ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਲੋਕਤੰਤਰ ’ਤੇ ਹਮਲਾ ਬੀਤੇ ਦਿਨੀਂ ਬਰਨਾਲਾ ਵਿਖੇ ਆਪਣੀਆਂ
Publish Date: Fri, 24 Jul 2026 04:42 PM (IST)
Updated Date: Fri, 24 Jul 2026 04:43 PM (IST)
- ਹੱਕ ਮੰਗਣ ਵਾਲਿਆਂ ਨੂੰ ਡੰਡੇ ਨਹੀਂ ਇਨਸਾਫ਼ ਮਿਲਣਾ ਚਾਹੀਦਾ : ਬਹਿਰਾਮਕੇ - ਪੰਜਾਬ ’ਚ ਹੱਕ ਦੇਣ ਦੀ ਬਜਾਏ ਲੋਕਾਂ ਦੀ ਆਵਾਜ਼ ਦਬਾਈ ਜਾ ਰਹੀ : ਗਿੱਲ, ਰੰਡਿਆਲਾ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਬੀਤੇ ਦਿਨੀਂ ਬਰਨਾਲਾ ਵਿਖੇ ਮੰਗਾਂ ਲਈ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮਕੇ, ਸੂਬਾ ਸਕੱਤਰ ਗੁਰਮੇਲ ਸਿੰਘ ਗਿੱਲ ਅਤੇ ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਰੰਡਿਆਲਾ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਸਫਾਈ ਸੇਵਕਾਂ, ਖ਼ਾਸ ਕਰ ਕੇ ਮਹਿਲਾ ਮੁਲਾਜ਼ਮਾਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨਾ ਬੇਹੱਦ ਮੰਦਭਾਗਾ ਅਤੇ ਲੋਕਤੰਤਰਕ ਕਦਰਾਂ-ਕੀਮਤਾਂ ਖ਼ਿਲਾਫ਼ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਹਾਲਾਤ ਇਸ ਕਦਰ ਵਿਗੜ ਚੁੱਕੇ ਹਨ ਕਿ ਲੋਕਾਂ ਨੂੰ ਆਪਣੇ ਸੰਵਿਧਾਨਕ ਹੱਕ ਮੰਗਣ ’ਤੇ ਵੀ ਡੰਡਿਆਂ ਨਾਲ ਜਵਾਬ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਤਸਵੀਰ ਕਿਸੇ ਲੋਕਤੰਤਰ ਦੀ ਨਹੀਂ, ਸਗੋਂ ਅਜਿਹੇ ਪ੍ਰਬੰਧ ਦੀ ਹੈ ਜਿੱਥੇ ਆਵਾਜ਼ ਉਠਾਉਣ ਵਾਲਿਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਅੰਗਰੇਜ਼ੀ ਹਕੂਮਤ ਨਾਲੋਂ ਵੀ ਮਾੜੇ ਹਾਲਾਤ ਬਣਦੇ ਜਾ ਰਹੇ ਹਨ, ਜਿੱਥੇ ਹੱਕ ਦੇਣ ਦੀ ਬਜਾਏ ਲੋਕਾਂ ਦੇ ਹੱਕ ਹੀ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਨਿਗਮਾਂ ਅਤੇ ਨਗਰ ਕੌਂਸਲਾਂ ਵਿਚ ਸੇਵਾ ਨਿਭਾ ਰਹੇ ਕੱਚੇ ਸਫ਼ਾਈ ਸੇਵਕਾਂ ਨੂੰ ਪੱਕਾ ਕਰਨ ਦੀ ਬਜਾਏ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰ ਰਹੀ ਹੈ। ਜਦੋਂ ਮੁਲਾਜ਼ਮ ਮਜ਼ਬੂਰੀ ਵੱਸ ਸੜਕਾਂ ’ਤੇ ਉੱਤਰਦੇ ਹਨ ਤਾਂ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਥਾਂ ਪੁਲਿਸ ਬਲ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿਸੇ ਵੀ ਲੋਕਤੰਤਰਿਕ ਸਰਕਾਰ ਨੂੰ ਸ਼ੋਭਾ ਨਹੀਂ ਦਿੰਦੀ। ਬਲਵੰਤ ਸਿੰਘ ਬਹਿਰਾਮਕੇ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਧਰਨਾ, ਪ੍ਰਦਰਸ਼ਨ ਕਰਨ ਅਤੇ ਆਪਣੇ ਹੱਕਾਂ ਦੀ ਮੰਗ ਕਰਨ ਦਾ ਪੂਰਾ ਅਧਿਕਾਰ ਦਿੰਦਾ ਹੈ। ਜੇਕਰ ਸਰਕਾਰਾਂ ਇਸ ਸੰਵਿਧਾਨਕ ਅਧਿਕਾਰ ਨੂੰ ਵੀ ਲਾਠੀਆਂ ਦੇ ਜ਼ੋਰ ਨਾਲ ਕੁਚਲਣ ਦੀ ਕੋਸ਼ਿਸ਼ ਕਰਨਗੀਆਂ ਤਾਂ ਇਹ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਆਗੂਆਂ ਨੇ ਮੰਗ ਕੀਤੀ ਕਿ ਬਰਨਾਲਾ ਲਾਠੀਚਾਰਜ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜ਼ਖ਼ਮੀ ਸਫ਼ਾਈ ਸੇਵਕਾਂ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਦੇ ਨਾਲ ਹੀ ਪੰਜਾਬ ਭਰ ’ਚ ਲੰਮੇ ਸਮੇਂ ਤੋਂ ਸੇਵਾ ਨਿਭਾ ਰਹੇ ਕੱਚੇ ਸਫ਼ਾਈ ਸੇਵਕਾਂ ਨੂੰ ਤੁਰੰਤ ਪੱਕਾ ਕਰ ਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਨੇ ਦਿੱਲੀ ਵਿਚ ਨੀਟ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਹੋਈ ਪੁਲਿਸ ਕਾਰਵਾਈ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦੀ ਆਵਾਜ਼ ਨੂੰ ਵੀ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਇਕ ਵਿਦਿਆਰਥਣ ਦੀ ਮੌਤ ਦੀ ਘਟਨਾ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਸਮੂਹ ਜਥੇਬੰਦੀ ਵੱਲੋਂ ਮ੍ਰਿਤਕ ਵਿਦਿਆਰਥਣ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਅਖੀਰ ਵਿਚ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰਾਂ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਦਮਨਕਾਰੀ ਨੀਤੀਆਂ ਅਪਣਾਉਣਗੀਆਂ ਤਾਂ ਲੋਕ ਸੰਘਰਸ਼ ਹੋਰ ਤੇਜ਼ ਹੋਣਗੇ। ਉਨ੍ਹਾਂ ਕਿਹਾ ਕਿ ਜਥੇਬੰਦੀ ਹਮੇਸ਼ਾ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਹਰੇਕ ਵਰਗ ਦੇ ਹੱਕਾਂ ਦੀ ਲੜਾਈ ਵਿਚ ਡਟ ਕੇ ਸਾਥ ਦੇਵੇਗੀ ਅਤੇ ਲੋਕਤੰਤਰਕ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।