ਪੀਸੀਐੱਸ ਬਬਨਦੀਪ ਸਿੰਘ ਵਾਲੀਆ ਨੇ ਸੰਭਾਲਿਆ ਅਹੁਦਾ
ਪੀਸੀਐੱਸ ਅਧਿਕਾਰੀ ਬਬਨਦੀਪਬਬਨਦੀਪ ਸਿੰਘ ਵਾਲੀਆ।
Publish Date: Mon, 02 Mar 2026 03:49 PM (IST)
Updated Date: Tue, 03 Mar 2026 04:00 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਾਘਾਪੁਰਾਣਾ: ਪੀਸੀਐੱਸ ਅਧਿਕਾਰੀ ਬਬਨਦੀਪ ਸਿੰਘ ਵਾਲੀਆ ਵੱਲੋਂ ਬਾਘਾਪੁਰਾਣਾ ਵਿਖੇ ਐੱਸਡੀਐੱਮ ਵਜੋਂ ਆਪਣਾ ਅਹੁੰਦਾ ਸੰਭਾਲ ਲਿਆ ਗਿਆ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਦਫ਼ਤਰੀ ਸਟਾਫ਼ ਨਾਲ ਮੀਟਿੰਗ ਕਰ ਕੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਇਲਾਕੇ ਨਾਲ ਸਬੰਧਤ ਪ੍ਰਸ਼ਾਸਕੀ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਜ਼ਿਕਰਯੋਗ ਹੈ ਕਿ ਪੀਸੀਐੱਸ ਬਬਨਦੀਪ ਸਿੰਘ ਵਾਲੀਆ ਇਸ ਤੋਂ ਪਹਿਲਾਂ ਪਟਿਆਲਾ ਵਿਖੇ ਰੀਜਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਦੇ ਅਹੁਦੇ ’ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸੰਗਰੂਰ, ਬਠਿੰਡਾ ਅਤੇ ਫਿਰੋਜ਼ਪੁਰ ਵਿਚ ਵੀ ਐੱਸਡੀਐੱਮ ਵਜੋਂ ਕਾਰਜਭਾਰ ਸੰਭਾਲ ਚੁੱਕੇ ਹਨ। ਵੱਖ-ਵੱਖ ਜ਼ਿਲ੍ਹਿਆਂ ਵਿਚ ਪ੍ਰਸ਼ਾਸਕੀ ਤਜ਼ੁਰਬਾ ਹੋਣ ਕਾਰਨ ਉਨ੍ਹਾਂ ਨੂੰ ਇਕ ਅਨੁਭਵੀ ਅਤੇ ਜ਼ਿੰਮੇਵਾਰ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ। ਅਹੁਦਾ ਸੰਭਾਲਣ ਉਪਰੰਤ ਐੱਸਡੀਐੱਮ ਬਬਨਦੀਪ ਸਿੰਘ ਵਾਲੀਆ ਪੱਤਰਕਾਰਾਂ ਦੇ ਰੂਬਰੂ ਹੋਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਸੁਚੱਜੇ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਦੱਸਿਆ ਕਿ ਦਫ਼ਤਰ ਵਿਚ ਆਉਣ ਵਾਲੇ ਹਰ ਵਿਅਕਤੀ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ ਅਤੇ ਨਿਰਧਾਰਿਤ ਸਮੇਂ ਅੰਦਰ ਉਸਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਆਮ ਲੋਕਾਂ ਦਰਮਿਆਨ ਸਹਿਯੋਗੀ ਮਾਹੌਲ ਬਣਾਉਣਾ ਬਹੁਤ ਜ਼ਰੂਰੀ ਹੈ। ਕਾਨੂੰਨ-ਵਿਵਸਥਾ ਕਾਇਮ ਰੱਖਣ, ਰਿਵੈਨਿਊ ਮਾਮਲਿਆਂ ਦੇ ਨਿਪਟਾਰੇ ਅਤੇ ਸਰਕਾਰੀ ਯੋਜਨਾਵਾਂ ਦੀ ਪਾਰਦਰਸ਼ੀ ਲਾਗੂਆਤ ਲਈ ਟੀਮ ਵਰਕ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਵੇਂ ਐੱਸਡੀਐੱਮ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਪ੍ਰਸ਼ਾਸਕੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਲਾਕਾ ਵਾਸੀਆਂ ਵੱਲੋਂ ਵੀ ਨਵੇਂ ਐੱਸਡੀਐੱਮ ਦੀ ਨਿਯੁਕਤੀ ਨੂੰ ਲੈ ਕੇ ਆਸ ਜਤਾਈ ਜਾ ਰਹੀ ਹੈ ਕਿ ਬਾਘਾਪੁਰਾਣਾ ਵਿਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ।