ਭਾਜਪਾ ਦਾ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ, ਅਨਿਲ ਸਰੀਨ ਨੇ ਕਿਹਾ,“ਸੱਚ ਸਾਹਮਣੇ ਲਿਆਉਣ ਲਈ ਨਿਰਪੱਖ ਜਾਂਚ ਲਾਜ਼ਮੀ”
ਮੋਗਾ ਜ਼ਿਲ੍ਹੇ ਦੇ ਭਾਜਪਾ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਤਰਨ ਤਾਰਨ ਦੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਦੇ ਸੁਸਾਈਡ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਕਾਫੀ ਗਰਮਾ ਗਿਆ ਹੈ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਪੰਜਾਬ ਅਨਿਲ ਸਰੀਨ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕੀਤੀ।
Publish Date: Mon, 23 Mar 2026 01:53 PM (IST)
Updated Date: Mon, 23 Mar 2026 01:56 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ। ਮੋਗਾ ਜ਼ਿਲ੍ਹੇ ਦੇ ਭਾਜਪਾ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਤਰਨ ਤਾਰਨ ਦੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਦੇ ਸੁਸਾਈਡ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਕਾਫੀ ਗਰਮਾ ਗਿਆ ਹੈ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਪੰਜਾਬ ਅਨਿਲ ਸਰੀਨ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕੀਤੀ।
ਪ੍ਰੈਸ ਕਾਨਫਰੰਸ ਦੌਰਾਨ ਅਨਿਲ ਸਰੀਨ ਨੇ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਸਿਰਫ਼ ਇੱਕ ਵਿਅਕਤੀਗਤ ਘਟਨਾ ਨਹੀਂ, ਸਗੋਂ ਪੂਰੇ ਪ੍ਰਸ਼ਾਸਨਿਕ ਤੰਤਰ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਸੱਚਾਈ ਸਾਹਮਣੇ ਲਿਆਉਣ ਲਈ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਬਹੁਤ ਜ਼ਰੂਰੀ ਹੈ।
ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਰਾਜ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਖਰਾਬ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਗੈਂਗਸਟਰਾਂ ਵੱਲੋਂ ਗੋਲੀਆਂ ਚਲਾਉਣ ਦੀਆਂ ਖਬਰਾਂ ਆਉਂਦੀਆਂ ਸਨ, ਪਰ ਹੁਣ ਮੰਤਰੀ ਹੀ ਅਫਸਰਾਂ ’ਤੇ ਦਬਾਅ ਬਣਾਉਣ ਦੇ ਦੋਸ਼ਾਂ ਵਿੱਚ ਘਿਰ ਰਹੇ ਹਨ।
ਸਰੀਨ ਨੇ ਦੱਸਿਆ ਕਿ ਮ੍ਰਿਤਕ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਵੱਲੋਂ ਗੰਭੀਰ ਦੋਸ਼ ਲਗਾਏ ਗਏ ਹਨ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਉਨ੍ਹਾਂ ਨੂੰ ਘਰ ਬੁਲਾ ਕੇ ਕੁੱਟਮਾਰ ਕੀਤੀ ਅਤੇ ਪਿਸਤੌਲ ਦੀ ਨੋਕ ’ਤੇ ਇੱਕ ਵੀਡੀਓ ਬਣਵਾਈ, ਜਿਸ ’ਚ ਉਨ੍ਹਾਂ ਤੋਂ 10 ਲੱਖ ਰੁਪਏ ਲੈਣ ਦੀ ਗੱਲ ਮਨਵਾਈ ਗਈ। ਉਨ੍ਹਾਂ ਦੇ ਮੁਤਾਬਕ, ਇਸ ਘਟਨਾ ਤੋਂ ਬਾਅਦ ਹੀ ਰੰਧਾਵਾ ਨੇ ਆਤਮਹੱਤਿਆ ਕਰ ਲਈ।
ਭਾਜਪਾ ਆਗੂ ਨੇ ਇਹ ਵੀ ਦੋਸ਼ ਲਗਾਇਆ ਕਿ ਇਹ ਸਾਰਾ ਮਾਮਲਾ ਮੰਤਰੀ ਦੇ ਪਿਤਾ ਨੂੰ ਟੈਂਡਰ ਨਾ ਮਿਲਣ ਕਾਰਨ ਉੱਭਰਿਆ, ਜੋ ਸੱਤਾ ਦੇ ਦੁਰਪਯੋਗ ਦਾ ਸਾਫ਼ ਉਦਾਹਰਨ ਹੈ। ਉਨ੍ਹਾਂ ਸਵਾਲ ਉਠਾਇਆ ਕਿ 13 ਤਾਰੀਖ ਨੂੰ ਘਟਨਾ ਵਾਪਰਨ ਦੇ ਬਾਵਜੂਦ ਇੱਕ ਹਫ਼ਤਾ ਬੀਤ ਜਾਣ ’ਤੇ ਵੀ ਸਰਕਾਰ ਵੱਲੋਂ ਕੋਈ ਢੁੱਕਵੀਂ ਕਾਰਵਾਈ ਕਿਉਂ ਨਹੀਂ ਕੀਤੀ ਗਈ, ਜਦੋਂ ਕਿ ਮਾਮਲਾ ਉੱਚ ਅਧਿਕਾਰੀਆਂ ਤੱਕ ਪਹੁੰਚ ਚੁੱਕਾ ਸੀ।
ਅਨਿਲ ਸਰੀਨ ਨੇ ਮੰਗ ਕੀਤੀ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਮਾਮਲੇ ਦੀ ਜਾਂਚ CBI ਨੂੰ ਸੌਂਪੀ ਜਾਵੇ ਤਾਂ ਜੋ ਸੱਚਾਈ ਬਿਨਾਂ ਕਿਸੇ ਦਬਾਅ ਦੇ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਇਸ ਸੰਘਰਸ਼ ਵਿੱਚ ਪੀੜਤ ਪਰਿਵਾਰ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲਣਾ ਹੀ ਚਾਹੀਦਾ ਹੈ।
ਅਖੀਰ ‘ਚ ਉਨ੍ਹਾਂ ਐਲਾਨ ਕੀਤਾ ਕਿ ਭਾਜਪਾ ਵੱਲੋਂ ਪੰਜਾਬ ਭਰ ਵਿੱਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਸਾੜੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਦਾ ਇਸ ਸਰਕਾਰ ’ਤੇ ਭਰੋਸਾ ਟੁੱਟ ਚੁੱਕਾ ਹੈ ਅਤੇ ਮੁੱਖ ਮੰਤਰੀ ਨੂੰ ਇਸ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫਾ ਦੇਣਾ ਚਾਹੀਦਾ ਹੈ।