ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਵਿਖੇ ਬੰਦੀ ਛੋੜ ਦਿਵਸ ਮਨਾਇਆ ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ
Publish Date: Mon, 09 Nov 2026 04:37 PM (IST)
Updated Date: Mon, 09 Nov 2026 04:38 PM (IST)
ਸੰਤ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਮਹਾਨਤਾ ਤੋਂ ਜਾਣੂ ਕਰਵਾਇਆ ਵਕੀਲ ਮਹਿਰੋ, ਪੰਜਾਬੀ ਜਾਗਰਣ ਮੋਗਾ: ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦ ਪੁਰਾਣਾ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਜੀ ਦੇ ਸਹਿਯੋਗ ਨਾਲ ਬੰਦੀ ਛੋੜ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਦੀਵਾਲੀ ਦੇ ਤਿਉਹਾਰ ਦੇ ਬਾਵਜੂਦ ਇਸ ਪਾਵਨ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਪਾਵਨ ਦਿਹਾੜੇ ਨੂੰ ਸਮਰਪਿਤ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਤਿੰਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਦੌਰਾਨ ਹਜੂਰੀ ਰਾਗੀ ਭਾਈ ਸੋਹਣ ਸਿੰਘ ਜੀ ਅਤੇ ਭਾਈ ਇਕਬਾਲ ਸਿੰਘ ਲੰਗਿਆਣੇ ਵਾਲਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਗੁਰ-ਇਤਿਹਾਸ ਦੀ ਕਥਾ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਬੰਦੀ ਛੋੜ ਦਿਵਸ ਦੀ ਮਹਾਨਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਸੰਤ ਬਾਬਾ ਗੁਰਦੀਪ ਸਿੰਘ ਨੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਿਰਫ਼ ਆਪਣੀ ਆਜ਼ਾਦੀ ਦੀ ਖੁਸ਼ੀ ਮਨਾਉਣ ਦਾ ਹੀ ਸੰਦੇਸ਼ ਨਹੀਂ ਦਿੰਦਾ, ਸਗੋਂ ਦੂਜਿਆਂ ਨੂੰ ਵੀ ਮੁਸੀਬਤਾਂ ਅਤੇ ਬੰਧਨਾਂ ਤੋਂ ਮੁਕਤ ਕਰਵਾਉਣ, ਮਨੁੱਖਤਾ ਦੀ ਸੇਵਾ ਕਰਨ, ਆਪਸੀ ਭਾਈਚਾਰਾ ਕਾਇਮ ਰੱਖਣ ਅਤੇ ਸੱਚਾਈ ਦੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ 52 ਰਾਜਿਆਂ ਦੀ ਰਿਹਾਈ ਕਰਵਾ ਕੇ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਹੱਕਾਂ ਅਤੇ ਆਜ਼ਾਦੀ ਦਾ ਮਹਾਨ ਸੰਦੇਸ਼ ਦਿੱਤਾ। ਇਸ ਮੌਕੇ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਚੇਅਰਮੈਨ ਇੰਦਰਜੀਤ ਸਿੰਘ ਬੀੜ ਚੜਿਕ, ਸੁੱਖਾ ਸਿੰਘ ਮੋਗਾ, ਬਿੱਲੂ ਸਿੰਘ ਚੰਦ ਪੁਰਾਣਾ, ਧਰਮ ਸਿੰਘ, ਹਰਜਿੰਦਰ ਸਿੰਘ ਕਾਲੇਕੇ, ਦਰਸ਼ਨ ਸਿੰਘ ਡਰੋਲੀ ਭਾਈ, ਅਜਮੇਰ ਸਿੰਘ, ਚਮਕੌਰ ਸਿੰਘ ਚੰਦ ਪੁਰਾਣਾ, ਸਰਪੰਚ ਜਸਕਰਨ ਸਿੰਘ ਕਾਕਾ ਚੰਦ ਪੁਰਾਣਾ, ਰਾਜੂ ਸਿੰਘ, ਨਿਰਗੁਣ ਸਿੰਘ, ਕਿਸਾਨ ਆਗੂ ਬੰਟੀ ਢਿੱਲੋਂ, ਸਾਬਕਾ ਸੰਮਤੀ ਮੈਂਬਰ ਚੰਦ ਪੁਰਾਣਾ ਅਤੇ ਸੋਨੀ ਪੰਚਾਇਤ ਮੈਂਬਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।