ਬਲੂਮਿੰਗ ਬਡਜ਼ ਸਕੂਲ ਦੇ ਸ਼ੂਟਰ ਮਨਿੰਦਰ ਸਿੰਘ ਦੀ ਅੰਤਰ-ਰਾਸ਼ਟਰੀ ਮੁਕਾਬਲੇ ਲਈ ਹੋਈ ਚੋਣ ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ
Publish Date: Wed, 26 Aug 2026 04:33 PM (IST)
Updated Date: Wed, 26 Aug 2026 04:37 PM (IST)
ਖਿਡਾਰੀਆਂ ਨੇ ਨੈਸ਼ਨਲ ਲੈਵਲ ਸ਼ੂਟਿੰਗ ਮੁਕਾਬਲਿਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ : ਪ੍ਰਿੰਸੀਪਲ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਾਪਤੀਆਂ ਦਰਜ ਕਰ ਰਹੀ ਹੈ। ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਆਪਣੀ ਪ੍ਰਤਿਭਾ ਨਿਖਾਰਨ ਲਈ ਉੱਚ ਪੱਧਰੀ ਸਹੂਲਤਾਂ, ਅਤਿ-ਆਧੁਨਿਕ ਖੇਡ ਢਾਂਚਾ ਅਤੇ ਮਾਹਿਰ ਕੋਚਾਂ ਦੀ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਸਕੂਲ ਦੇ ਖਿਡਾਰੀ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਬਣਾ ਰਹੇ ਹਨ। ਇਸੇ ਲੜੀ ਤਹਿਤ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਮਨਿੰਦਰ ਸਿੰਘ ਨੇ ਇਕ ਹੋਰ ਮਾਣਮੱਤੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਮਨਿੰਦਰ ਸਿੰਘ ਨੇ 250 ’ਚੋਂ 234 ਦਾ ਸ਼ਾਨਦਾਰ ਸਕੋਰ ਹਾਸਲ ਕਰਦਿਆਂ ਦੱਖਣੀ ਅਫ਼ਰੀਕਾ ਅਤੇ ਇੰਡੋਨੇਸ਼ੀਆ ਵਿਚ ਹੋਣ ਵਾਲੀ ਅੰਤਰਰਾਸ਼ਟਰੀ ਚੈਂਪਿਅਨਸ਼ਿਪ ਲਈ ਕੁਆਲੀਫਾਈ ਕੀਤਾ ਹੈ। ਇਸ ਦੇ ਨਾਲ ਹੀ ਸਕੂਲ ਦੇ ਹੋਰ ਵਿਦਿਆਰਥੀਆਂ ਨੇ ਵੀ ਨੈਸ਼ਨਲ ਪੱਧਰ ਦੇ ਸ਼ੂਟਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਤੀਜੀ ਓਪਨ ਨੈਸ਼ਨਲ ਏਅਰ ਰਾਈਫਲ ਬੈਂਚਰੈਸਟ ਸ਼ੂਟਿੰਗ ਚੈਂਪਿਅਨਸ਼ਿਪ 9 ਅਤੇ 10 ਅਗਸਤ ਨੂੰ ਆਗਰਾ, ਉੱਤਰ ਪ੍ਰਦੇਸ਼ ਵਿਖੇ ਕਰਵਾਈ ਗਈ। ਇਸ ਵੱਕਾਰੀ ਚੈਂਪਿਅਨਸ਼ਿਪ ’ਚ ਦੇਸ਼ ਦੇ ਵੱਖ-ਵੱਖ ਸੂਬਿਆਂ ਜਿਵੇਂ ਕਰਨਾਟਕ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਕੇਰਲਾ, ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਦਿੱਲੀ ਆਦਿ ਤੋਂ ਕਰੀਬ 300 ਖਿਡਾਰੀਆਂ ਨੇ ਭਾਗ ਲਿਆ। ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀ ਹਰਜਾਪ ਸਿੰਘ ਜੌਹਲ, ਹਰਜਾਪ ਸਿੰਘ ਗਿੱਲ ਅਤੇ ਸ਼ਹਿਬਾਜ ਸਿੰਘ ਨੇ ਵੀ ਇਸ ਮੁਕਾਬਲੇ ਵਿਚ ਪੂਰੇ ਜੋਸ਼ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਸਕੂਲ ਵੱਲੋਂ ਖਿਡਾਰੀਆਂ ਦੀ ਨਿਯਮਤ ਪ੍ਰੈਕਟਿਸ ਅਤੇ ਉਨ੍ਹਾਂ ਦੀ ਖੇਡ ਸਮਰੱਥਾ ਨੂੰ ਨਿਖਾਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸੇ ਸੋਚ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਲਈ ਵੀ ਬਿਹਤਰੀਨ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਸਕੂਲ ਵਿਚ ਸਵੇਰ ਦੀ ਅਸੈਂਬਲੀ ਦੌਰਾਨ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਮਨਿੰਦਰ ਸਿੰਘ ਅਤੇ ਬਾਕੀ ਖਿਡਾਰੀਆਂ ਨੂੰ ਸਟੇਜ ’ਤੇ ਬੁਲਾ ਕੇ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਚੇਅਰਪਰਸਨ ਕਮਲ ਸੈਣੀ ਨੇ ਮਨਿੰਦਰ ਸਿੰਘ ਅਤੇ ਉਸ ਦੇ ਕੋਚ ਹਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਵਿਦਿਆਰਥੀ ਦੀ ਸਖਤ ਮਿਹਨਤ, ਲਗਨ ਅਤੇ ਇਕਾਗਰਤਾ ਦੇ ਨਾਲ-ਨਾਲ ਕੋਚ ਹਰਜੀਤ ਸਿੰਘ ਵੱਲੋਂ ਦਿੱਤੀ ਜਾ ਰਹੀ ਉੱਚ ਪੱਧਰੀ ਸਿਖਲਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਬਲੂਮਿੰਗ ਬਡਜ਼ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਅੱਗੇ ਵਧਣ ਲਈ ਉਚਿਤ ਮੰਚ ਅਤੇ ਮੌਕੇ ਪ੍ਰਦਾਨ ਕਰਨਾ ਹੈ। ਮਨਿੰਦਰ ਸਿੰਘ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ ਅਤੇ ਇਹ ਸਾਬਤ ਕਰਦੀ ਹੈ ਕਿ ਜੇਕਰ ਮਿਹਨਤ, ਸਹੀ ਮਾਰਗਦਰਸ਼ਨ ਅਤੇ ਉੱਚ ਪੱਧਰੀ ਸਹੂਲਤਾਂ ਇਕੱਠੀਆਂ ਹੋਣ ਤਾਂ ਵਿਦਿਆਰਥੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵੀ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਸਕਦੇ ਹਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ। ਸਕੂਲ ਪ੍ਰਬੰਧਕਾਂ ਵੱਲੋਂ ਮਨਿੰਦਰ ਸਿੰਘ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਆਸ ਪ੍ਰਗਟਾਈ ਗਈ ਕਿ ਉਹ ਆਉਣ ਵਾਲੀ ਅੰਤਰਰਾਸ਼ਟਰੀ ਚੈਂਪਿਅਨਸ਼ਿਪ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਅਤੇ ਸਕੂਲ ਦਾ ਨਾਮ ਹੋਰ ਰੌਸ਼ਨ ਕਰੇਗਾ।