ਐੱਸਐੱਫਸੀ ਕਾਨਵੈਂਟ ਸਕੂਲ ’ਚ ਵਿਸਾਖੀ ਦਾ ਤਿਉਹਾਰ ਮਨਾਇਆ
ਪੰਜਾਬੀ ਸੰਸਕ੍ਰਿਤੀ, ਖੁਸ਼ਹਾਲੀ ਅਤੇ ਨਵੀਂ
Publish Date: Fri, 10 Apr 2026 05:23 PM (IST)
Updated Date: Sat, 11 Apr 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ: ਪੰਜਾਬੀ ਸੰਸਕ੍ਰਿਤੀ, ਖੁਸ਼ਹਾਲੀ ਅਤੇ ਨਵੀਂ ਉਮੀਦਾਂ ਦਾ ਪ੍ਰਤੀਕ ਵਿਸਾਖੀ ਦਾ ਪਵਿੱਤਰ ਤਿਉਹਾਰ ਮੋਗਾ ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਐੱਸਐੱਫਸੀ ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਵਿਚ ਬੜੀ ਧੂਮਧਾਮ, ਰੰਗਤ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ, ਜੋ ਕਿ ਆਈਸੀਐੱਸਈ ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਵਿਚ ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਵਿਚ ਖੁਸ਼ੀ ਦਾ ਮਾਹੌਲ ਬਣਿਆ ਰਿਹਾ ਅਤੇ ਸਾਰਾ ਪ੍ਰੰਗਣ ਤਿਉਹਾਰੀ ਰੰਗਾਂ ਨਾਲ ਰੰਗਿਆ ਹੋਇਆ ਦਿਖਾਈ ਦਿੱਤਾ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਾਰਥਨਾ ਸਭਾ ਨਾਲ ਕੀਤੀ ਗਈ, ਜਿਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਵਿਸਾਖੀ ਦੇ ਇਤਿਹਾਸ, ਇਸ ਦੀ ਆਧਿਆਤਮਿਕ ਅਤੇ ਸੱਭਿਆਚਾਰਕ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਇਕ ਵਿਸ਼ਾਲ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਬੱਚਿਆਂ ਵੱਲੋਂ ਪੇਸ਼ ਕੀਤਾ ਗਿਆ ਭੰਗੜਾ ਅਤੇ ਗਿੱਧਾ ਦਰਸ਼ਕਾਂ ਲਈ ਖਾਸ ਆਕਰਸ਼ਣ ਦਾ ਕੇਂਦਰ ਬਣਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨਿਸ਼ਾ ਕੌਸ਼ਿਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਸਾਖੀ ਪੰਜਾਬੀ ਨਵੇਂ ਸਾਲ ਦੀ ਸ਼ੁਰੂਆਤ ਦਾ ਪ੍ਰਤੀਕ ਹੈ ਅਤੇ ਇਹ ਤਿਉਹਾਰ ਸਾਨੂੰ ਮਿਹਨਤ, ਏਕਤਾ ਅਤੇ ਖੁਸ਼ਹਾਲੀ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੀ ਸੰਸਕ੍ਰਿਤੀ ਅਤੇ ਵਿਰਾਸਤ ਨੂੰ ਸਾਂਭ ਕੇ ਰੱਖਣ ਅਤੇ ਆਪਣੇ ਜੀਵਨ ਵਿੱਚ ਮਿਹਨਤ ਅਤੇ ਇਮਾਨਦਾਰੀ ਨੂੰ ਅਪਣਾਉਣ। ਇਸ ਮੌਕੇ ਸਕੂਲ ਦੇ ਸੀਐੱਮਡੀ ਅਭਿਸ਼ੇਕ ਜਿੰਦਲ , ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸਾਖੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ।