- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ 10 ਅਪ੍ਰੈਲ ਨੂੰ ਕਰਵਾਈ ਜਾ ਰਹੀ ਮਹਾਂ ਕਿਸਾਨ ਰੈਲੀ ਨੂੰ ਲੈ ਕੇ ਤਿਆਰੀਆਂ ਜੋਰਾਂ ’ਤੇ ਹਨ। ਇਸ ਮਹੱਤਵਪੂਰਨ ਰੈਲੀ ਦੇ ਸਥਾਨ ਵਿਚ ਮੌਸਮ ਦੀ ਖਰਾਬੀ ਨੂੰ ਦੇਖਦੇ ਹੋਏ ਤਬਦੀਲੀ ਕੀਤੀ ਗਈ ਹੈ। ਪਹਿਲਾਂ ਇਹ ਰੈਲੀ ਮੋਗਾ ਦੇ ਜ਼ਿਲ੍ਹਾ ਦਫ਼ਤਰ ਵਿਖੇ ਕਰਵਾਈ ਜਾਣੀ ਸੀ ਪਰ ਹੁਣ ਇਸ ਨੂੰ ਫਿਰੋਜ਼ਪੁਰ ਰੋਡ ’ਤੇ ਸਥਿਤ ਪਿੰਡ ਦੁੱਨੇਕੇ ਦੇ ਵਿੰਡਸਰ ਪੈਲਸ ਵਿਖੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਦੱਸਿਆ ਕਿ ਰੈਲੀ 10 ਅਪ੍ਰੈਲ ਨੂੰ ਸਵੇਰੇ 10 ਵਜੇ ਵਿੰਡਸਰ ਪੈਲੇਸ ਦੁੱਨੇਕੇ (ਮੋਗਾ) ਵਿਖੇ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਮੌਸਮੀ ਹਾਲਾਤਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਫ਼ੈਸਲਾ ਕਿਸਾਨਾਂ ਦੀ ਸੁਵਿਧਾ ਅਤੇ ਸੁਰੱਖਿਆ ਨੂੰ ਮੱਦੇਨਜ਼ਰ ਰੱਖ ਕੇ ਲਿਆ ਗਿਆ ਹੈ ਤਾਂ ਜੋ ਵੱਡੀ ਗਿਣਤੀ ਵਿਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਪੰਜਾਬ ਭਰ ਦੇ ਕਿਸਾਨਾਂ, ਖੇਤੀਬਾੜੀ ਨਾਲ ਜੁੜੇ ਵਰਗਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਇਸ ਰੈਲੀ ਵਿਚ ਸ਼ਾਮਲ ਹੋਣ ਅਤੇ ਕਿਸਾਨ ਏਕਤਾ ਦਾ ਪ੍ਰਗਟਾਵਾ ਕਰਨ। ਉਨ੍ਹਾਂ ਕਿਹਾ ਕਿ ਇਹ ਮਹਾਂ ਰੈਲੀ ਕਿਸਾਨਾਂ ਦੇ ਹੱਕਾਂ ਅਤੇ ਹਿਤਾਂ ਦੀ ਰੱਖਿਆ ਲਈ ਇਕ ਮਹੱਤਵਪੂਰਨ ਮੰਚ ਸਾਬਤ ਹੋਵੇਗੀ। ਦੌਲਤਪੁਰਾ ਨੇ ਹੋਰ ਦੱਸਿਆ ਕਿ ਇਸ ਮਹਾਂ ਰੈਲੀ ਦੌਰਾਨ ਦੇਸ਼ ਪੱਧਰ ਦੇ ਪ੍ਰਮੁੱਖ ਕਿਸਾਨ ਆਗੂ ਅਤੇ ਬੁੱਧੀਜੀਵੀ ਸੰਬੋਧਨ ਕਰਨਗੇ। ਜਿਨ੍ਹਾਂ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ, ਚੌਧਰੀ ਯੁੱਧਵੀਰ (ਜਰਨਲ ਸੈਕਟਰੀ, ਭਾਰਤ), ਡਾ. ਪਿਆਰੇ ਲਾਲ ਗਰਗ ਅਤੇ ਡਾ. ਅਮਰਦੀਪ ਸਿੰਘ ਚੀਮਾ ਮੁੱਖ ਤੌਰ ’ਤੇ ਸ਼ਾਮਲ ਹਨ। ਇਹ ਆਗੂ ਕਿਸਾਨਾਂ ਨੂੰ ਦੇਸ਼ ਵਿਚ ਚੱਲ ਰਹੀਆਂ ਖੇਤੀਬਾੜੀ ਨੀਤੀਆਂ, ਆਰਥਿਕ ਚੁਣੌਤੀਆਂ ਅਤੇ ਸਰਕਾਰੀ ਫ਼ੈਸਲਿਆਂ ਦੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ’ਤੇ ਵੀ ਤਿੱਖੀ ਚਰਚਾ ਕੀਤੀ ਜਾਵੇਗੀ। ਇਸ ਮੌਕੇ ਹੋਰ ਪ੍ਰਮੁੱਖ ਆਗੂਆਂ ਵਿਚ ਉਨਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ, ਬਲਕਰਨ ਸਿੰਘ ਢਿੱਲੋਂ, ਜਗਸੀਰ ਸਿੰਘ ਜੱਗੀ ਬਾਘਾ ਪੁਰਾਣਾ, ਕਰਮ ਸਿੰਘ ਢਿੱਲੋਂ ਅਤੇ ਮਲਕੀਤ ਸਿੰਘ ਆਦਿ ਵੀ ਹਾਜ਼ਰ ਰਹਿਣਗੇ ਅਤੇ ਆਪਣੇ ਵਿਚਾਰ ਸਾਂਝੇ ਕਰਨਗੇ। ਅਖੀਰ ਵਿਚ ਭੁਪਿੰਦਰ ਸਿੰਘ ਦੌਲਤਪੁਰਾ ਨੇ ਦੁਬਾਰਾ ਸਾਰੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮਹਾਂ ਕਿਸਾਨ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਿਰਕਤ ਕਰਕੇ ਆਪਣੀ ਏਕਤਾ ਦਾ ਪ੍ਰਦਰਸ਼ਨ ਕਰਨ ਅਤੇ ਆਪਣੇ ਹੱਕਾਂ ਲਈ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਕਿਸਾਨ ਇਕੱਠੇ ਹੋ ਕੇ ਆਪਣੇ ਅਧਿਕਾਰਾਂ ਦੀ ਲੜਾਈ ਨੂੰ ਮਜ਼ਬੂਤੀ ਨਾਲ ਅੱਗੇ ਆਉਣ।