ਲੋਕਾਂ ਨੂੰ ਗੁੰਮਰਾਹ ਕਰ ਰਹੇ ਭਾਜਪਾ ਆਗੂ : ਦੌਲਤਪੁਰ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ
Publish Date: Fri, 17 Apr 2026 04:51 PM (IST)
Updated Date: Sat, 18 Apr 2026 04:03 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਪੰਜਾਬ ਭਾਜਪਾ ਦੇ ਆਗੂਆਂ ’ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਉਹ ਕਣਕ ਖ਼ਰੀਦ ਅਤੇ ਬੀਬੀਐੱਮਬੀ ਮੁੱਦੇ ’ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਅਗਵਾਈ ਵਾਲੀ ਸਰਕਾਰ ਵੱਲੋਂ ਬੀਬੀਐੱਮਬੀ ਵਿਚ ਪੰਜਾਬ ਦੇ ਵਿਰਾਸਤੀ ਹੱਕਾਂ ’ਚ ਕੀਤੀ ਗਈ ਛੇੜਛਾੜ ਹੁਣ ਜਨਤਕ ਹੋ ਚੁੱਕੀ ਹੈ ਪਰ ਇਸ ਦੇ ਬਾਵਜੂਦ ਭਾਜਪਾ ਦੇ ਆਗੂ ਲੋਕਾਂ ਨੂੰ ਗਲਤ ਜਾਣਕਾਰੀ ਦੇ ਰਹੇ ਹਨ। ਦੌਲਤਪੁਰਾ ਨੇ ਭਾਜਪਾ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸੱਚਾਈ ਨੂੰ ਛੁਪਾਉਣ ਦੀ ਬਜਾਏ ਕੇਂਦਰ ਸਰਕਾਰ ਕੋਲ ਕਿਸਾਨਾਂ ਦੀ ਕਣਕ ਦੀ ਫ਼ਸਲ ਜਲਦੀ ਚੁਕਾਉਣ ਲਈ ਸਿਫ਼ਾਰਿਸ਼ ਕਰਨ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ’ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਮੰਡੀਆਂ ’ਚ ਜਾ ਕੇ ਸਿਰਫ਼ ਫੋਟੋਆਂ ਖਿੱਚਵਾਉਣ ਤੱਕ ਸੀਮਤ ਰਹਿ ਗਈ ਹੈ ਜਦਕਿ ਜ਼ਮੀਨੀ ਹਕੀਕਤ ਵਿਚ ਕਣਕ ਦੀ ਖ਼ਰੀਦ ਬਹੁਤ ਧੀਮੀ ਗਤੀ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਕ-ਇਕ ਦਾਣਾ ਚੁੱਕਣ ਦੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਮੰਡੀਆਂ ’ਚ ਕਿਸਾਨ ਅਜੇ ਵੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮੌਸਮ ਦੀ ਮਾਰ ਅਤੇ ਪਹਿਲਾਂ ਹੋਈ ਗੜੇਮਾਰੀ ਕਾਰਨ ਕਿਸਾਨ ਪਹਿਲਾਂ ਹੀ ਆਰਥਿਕ ਤੌਰ ’ਤੇ ਕਮਜ਼ੋਰ ਹੋ ਚੁੱਕਾ ਹੈ, ਜਿਸ ਕਾਰਨ ਖ਼ਰੀਦ ਵਿਚ ਹੋ ਰਹੀ ਦੇਰੀ ਉਸ ਲਈ ਹੋਰ ਵੀ ਵੱਡੀ ਚਿੰਤਾ ਬਣ ਗਈ ਹੈ। ਦੌਲਤਪੁਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਜਦੋਂ ਰਾਜਸਭਾ ਮੈਂਬਰ ਦੇ ਘਰ ਰੇਡ ਹੋਈ ਤਾਂ ਤੁਰੰਤ ਪ੍ਰਤੀਕਿਰਿਆ ਦਿੱਤੀ ਗਈ ਪਰ ਬੀਬੀਐੱਮਬੀ ਮੁੱਦੇ ’ਤੇ ਕੋਈ ਸੰਘਰਸ਼ ਕਿਉਂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਕੇਂਦਰ ਦੀਆਂ ਪੰਜਾਬ ਵਿਰੋਧੀ ਨੀਤੀਆਂ ’ਤੇ ਖਾਮੋਸ਼ ਹੈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਗੁਲਜ਼ਾਰ ਸਿੰਘ ਘੱਲ ਨੇ ਕਿਹਾ ਕਿ ਸੂਬੇ ਵਿਚ ਸਬਜ਼ੀਆਂ, ਮੱਕੀ ਅਤੇ ਹਰੇ ਚਾਰੇ ਲਈ ਪਾਣੀ ਦੀ ਕਮੀ ਗੰਭੀਰ ਸਮੱਸਿਆ ਬਣੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਘੱਟੋ-ਘੱਟ 6 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਫ਼ਸਲਾਂ ਨੂੰ ਗਰਮੀ ਤੋਂ ਬਚਾਇਆ ਜਾ ਸਕੇ। ਕਿਸਾਨ ਆਗੂਆਂ ਨੇ ਅੰਤ ਵਿਚ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿਰਫ ਬਿਆਨਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਜ਼ਮੀਨੀ ਪੱਧਰ ’ਤੇ ਢੁੱਕਵੇਂ ਕਦਮ ਚੁੱਕੇ ਜਾਣ ਤਾਂ ਜੋ ਲੋਕਾਂ ਦਾ ਭਰੋਸਾ ਬਣਿਆ ਰਹੇ।