- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੈਂਪ ਆਰਏਐੱਮਪੀ ਸਕੀਮ ਅਧੀਨ 19 ਤੋਂ 21 ਮਾਰਚ 2026 ਤੱਕ ਜ਼ਿਲ੍ਹਾ ਪੱਧਰੀ ਪੰਜਾਬ ਸਖੀ ਸ਼ਕਤੀ ਮੇਲਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸਰਕਾਰੀ ਆਈਟੀਆਈ ਮੋਗਾ ਵਿਖੇ ਲਗਾਇਆ ਜਾਵੇਗਾ। ਇਸ ਮੇਲੇ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਦਾ ਹੋਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੇਲੇ ਦੀਆਂ ਅਗਾਉਂ ਤਿਆਰੀਆਂ ਸਬੰਧੀ ਮੀਟਿੰਗ ਕਰਨ ਮੌਕੇ ਕੀਤਾ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੀ ਅਗਵਾਈ ਹੇਠ ਹੋ ਰਹੇ ਇਸ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਨੇ ਦੱਸਿਆ ਕਿ ਮੇਲੇ ਵਿਚ ਮਹਿਲਾਵਾਂ ਦੁਆਰਾ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਲਈ ਵਿਸ਼ੇਸ਼ ਸਟਾਲ ਲਗਾਏ ਜਾਣਗੇ, ਜਿਨ੍ਹਾਂ ਰਾਹੀਂ ਉਨ੍ਹਾਂ ਨੂੰ ਆਪਣੀ ਕਾਬਲਿਯਤ ਦਰਸਾਉਣ ਦਾ ਸੁਨੇਹਰਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ ਅਤੇ ਸੂਖ਼ਮ ਉਦਯੋਗਾਂ ਨੂੰ ਇਕ ਮਜ਼ਬੂਤ ਵਪਾਰਕ ਮੰਚ ਪ੍ਰਦਾਨ ਕਰਨਾ ਹੈ। ਇਸ ਮੇਲੇ ਵਿਚ ਵਪਾਰਕ ਗਤੀਵਿਧੀਆਂ ਦੇ ਨਾਲ ਨਾਲ ਲੋਕਾਂ ਦੇ ਮਨੋਰੰਜਨ ਲਈ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਮਹਿਲਾ ਉਦਮੀਆਂ ਨੇ ਸਰਕਾਰ ਪਾਸੋਂ ਵਿੱਤੀ ਪ੍ਰੋਤਸਾਹਨ ਲੈ ਕੇ ਆਪਣੇ ਉਦਯੋਗ ਸਥਾਪਿਤ ਕੀਤੇ ਹਨ ਜਾਂ ਆਪਣੇ ਸਵੈ-ਰੁਜ਼ਗਾਰ ਚਲਾਏ ਹਨ, ਉਨ੍ਹਾਂ ਨੂੰ ਆਪਣੇ ਉੱਤਪਾਦਾਂ ਦੀ ਸੇਲ ਕਰਨ ਲਈ ਮੁਫ਼ਤ ਸਟਾਲਾਂ ਦਿੱਤੀਆਂ ਜਾਣਗੀਆਂ। ਜਿਸ ਸਬੰਧੀ ਉਹ ਆਪਣਾ ਵੇਰਵਾ ਨਿਰਧਾਰਿਤ ਪ੍ਰਫਾਰਮਾ ਵਿਚ ਭਰ ਕੇ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਵਿਖੇ ਦੇ ਸਕਦੇ ਹਨ ਜਾਂ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮੋਗਾ ਨਾਲ ਸਪੰਰਕ ਕਰ ਸਕਦੇ ਹਨ। ਇਸ ਸਬੰਧੀ ਨੋਡਲ ਅਫ਼ਸਰ ਨਿਰਮਲ ਸਿੰਘ , ਬਲਰਾਜ ਸਿੰਘ ਸਿੰਘ ਨਾਲ ਸਪੰਰਕ ਕੀਤਾ ਜਾ ਸਕਦਾ ਹੈ। ਇਸ ਮੇਲੇ ’ਚ ਡੀਸੀ ਹੈਡੀਕਰਾਫਟ ਹੁਸ਼ਿਆਰਪੁਰ ਵੱਲੋਂ ਵੀ 5 ਸਟਾਲਾਂ ਲਗਾਈਆਂ ਜਾਣੀਆਂ ਹਨ ਅਤੇ ਵੋਮੈਨ ਸੈਲਫ਼ ਹੈਲਪ ਗਰੁੱਪਾਂ ਵਲੋਂ ਲਾਈਵ ਫੂਡ ਸਟਾਲਜ਼ (ਮੱਕੀ ਦੀ ਰੋਟੀ, ਸਰੋਂ ਦਾ ਸਾਗ ਆਦਿ) ਲਗਾਈਆਂ ਜਾਣਗੀਆਂ। ਇਸ ਮੇਲੇ ਦੌਰਾਨ ਚਾਹਵਾਨ ਲੋਕ ਆਪਣੇ ਹੱਥੀ ਭਾਂਡੇ ਬਣਾਉਣ ਦਾ ਅਨੁਭਵ ਪ੍ਰਾਪਤ ਕਰ ਸਕਦੇ ਹਨ। ਇਸ ਮੇਲੇ ਦੌਰਾਨ ਵੱਖ ਵੱਖ ਸਰਕਾਰੀ ਵਿਭਾਗਾਂ ਵਲੋਂ ਲੋਕ ਭਲਾਈ ਸਕੀਮਾਂ ਬਾਰੇ ਜਾਣੂੰ ਕਰਵਾਇਆ ਜਾਵੇ। ਮੇਲੇ ਵਿਚ ਜਿਹੜੀਆਂ ਮਹਿਲਾਵਾਂ ਵੱਲੋਂ ਵਧੀਆ ਕਾਰਗੁਜ਼ਾਰੀ ਸਟਾਲ ਲਾਈ ਜਾਵੇ ਉਨ੍ਹਾਂ ਨੂੰ ਨਗਦ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਸਰਪੰਚਾਂ, ਮਿਉਂਸੀਪਲ ਕੌਸਲਾਂ, ਉਦਯੋਗਿਕ ਐਸੋਸੀਏਸ਼ਨਾਂ ਅਤੇ ਆਮ ਜਨਤਾ ਨੂੰ ਇਸ ਮੇਲੇ ਵਿਚ ਸ਼ਾਮਲ ਹੋ ਕੇ ਮਹਿਲਾ ਸਸ਼ਕਤੀਕਰਨ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਆਪਸੀ ਤਾਲਮੇਲ ਨਾਲ ਇਸ ਮੇਲੇ ਨੂੰ ਸਫ਼ਲ ਬਣਾਉਣ ਵਿਚ ਯੋਗਦਾਨ ਪਾਉਣ।