ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਰਤੀ
Publish Date: Fri, 24 Jul 2026 05:27 PM (IST)
Updated Date: Fri, 24 Jul 2026 05:28 PM (IST)
- ਪੇਪਰ ਲੀਕ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਨਿਰਪੱਖ ਜਾਂਚ ਦੀ ਕੀਤੀ ਮੰਗ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵੱਲੋਂ ਭਾਜਪਾ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟਾਇਆ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਦੇ ਮਾਮਲੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਭਰਤੀ ਪ੍ਰਕਿਰਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਢੰਗ ਨਾਲ ਕਰਵਾਉਣ ’ਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ, ਜਿਸ ਕਾਰਨ ਲੱਖਾਂ ਮਿਹਨਤੀ ਅਤੇ ਯੋਗ ਉਮੀਦਵਾਰਾਂ ਦਾ ਸਰਕਾਰੀ ਭਰਤੀ ਪ੍ਰਣਾਲੀ ਤੋਂ ਭਰੋਸਾ ਉੱਠਦਾ ਜਾ ਰਿਹਾ ਹੈ। ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਫਰੀਦਕੋਟ ’ਚ ਹੋਈ ਪ੍ਰੀਖਿਆ ਦੌਰਾਨ ਇਹ ਗੰਭੀਰ ਦੋਸ਼ ਸਾਹਮਣੇ ਆਏ ਹਨ ਕਿ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੁੱਝ ਵਿਅਕਤੀਆਂ ਤੱਕ ਪਹੁੰਚ ਗਿਆ ਅਤੇ ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈਆਂ। ਜੇਕਰ ਇਹ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਇਹ ਪ੍ਰੀਖਿਆ ਪ੍ਰਣਾਲੀ ਦੀ ਪਾਰਦਰਸ਼ਤਾ ’ਤੇ ਵੱਡਾ ਸਵਾਲ ਹੈ ਅਤੇ ਇਸ ਨਾਲ ਨੌਜਵਾਨਾਂ ਦੇ ਭਵਿੱਖ ਨਾਲ ਸਿੱਧਾ ਧੋਖਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਪੇਪਰ ਲੀਕ ਵਿਚ ਸ਼ਾਮਲ ਹਰ ਦੋਸ਼ੀ ਨੂੰ ਬਿਨਾਂ ਕਿਸੇ ਸਿਆਸੀ ਦਖ਼ਲ ਦੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਨਾਲ ਹੀ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਪਾਰਦਰਸ਼ੀ ਬਣਾਉਣ ਦੀ ਵੀ ਮੰਗ ਕੀਤੀ ਗਈ। ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ’ਤੇ ਨੌਜਵਾਨਾਂ ਦੇ ਹਿੱਤਾਂ ਦੀ ਅਣਦੇਖੀ ਕਰਨ ਦੇ ਦੋਸ਼ ਲਗਾਏ। ਪ੍ਰਦਰਸ਼ਨ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਅਤੇ ਪੂਰਾ ਪ੍ਰੋਗਰਾਮ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਹੋਇਆ। ਅਖੀਰ ਵਿਚ ਭਾਜਪਾ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਪੇਪਰ ਲੀਕ ਵਰਗੇ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕਰਦੀ ਤਾਂ ਭਾਜਪਾ ਯੁਵਾ ਮੋਰਚਾ ਅਤੇ ਭਾਰਤੀ ਜਨਤਾ ਪਾਰਟੀ ਸੂਬਾ ਭਰ ’ਚ ਵੱਡੇ ਪੱਧਰ ’ਤੇ ਸੰਘਰਸ਼ ਛੇੜਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।