ਭਾਜਪਾ ਦਾ ਭਗਵੰਤ ਮਾਨ ਸਰਕਾਰ ਵਿਰੁੱਧ ਜ਼ੋਰਦਾਰ ਹੱਲਾ ਬੋਲ ਪੰਜਾਬ ਵਿਚ ਨਸ਼ਿਆਂ ਦੀ ਗੰਭੀਰ
Publish Date: Wed, 14 Oct 2026 05:07 PM (IST)
Updated Date: Wed, 14 Oct 2026 05:09 PM (IST)
ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਕੀਤਾ ਰੋਸ ਪ੍ਰਦਰਸ਼ਨ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਦੱਸਿਆ ਮਹਿਜ਼ ਦਿਖਾਵਾ ਵਕੀਲ ਮਹਿਰੋਂ, ਪੰਜਾਬੀ ਜਗਾਰਣ ਮੋਗਾ: ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਭਗਵੰਤ ਮਾਨ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਮੋਗਾ ਦੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਜੋਗਿੰਦਰ ਸਿੰਘ ਚੌਕ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਹਿਜ਼ ਦਿਖਾਵਾ ਕਰਾਰ ਦਿੰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਸ਼ਾਮਲ ਹੋਏ। ਇਸ ਤੋਂ ਪਹਿਲਾਂ ਵਰਕਰ ਭਾਰਤ ਮਾਤਾ ਮੰਦਰ ਵਿਖੇ ਇਕੱਠੇ ਹੋਏ ਅਤੇ ਉੱਥੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੇ ਹੋਏ ਜੋਗਿੰਦਰ ਸਿੰਘ ਚੌਂਕ ਤੱਕ ਰੋਸ ਮਾਰਚ ਕੱਢਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬੇ ਵਿਚ ਨਸ਼ਿਆਂ ਦੀ ਵਧ ਰਹੀ ਸਮੱਸਿਆ ’ਤੇ ਚਿੰਤਾ ਪ੍ਰਗਟਾਉਂਦਿਆਂ ਸਰਕਾਰ ਤੋਂ ਜਵਾਬ ਮੰਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਹਰਜੋਤ ਕਮਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜਿਕ ਕਾਰਕੁਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਪਰਵਾਨਾ ਦੀ ਹਾਲ ਹੀ ਵਿਚ ਹੋਈ ਹੱਤਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿਚ ਚਿੰਤਾ ਅਤੇ ਡਰ ਦਾ ਮਾਹੌਲ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਬੇਹੱਦ ਜ਼ਰੂਰੀ ਹੈ। ਡਾ. ਹਰਜੋਤ ਕਮਲ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਭਾਵਸ਼ੀਲਤਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਿਰਫ਼ ਐਲਾਨਾਂ ਅਤੇ ਮੁਹਿੰਮਾਂ ਨਾਲ ਨਸ਼ਿਆਂ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। ਇਸ ਲਈ ਜ਼ਮੀਨੀ ਪੱਧਰ ’ਤੇ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ, ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਸਰਕਾਰ ਨੂੰ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕਿਸੇ ਇਕ ਸਿਆਸੀ ਪਾਰਟੀ ਜਾਂ ਵਿਅਕਤੀ ਦਾ ਮੁੱਦਾ ਨਹੀਂ, ਸਗੋਂ ਇਹ ਸਮੁੱਚੇ ਸਮਾਜ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਨਾਲ ਜੁੜਿਆ ਗੰਭੀਰ ਮਸਲਾ ਹੈ। ਇਸ ਲਈ ਸਾਰੀਆਂ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਵਿਰੁੱਧ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਹਰ ਪੰਜਾਬ ਵਾਸੀ ਦੀ ਸਾਂਝੀ ਜ਼ਿੰਮੇਵਾਰੀ ਹੈ। ਡਾ. ਹਰਜੋਤ ਕਮਲ ਨੇ ਮੋਗਾ ਦੀਆਂ ਵੱਖ-ਵੱਖ ਬਸਤੀਆਂ ਵਿਚ ਨਸ਼ਿਆਂ ਨਾਲ ਜੁੜੀਆਂ ਮੌਤਾਂ ਅਤੇ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਸਥਿਤੀ ’ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਪੇਟ ਵਿਚ ਆ ਰਹੇ ਨੌਜਵਾਨਾਂ ਨੂੰ ਬਚਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨਸ਼ਾ ਤਸਕਰੀ ’ਤੇ ਰੋਕ ਲਗਾਉਣ ਦੇ ਨਾਲ-ਨਾਲ ਨਸ਼ੇ ਦੀ ਲਪੇਟ ਵਿਚ ਆਏ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵੀ ਪ੍ਰਭਾਵਸ਼ਾਲੀ ਪ੍ਰਬੰਧ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਾਜਪਾ ਇਸ ਮੁੱਦੇ ’ਤੇ ਚੁੱਪ ਨਹੀਂ ਬੈਠੇਗੀ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਆਪਣੀ ਨਸ਼ਾ ਵਿਰੋਧੀ ਮੁਹਿੰਮ ਦੇ ਨਤੀਜੇ ਜਨਤਾ ਸਾਹਮਣੇ ਰੱਖੇ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਜਵਾਬਦੇਹੀ ਯਕੀਨੀ ਬਣਾਏ। ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤ੍ਰਿਲੋਚਨ ਸਿੰਘ ਗਿੱਲ, ਵਿਨੈ ਸ਼ਰਮਾ, ਰਾਕੇਸ਼ ਸ਼ਰਮਾ, ਵਿਜੈ ਸ਼ਰਮਾ, ਡਾ. ਸੀਮਾਂਤ ਗਰਗ, ਜ਼ਿਲ੍ਹਾ ਮਹਾਮੰਤਰੀ ਸ਼ਮਸ਼ੇਰ ਸਿੰਘ ਕੈਲਾ, ਮੁਖਤਿਆਰ ਸਿੰਘ ਐੱਸਪੀ, ਗੀਤਾ ਆਰੀਆ, ਜ਼ਿਲ੍ਹਾ ਉੱਪ ਪ੍ਰਧਾਨ ਸਰਦੂਲ ਸਿੰਘ ਕੰਗ, ਮਨਜੀਤ ਸਿੰਘ ਰਾਣਾ, ਮਨਿੰਦਰ ਕੌਰ ਸਲੀਣਾ, ਕੌਂਸਲਰ ਵਿੱਕੀ ਸਿਤਾਰਾ, ਪਵਨ ਕੁਮਾਰ ਬੰਟੀ, ਲਖਵੰਤ ਸਿੰਘ ਸਾਫੂਵਾਲਾ, ਕਮਲਜੀਤ ਕੌਰ, ਸਤਿੰਦਰਪ੍ਰੀਤ ਸਿੰਘ, ਕੇਵਲ ਸਿੰਘ ਸਾਬਕਾ ਐੱਮਪੀ, ਗੁਰਬੀਰ ਸਿੰਘ ਰਟੌਲ, ਹਰਮਨਦੀਪ ਸਿੰਘ ਮੀਤਾ, ਭੁਪਿੰਦਰ ਹੈਪੀ, ਸੰਜੀਵ ਸੋਨੂੰ ਸ਼ਰਮਾ, ਰਾਜੇਸ਼ ਵਰਮਾ, ਇਸ਼ਾਰਾ ਸਿੰਘ, ਸੁਖਰਾਜਵੀਰ ਕੌਰ ਗਿੱਲ, ਸੰਜੀਵ ਲਾਲਾ ਤਾਇਲ, ਦੀਪਕ ਤਲਵਾੜ, ਗੁਰਚਰਨ ਸਿੰਘ, ਸੋਨੀ ਭੱਟੀ, ਸਤਵੰਤ ਸਿੰਘ ਬਰਾੜ, ਰੁਦਰ ਸ਼ਰਮਾ, ਨਿਰਮਲ ਸਿੰਘ ਲੰਡੇਕੇ, ਦਵਿੰਦਰ ਸਿੰਘ, ਗੁਰਮੇਲ ਸਿੰਘ ਸਰਾਂ, ਵਿਨੋਦ ਕੁਮਾਰ, ਸੁਰਿੰਦਰਪਾਲ ਨੱਥਾ, ਅਮਰੀਕ ਸਿੰਘ, ਸੁਰਿੰਦਰ ਸਿੰਘ, ਕੁਲਭੂਸ਼ਣ ਜੈਦਕਾ, ਅਜੈ ਕੁਮਾਰ, ਪ੍ਰਦੀਪ ਸਿੰਘ ਤਲਵੰਡੀ ਭੰਗੇਰੀਆਂ, ਦੀਪਕ ਕੌੜਾ ਅਤੇ ਸੂਰਜ ਭਾਨ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਸਨ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਜ਼ਿਲ੍ਹਾ ਮਹਾਮੰਤਰੀ ਰਾਜਪਾਲ ਠਾਕੁਰ ਨੇ ਨਿਭਾਈ।