- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੱਚਿਆਂ ਨੂੰ ਗੌਰਵਮਈ ਇਤਿਹਾਸ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਬੱਚਿਆਂ ਨੂੰ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਨ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਪ੍ਰਿੰਸੀਪਲ ਅਤੇ ਸਟਾਫ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਤਸਵੀਰ ਤੇ ਸ਼ਰਧਾ ਨਾਲ ਫੁੱਲ ਅਰਪਿਤ ਕਰਨ ਉਪਰੰਤ ਸਮਾਗਮ ਦਾ ਆਗਾਜ ਕੀਤਾ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਮੁਗਲ ਸਾਮਰਾਜ ਵੱਲੋਂ ਦੇਸ਼ ਵਾਸੀਆਂ ਤੇ ਲੋਹੜੇ ਦਾ ਜ਼ੁਲਮ ਕੀਤਾ ਜਾ ਰਿਹਾ ਸੀ। ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹਜ਼ੂਰ ਸਾਹਿਬ ਨਾਂਦੇੜ ਦੀ ਧਰਤੀ ਤੋਂ ਬੈਰਾਗੀ ਮਾਧੋ ਦਾਸ ਨੂੰ ਥਾਪੜਾ ਦੇ ਕੇ ਪੰਜ ਸਿੰਘਾਂ ਸਮੇਤ ਪੰਜਾਬ ਵੱਲ ਭੇਜਿਆ। ਗੁਰੂ ਜੀ ਤੋੰ ਅੰਮ੍ਰਿਤ ਛਕ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸਿੱਖਾਂ ਨੂੰ ਲਾਮਬੰਦ ਕਰਕੇ ਚੱਪੜਚਿੜੀ ਦੇ ਸਥਾਨ ਤੇ ਸਰਹਿੰਦ ਦੇ ਨਵਾਬ ਵਜ਼ੀਰ ਖਾਨ ਨੂੰ ਮੌਤ ਦੇ ਘਾਟ ਉਤਾਰ ਕੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਗੁਰੂ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਗੁਰੂ ਨਾਨਕ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ ਤੇ ਸਿੱਕੇ ਚਲਾ ਕੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ। ਮੈਡਮ ਮੀਨਾ ਜੈਨ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਜਾਗੀਰਦਾਰੀ ਪ੍ਰਥਾ ਖ਼ਤਮ ਕਰਕੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ਾਲਮ ਹਕੂਮਤ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਅਤੇ ਹੱਸ ਹੱਸ ਹਕੂਮਤ ਦਾ ਅੰਨ੍ਹਾ ਤਸ਼ੱਦਦ ਆਪਣੇ ਸਰੀਰ ਤੇ ਝੱਲਦਿਆਂ ਸ਼ਹਾਦਤ ਦਾ ਜਾਮ ਪੀਤਾ। ਇਸ ਸਮੇਂ ਹੋਰ ਅਧਿਆਪਕਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।