲਜੀਤ ਕੌਰ, ਸਿਮਰਜੀਤ ਕੌਰ ਫ਼ਰੀਦਕੋਟ, ਸੁੱਖਪਾਲ ਕੌਰ, ਜੈਤੋ ਦੀ ਜ਼ਿਲ੍ਹਾ ਸਲਾਹਕਾਰ, ਪਰਮਜੀਤ ਕੌਰ ਬਲਾਕ ਪ੍ਰਧਾਨ ਗੁਰੂ ਹਰਸਹਾਏ, ਭੋਲੀ ਰਾਣੀ ਬਲਾਕ ਪ੍ਰਧਾਨ ਕੱਸੋਆਣਾ, ਇੰਦਰਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਆਸ਼ਾ ਵਰਕਰਜ਼ ਅਤੇ ਫੈਸੀਲਿਟੇਟਰਜ਼ ਹਾਜ਼ਰ ਰਹੀਆਂ। ਪ੍ਰਦਰਸ਼ਨ ਦੌਰਾਨ ਮਹਿਲਾ ਵਰਕਰਾਂ ਨੇ ਇਕਜੁੱਟ ਹੋ ਕੇ ਐਲਾਨ ਕੀਤਾ ਕਿ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।