'ਦੇਸ਼ ਬਚਾਓ ਮੋਰਚੇ' ਦੇ ਸੱਦੇ 'ਤੇ ਮੋਗਾ 'ਚ ਕਿਸਾਨਾਂ-ਮਜ਼ਦੂਰਾਂ ਦਾ ਵੱਡਾ ਐਕਸ਼ਨ: ਅਮਰੀਕਾ ਨਾਲ ਕਰ-ਮੁਕਤ ਵਪਾਰ ਸਮਝੌਤਾ ਰੱਦ ਕਰਨ ਦੀ ਮੰਗ, ਤਿੱਖੇ ਸੰਘਰਸ਼ ਦੀ ਦਿੱਤੀ ਚਿਤਾਵਨੀ ਦੇਸ਼ ਬਚਾਓ ਮੋਰਚੇ ਦੇ ਸੱਦੇ ਉੱਤੇ ਕਿਸਾਨ ਮਜ਼ਦੂਰ ਮੋਰਚੇ ਨਾਲ ਸਬੰਧਤ ਜਥੇਬੰਦੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ ਏਕਤਾ ਆਜ਼ਾਦ, ਬੀਕੇਯੂ ਬਹਿਰਾਮ ਕੇ ਅਤੇ ਬੀਕੇਯੂ ਕ੍ਰਾਂਤੀਕਾਰੀ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਵੱਲੋਂ ਭਾਰਤ-ਅਮਰੀਕਾ ਫ੍ਰੀ ਟ੍ਰੇਡ ਸਮਝੌਤੇ ਦੇ ਵਿਰੁੱਧ ਵਿੱਚ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ।
Publish Date: Wed, 15 Jul 2026 01:54 PM (IST)
Updated Date: Wed, 15 Jul 2026 01:55 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ - ਦੇਸ਼ ਬਚਾਓ ਮੋਰਚੇ ਦੇ ਸੱਦੇ ਉੱਤੇ ਕਿਸਾਨ ਮਜ਼ਦੂਰ ਮੋਰਚੇ ਨਾਲ ਸਬੰਧਤ ਜਥੇਬੰਦੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ ਏਕਤਾ ਆਜ਼ਾਦ, ਬੀਕੇਯੂ ਬਹਿਰਾਮ ਕੇ ਅਤੇ ਬੀਕੇਯੂ ਕ੍ਰਾਂਤੀਕਾਰੀ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਵੱਲੋਂ ਭਾਰਤ-ਅਮਰੀਕਾ ਫ੍ਰੀ ਟ੍ਰੇਡ ਸਮਝੌਤੇ ਦੇ ਵਿਰੁੱਧ ਵਿੱਚ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਹ ਮਾਰਚ ਜ਼ਿਲ੍ਹਾ ਮੋਗਾ ਦੇ ਪਿੰਡ ਦੁਸਾਂਝ ਤੋਂ ਸ਼ੁਰੂ ਹੋ ਕੇ ਡੀ.ਸੀ.ਕੰਪਲੈਕਸ ਮੋਗਾ ਵਿਖੇ ਸਮਾਪਤ ਹੋਇਆ ਤੇ ਕਿਸਾਨ ਆਗੂਆਂ ਨੇ ਡੀਸੀ ਸਾਗਰ ਸੇਤੀਆ ਨੂੰ ਭਾਰਤ ਸਰਕਾਰ ਦੇ ਨਾਮ ਮੰਗ ਪੱਤਰ ਸੌਂਪਿਆ ਤੇ ਭਾਰਤ ਅਮਰੀਕਾ ਸਮਝੌਤਾ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਮੋਟਰਸਾਈਕਲ ਮਾਰਚ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਫ੍ਰੀ ਟ੍ਰੇਡ ਸਮਝੌਤਾ ਦੇਸ਼ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਛੋਟੇ ਵਪਾਰੀਆਂ, ਛੋਟੇ ਦੁਕਾਨਦਾਰਾਂ ਤੇ ਆਮ ਲੋਕਾਂ ਦੇ ਹਿੱਤਾਂ ਦੇ ਉਲਟ ਹੈ। ਇਸ ਸਮਝੌਤੇ ਨਾਲ ਬਹੁਰਾਸ਼ਟਰੀ ਕੰਪਨੀਆਂ ਨੂੰ ਭਾਰਤ ਦੇ ਖੇਤੀਬਾੜੀ, ਡੇਅਰੀ, ਬੀਜ, ਖੁਰਾਕ ਅਤੇ ਹੋਰ ਖੇਤਰਾਂ ਵਿੱਚ ਬੇਰੋਕ ਦਾਖਲਾ ਮਿਲੇਗਾ, ਜਿਸ ਨਾਲ ਦੇਸ਼ ਦੀ ਖੇਤੀ ਅਤੇ ਪੇਂਡੂ ਆਰਥਿਕਤਾ ਨੂੰ ਭਾਰੀ ਨੁਕਸਾਨ ਪਹੁੰਚੇਗਾ।
ਵਿਦੇਸ਼ੀ ਖੇਤੀ ਉਤਪਾਦਾਂ ਦੀ ਆਮਦ ਵਧਣ ਨਾਲ ਭਾਰਤੀ ਕਿਸਾਨਾਂ ਨੂੰ ਆਪਣੀਆਂ ਫਸਲਾਂ ਦਾ ਲਾਹੇਵੰਦ ਭਾਅ ਨਹੀਂ ਮਿਲੇਗਾ, ਜਿਸ ਨਾਲ ਖੇਤੀ ਸੰਕਟ ਹੋਰ ਡੂੰਘਾ ਹੋਵੇਗਾ। ਕਿਸਾਨ ਆਗੂਆਂ ਕਿਹਾ ਕਿ ਭਾਰਤ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਲੋਕਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੇਸ਼ ਬਚਾਓ ਮੋਰਚੇ ਵੱਲੋਂ ਦੇਸ਼ ਦੇ ਲੋਕਾਂ ਨੂੰ ਇਸ ਸਮਝੌਤੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ।