ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ ਮੋਗਾ ਦੇ ਪਿੰਡ ਨੱਥੂਵਾਲਾ ਜਦੀਦ
Publish Date: Thu, 19 Nov 2026 05:15 PM (IST)
Updated Date: Thu, 19 Nov 2026 05:18 PM (IST)
ਨੱਥੂਵਾਲਾ ਜਦੀਦ ਵਿਖੇ ਚੀਫ ਮਨਿਸਟਰ 26 ਨੂੰ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਕਰਨਗੇ ਸ਼ੁਰੂਆਤ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮੋਗਾ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ ਨੂੰ ਹੋਣ ਵਾਲੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਸਟੇਟ ਮੀਡੀਆ ਹੈੱਡ/ਇੰਚਾਰਜ ਬਲਤੇਜ ਪੰਨੂ ਹਲਕਾ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਜਗਰਾਓਂ ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਸ਼ੇਸ਼ ਤੌਰ ਤੇ ਮੋਗਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸਮਾਗਮ ਵਾਲੀ ਥਾਂ ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੇ ਇਸ ਵਿਸ਼ਾਲ ਰਾਜ ਪੱਧਰੀ ਸਮਾਗਮ ਵਿਚ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਯੋਗ ਲਾਭਪਾਤਰੀਆਂ ਤੱਕ ਸਰਕਾਰੀ ਰਾਸ਼ਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੋਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਖੁਸ਼ਹਾਲ ਪੰਜਾਬ ਮਹਾਂਰੈਲੀ ਲਈ ਲਗਭਗ 116 ਏਕੜ ਜਗ੍ਹਾ ਵਿਚ ਵਿਸ਼ਾਲ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਵਿੱਚ ਇੱਕ ਲੱਖ ਤੋਂ ਵੱਧ ਆਮ ਲੋਕਾਂ, ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਦੇ ਸ਼ਾਮਲ ਹੋਣਗੇ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕਾਂ ਦੀ ਵੱਡੀ ਸ਼ਮੂਲੀਅਤ ਨੂੰ ਧਿਆਨ ਵਿਚ ਰੱਖਦਿਆਂ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਅਤੇ ਪ੍ਰਬੰਧਕੀ ਟੀਮਾਂ ਨੂੰ ਕਿਹਾ ਕਿ ਸਮਾਗਮ ਵਿਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਦੀ ਸਹੂਲਤ ਨੂੰ ਪਹਿਲ ਦਿੱਤੀ ਜਾਵੇ। ਪਾਰਕਿੰਗ, ਆਵਾਜਾਈ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਬੈਠਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਸੁਰੱਖਿਆ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਕਿਸੇ ਵੀ ਵਿਅਕਤੀ, ਖਾਸ ਕਰਕੇ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮੋਗਾ ਪੰਜਾਬ ਦੇ ਕੇਂਦਰੀ ਹਿੱਸੇ ਵਿੱਚ ਸਥਿਤ ਹੋਣ ਕਰਕੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਲੋਕਾਂ ਲਈ ਸੁਵਿਧਾਜਨਕ ਸਥਾਨ ਹੈ। ਇਸ ਲਈ ਰੈਲੀ ਵਿੱਚ ਵੱਡੀ ਗਿਣਤੀ ਵਿਚ ਲੋਕਾਂ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹਰ ਪ੍ਰਬੰਧ ਸੁਚੱਜੇ ਢੰਗ ਨਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿਰਫ਼ ਇੱਕ ਵੱਡਾ ਇਕੱਠ ਹੀ ਨਹੀਂ, ਸਗੋਂ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਤੀਬਾੜੀ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਪਹਿਲਕਦਮੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਅਹਿਮ ਮੰਚ ਵੀ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿਚ ਸੁਧਾਰ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ, ਕਿਸਾਨਾਂ ਲਈ ਖੇਤੀਬਾੜੀ ਸਹੂਲਤਾਂ ਅਤੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਵੀ ਇਸ ਮੌਕੇ ਲੋਕਾਂ ਸਾਹਮਣੇ ਰੱਖਿਆ ਜਾਵੇਗਾ। ਉਨ੍ਹਾਂ ਸਮੂਹ ਪ੍ਰਬੰਧਕੀ ਟੀਮਾਂ ਨੂੰ ਹਦਾਇਤ ਕੀਤੀ ਕਿ 26 ਨਵੰਬਰ ਨੂੰ ਹੋਣ ਵਾਲੇ ਇਸ ਰਾਜ ਪੱਧਰੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ।