ਭਾਈ ਲਾਲੋ ਜੀ ਦਾ ਜਨਮ ਦਿਹਾੜਾ 27 ਨੂੰ ਮਨਾਇਆ ਜਾਵੇਗਾ ਭਾਈ ਲਾਲੋ ਜੀ ਦਾ ਜਨਮ ਦਿਹਾੜਾ
Publish Date: Tue, 22 Sep 2026 04:14 PM (IST)
Updated Date: Wed, 23 Sep 2026 04:00 AM (IST)
ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਕਰਨਗੇ ਵਿਸ਼ੇਸ਼ ਸ਼ਮੂਲੀਅਤ ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮੋਗਾ : ਭਾਈ ਲਾਲੋ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੋਗਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਭਾਈ ਲਾਲੋ ਜੀ ਵੈੱਲਫੇਅਰ ਸੁਸਾਇਟੀ ਮੋਗਾ ਅਤੇ ਸਮਾਗਮ ਦੀ ਪ੍ਰਬੰਧਕੀ ਕਮੇਟੀ ਵੱਲੋਂ ਇਹ ਧਾਰਮਿਕ ਸਮਾਗਮ 27 ਸਤੰਬਰ 2026 ਦਿਨ ਐਤਵਾਰ ਨੂੰ ਗੁਰਦੁਆਰਾ ਵਿਸ਼ਵਕਰਮਾ ਭਵਨ ਬਾਈਪਾਸ ਲੱਡੂ ਦੇ ਆਰੇ ਦੇ ਨਜ਼ਦੀਕ ਕਰਵਾਇਆ ਜਾਵੇਗਾ। ਇਸ ਸਬੰਧੀਭਾਈ ਲਾਲੋ ਜੀ ਵੈੱਲਫੇਅਰ ਸੁਸਾਇਟੀ ਮੋਗਾ ਦੇ ਪ੍ਰਧਾਨ ਅਤੇ ਸਮਾਗਮ ਦੀ ਪ੍ਰਬੰਧਕੀ ਕਮੇਟੀ ਦੇ ਮੁਖੀ ਹਰਦੇਵ ਸਿੰਘ ਚਾਨਾ, ਗੁਰਪ੍ਰੀਤਮ ਸਿੰਘ ਚੀਮਾ ਨੇ ਦੱਸਿਆ ਕਿ ਸਮਾਗਮ ਦੌਰਾਨ ਸੰਗਤਾਂ ਵੱਲੋਂ ਗੁਰੂ ਘਰ ਵਿਚ ਸ਼ਰਧਾ ਅਤੇ ਸਤਿਕਾਰ ਨਾਲ ਹਾਜ਼ਰੀ ਭਰੀ ਜਾਵੇਗੀ। ਸਮਾਗਮ ਵਾਲੇ ਦਿਨ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਪੰਥ ਦੀ ਸਿਰਮੌਰ ਹਸਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤਾਂ ਨੂੰ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀ ਵਧਾਈ ਦੇਣਗੇ। ਇਸ ਮੌਕੇ ਉਹ ਭਾਈ ਲਾਲੋ ਜੀ ਦੇ ਜੀਵਨ, ਉਨ੍ਹਾਂ ਦੀ ਸਾਦਗੀ, ਮਿਹਨਤ, ਸੱਚੀ-ਸੁੱਚੀ ਕਿਰਤ ਅਤੇ ਗੁਰੂ ਪ੍ਰਤੀ ਅਟੁੱਟ ਪਿਆਰ ਨਾਲ ਸਬੰਧਤ ਪ੍ਰਸੰਗ ਸੰਗਤਾਂ ਨਾਲ ਸਾਂਝੇ ਕਰਨਗੇ। ਉਨ੍ਹਾਂ ਮੋਗਾ ਸ਼ਹਿਰ ਦੀਆਂ ਸਮੂਹ ਧਾਰਮਿਕ, ਸਮਾਜਿਕ ਅਤੇ ਲੋਕ ਭਲਾਈ ਸੰਸਥਾਵਾਂ, ਵੱਖ-ਵੱਖ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਭਾਈ ਲਾਲੋ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ।