ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਕੀਤਾ ਜਾਗਰੂਕ
ਸਿਵਲ ਸਰਜਨ ਮੋਗਾ ਡਾ ਰਮਨਦੀਪ ਸਿੰਘ
Publish Date: Fri, 24 Apr 2026 03:40 PM (IST)
Updated Date: Sat, 25 Apr 2026 04:01 AM (IST)

ਗੁਰਦੇਵ ਮਨੇਸ ਪੰਜਾਬੀ ਜਾਗਰਣ ਕੋਟ ਈਸੇ ਖਾਂ : ਸਿਵਲ ਸਰਜਨ ਮੋਗਾ ਡਾ ਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਕੋਟ ਈਸੇ ਖਾਂ ਡਾ ਰਿਪੂ ਦਮਨ ਕੌਰ ਦੀ ਅਗਵਾਈ ਹੇਠ ਹਰ ਸ਼ੁੱਕਰਵਾਰ ‘ਡੇਂਗੂ ਤੇ ਵਾਰ’ ਪ੍ਰੋਗਰਾਮ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਹੋਟ ਸਪੋਟ ਇਲਾਕਿਆਂ ਅਤੇ ਇੱਟਾਂ ਦੇ ਭੱਠਿਆਂ ‘ਚ ਜਾ ਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਬਾਰੇ ਜਾਗਰੂਕ ਕੀਤਾ ਗਿਆ। ਟੀਮ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਕਿ ਡੇਂਗੂ ਅਤੇ ਮਲੇਰੀਆ ਮੱਛਰਾਂ ਰਾਹੀਂ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਹਨ, ਜੋ ਖਾਸ ਕਰਕੇ ਸਾਫ਼ ਪਾਣੀ ਖੜ੍ਹਾ ਰਹਿਣ ਕਾਰਨ ਵੱਧ ਫੈਲਦੀਆਂ ਹਨ। ਇਸ ਲਈ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਪੁਰਾਣੇ ਟਾਇਰ, ਗਮਲੇ, ਕੂਲਰ ਅਤੇ ਹੋਰ ਭਾਂਡਿਆਂ ਵਿਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਕੂਲਰ ਦਾ ਪਾਣੀ ਹਰ ਹਫ਼ਤੇ ਬਦਲਿਆ ਜਾਵੇ। ਸਿਹਤ ਕਰਮਚਾਰੀਆਂ ਨੇ ਇਹ ਵੀ ਅਪੀਲ ਕੀਤੀ ਕਿ ਪੂਰੇ ਬਾਂਹਾਂ ਵਾਲੇ ਕੱਪੜੇ ਪਹਿਨੇ ਜਾਣ, ਮੱਛਰਦਾਨੀਆਂ ਦੀ ਵਰਤੋਂ ਕੀਤੀ ਜਾਵੇ ਅਤੇ ਘਰਾਂ ਵਿਚ ਮੱਛਰ ਮਾਰ ਦਵਾਈਆਂ ਦਾ ਛਿੜਕਾਅ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ ਜਾਂ ਸਰੀਰ ਵਿਚ ਦਰਦ ਵਰਗੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ‘ਚ ਜਾਂਚ ਕਰਵਾਈ ਜਾਵੇ। ਇਸ ਮੌਕੇ ਮਲਟੀ ਪਰਪਸ ਹੈਲਥ ਵਰਕਰ ਜਸਪਾਲ ਸਿੰਘ ਅਤੇ ਮਲਟੀ ਪਰਪਸ ਹੈਲਥ ਸੁਪਰਵਾਈਜ਼ਰ ਜਤਿੰਦਰ ਸੂਦ ਵੀ ਮੌਜੂਦ ਸਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਗਿਆ ਕਿ ਸਾਰਿਆਂ ਦੀ ਸਾਂਝੀ ਕੋਸ਼ਿਸ਼ ਨਾਲ ਹੀ ਡੇਂਗੂ ਅਤੇ ਮਲੇਰੀਆ ‘ਤੇ ਕਾਬੂ ਪਾਇਆ ਜਾ ਸਕਦਾ ਹੈ।