ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ
ਸਿੱਖ ਇਤਿਹਾਸ ਦੇ ਮਾਣਮੱਤੇ ਜਰਨੈਲ ਬਾਬਾ
Publish Date: Thu, 16 Oct 2025 04:16 PM (IST)
Updated Date: Thu, 16 Oct 2025 04:17 PM (IST)

- ਜ਼ਾਲਮ ਹਕੂਮਤ ਦੀਆਂ ਜੜ੍ਹਾਂ ਪੁੱਟਣ ਵਾਲੇ ਸਿੱਖ ਯੋਧੇ ਦੀ ਸੁਣਾਈ ਦਾਸਤਾਨ ਹਰਦੀਪ ਧੰਮੀ ਨੰਗਲ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਸਿੱਖ ਇਤਿਹਾਸ ਦੇ ਮਾਣਮੱਤੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਉਤਸ਼ਾਹ ਅਤੇ ਸ਼ਰਧਾ ਸਹਿਤ ਮਨਾਇਆ ਗਿਆ। ਸਮਾਗਮ ਦਾ ਆਗਾਜ਼ ਕਰਦਿਆਂ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀਆਂ ਸ਼ਹਾਦਤਾਂ ਦਾ ਬਦਲਾ ਲੈਣ ਲਈ ਬਾਬਾ ਬੰਦਾ ਸਿੰਘ ਬਹਾਦਰ ਨਾਦੇੜ ਤੋਂ ਦਸਮੇਸ਼ ਪਿਤਾ ਦਾ ਥਾਪੜਾ ਲੈ ਕੇ ਪੰਜਾਬ ਵੱਲ ਵਧਿਆ ਅਤੇ ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ, ਜ਼ਾਲਮ ਸੂਬੇ ਸਰਹੰਦ ਵਜ਼ੀਰ ਖਾਨ ਤੇ ਹੋਰਨਾਂ ਨੂੰ ਮੌਤ ਦੇ ਘਾਟ ਉਤਾਰ ਕੇ ਮੁਗਲ ਸਾਮਰਾਜ ਦੀਆਂ ਜੜ੍ਹਾਂ ਹਿਲਾ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲਾ ਸਿੱਖ ਰਾਜ ਸਥਾਪਿਤ ਕਰ ਕੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ’ਤੇ ਮੋਹਰਾਂ ਤੇ ਸਿੱਕੇ ਚਲਾ ਕੇ ਇਤਿਹਾਸ ਨੂੰ ਨਵਾਂ ਮੋੜ ਦਿੱਤਾ। ਉਨ੍ਹਾਂ ਨੇ ਜਾਗੀਰਦਾਰੀ ਸਿਸਟਮ ਦਾ ਖਾਤਮਾ ਕਰ ਕੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ। ਇਸ ਤਰ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਕਿਸਾਨੀ ਦੇ ਮੁਕਤੀਦਾਤਾ ਵਜੋਂ ਜਾਣੇ ਜਾਂਦੇ ਹਨ। ਵਾਈਸ ਪ੍ਰਿੰਸੀਪਲ ਮੀਨਾ ਜੈਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਅਜਿੱਤ ਸਮਝੇ ਜਾਂਦੇ ਮੁਗਲ ਸਾਮਰਾਜ ਦੀਆਂ ਜੜ੍ਹਾਂ ਉਖਾੜ ਦਿੱਤੀਆਂ ਅਤੇ ਨਿਰਦੋਸ਼ਾਂ ਦੇ ਕਾਤਲਾਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ। ਬੁਲਾਰਿਆਂ ਨੇ ਚੱਪੜਚਿੜੀ ਦੀ ਇਤਿਹਾਸਕ ਜੰਗ ਅਤੇ ਬਾਬਾ ਜੀ ਦੇ ਪਰਿਵਾਰ ਅਤੇ ਸਾਥੀਆਂ ’ਤੇ ਅਕਹਿ ਤੇ ਅਸਹਿ ਜ਼ੁਲਮਾਂ ਦੀ ਲੂੰ ਕੰਡੇ ਖੜ੍ਹੇ ਕਰਨ ਵਾਲੀ ਦਾਸਤਾਨ ਵਿਸਥਾਰਪੂਰਵਕ ਸੁਣਾਈ।