ਭਾਜਪਾ ਦੀ ਰੈਲੀ ਨੇ ਇਤਿਹਾਸ ਸਿਰਜਿਆ : ਤਰੁਣ ਚੁੱਘ
ਭਾਜਪਾ ਨੇ ਬੀਤੇ ਦਿਨ ਮੋਗਾ
Publish Date: Wed, 18 Mar 2026 03:55 PM (IST)
Updated Date: Thu, 19 Mar 2026 04:01 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਭਾਜਪਾ ਨੇ ਬੀਤੇ ਦਿਨ ਮੋਗਾ ਦੇ ਕਿੱਲੀ ਚਾਹਲਾ ਵਿਖੇ ਆਪਣੀ ਪੰਜਾਬ ਬਦਲਾਵ ਰੈਲੀ ਕਰਵਾਈ। ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਹੋਰ ਕੇਂਦਰੀ ਅਤੇ ਸੂਬਾਈ ਭਾਜਪਾ ਆਗੂ ਮੌਜੂਦ ਸਨ। ਅੱਜ ਮੋਗਾ ਪਹੁੰਚਣ ’ਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ਦੀ ਪੰਜਾਬ ਬਦਲਾਵ ਰੈਲੀ ਵਿਚ 50,000 ਤੋਂ ਵੱਧ ਲੋਕਾਂ ਦੇ ਭਾਰੀ ਇਕੱਠ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬੀ ਬਦਲਾਵ ਰੈਲੀ 2027 ਵਿਚ ਇਕ ਨਵਾਂ ਅਧਿਆਇ ਲਿਖੇਗੀ ਅਤੇ 2027 ਵਿਚ ਭਾਜਪਾ ਸਰਕਾਰ ਦੇ ਗਠਨ ਲਈ ਰਾਹ ਪੱਧਰਾ ਕਰੇਗੀ। ਉਨ੍ਹਾਂ ਉਪਰੋਕਤ ਭਾਜਪਾ ਆਗੂਆਂ ਨਾਲ ਰਾਜਨੀਤਿਕ ਵਿਚਾਰ ਵਟਾਂਦਰਾ ਕੀਤਾ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਰਣਨੀਤੀਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਪੰਜਾਬ ਦੇ ਲੋਕ ਕਿਲੀ ਚਾਹਲਾ ਵਿਖੇ ਭਾਜਪਾ ਦੀ ਉਦਘਾਟਨੀ ਰੈਲੀ ਨੂੰ ਆਪਣਾ ਪੂਰਾ ਸਮਰਥਨ ਦੇ ਕੇ ਇਸ ਰੈਲੀ ਨੂੰ ਸ਼ਾਨਦਾਰ ਸਫ਼ਲ ਬਣਾਉਣ ਲਈ ਪ੍ਰਸ਼ੰਸਾ ਦੇ ਹੱਕਦਾਰ ਹਨ। ਇਸ ਮੌਕੇ ਉਨ੍ਹਾਂ ਪੰਜਾਬ ਬਦਲਾਵ ਰੈਲੀ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਡਾ. ਸੀਮਾਂਤ ਗਰਗ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਐਲਾਨ ਕੀਤਾ ਕਿ ਹੁਣ ਪੰਜਾਬ ਵਿਚ ਭਾਜਪਾ ਸਰਕਾਰ ਬਣਨ ਤੋਂ ਕੁੱਝ ਵੀ ਨਹੀਂ ਰੋਕ ਸਕਦਾ ਕਿਉਂਕਿ ਸੂਬੇ ਦੇ ਲੋਕਾਂ ਨੇ ਪਾਰਟੀ ਨਾਲ ਫੈਸਲਾਕੁੰਨ ਤੌਰ ’ਤੇ ਆਪਣੇ ਆਪ ਨੂੰ ਜੋੜ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਫ਼ ਇਕ ਵਾਰ ਭਾਜਪਾ ਸਰਕਾਰ ਚੁਣਨ ਤਾਂ ਜੋ ਸੂਬੇ ਨੂੰ ਹਰ ਪੱਖੋਂ ਮਜ਼ਬੂਤ ਕੀਤਾ ਜਾ ਸਕੇ ਅਤੇ ਕਾਨੂੰਨ ਵਿਵਸਥਾ ਬਹਾਲ ਕੀਤੀ ਜਾ ਸਕੇ।