ਬਲੂਮਿੰਗ ਬਡਜ਼ ਸਕੂਲ ਦੇ ਬੱਚਿਆਂ ਨੇ ਖੇਡਾਂ ’ਚ ਜਿੱਤੇ ਮੈਡਲ ਬਲੂਮਿੰਗ ਬਡਜ਼ ਸਕੂਲ ਮੋਗਾ
Publish Date: Fri, 20 Nov 2026 04:30 PM (IST)
Updated Date: Fri, 20 Nov 2026 04:31 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਬਲੂਮਿੰਗ ਬਡਜ਼ ਸਕੂਲ ਮੋਗਾ ਦੇ ਦੋ ਹੋਣਹਾਰ ਖਿਡਾਰੀਆਂ ਨੇ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਖੰਨਾ ਵਿਖੇ ਕਰਵਾਏ ਗਏ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਸੋਨੇ ਅਤੇ ਇਕ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇੰਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀਆਂ ਨੇ ਭਾਗ ਲਿਆ। ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀ ਜਾਪਲੀਨ ਸਿੰਘ ਨੇ 66 ਕਿਲੋਗ੍ਰਾਮ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ, ਜਦਕਿ ਹਰਮੀਤ ਸਿੰਘ ਗਿੱਲ ਨੇ 74 ਕਿੱਲੋਗ੍ਰਾਮ ਭਾਰ ਵਰਗ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਇਕ ਹੋਰ ਵਾਧਾ ਕੀਤਾ। ਸਕੂਲ ਦੀ ਸਵੇਰ ਦੀ ਸਭਾ ਦੌਰਾਨ ਦੋਵਾਂ ਜੇਤੂ ਖਿਡਾਰੀਆਂ ਨੂੰ ਸਟੇਜ ਤੇ ਬੁਲਾ ਕੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਸਮੂਹ ਸਟਾਫ਼ ਵੱਲੋਂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮਿਹਨਤ ਅਤੇ ਜਿੱਤ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜਾਪਲੀਨ ਸਿੰਘ ਅਤੇ ਹਰਮੀਤ ਸਿੰਘ ਗਿੱਲ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਉਨ੍ਹਾਂ ਨੇ ਖਿਡਾਰੀਆਂ ਦੀ ਲਗਨ ਅਤੇ ਮਿਹਨਤ ਦੇ ਨਾਲ-ਨਾਲ ਕੋਚ ਰਮਾ ਸੈਣੀ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਇਹ ਖਿਡਾਰੀ ਭਵਿੱਖ ਵਿਚ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਸਕੂਲ ਦੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਫਲਤਾ ਸਕੂਲ ਵੱਲੋਂ ਖਿਡਾਰੀਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਉੱਚ ਪੱਧਰੀ ਖੇਡ ਮੰਚ, ਬਿਹਤਰ ਸਹੂਲਤਾਂ ਅਤੇ ਉਤਸ਼ਾਹ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦੇਣ ਵਾਸਤੇ ਵਚਨਬੱਧ ਹੈ। ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਕੋਚ ਰਮਾ ਸੈਣੀ ਅਤੇ ਦੋਵਾਂ ਜੇਤੂ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।