ਖ਼ਾਲੀ ਪਲਾਟ ’ਚੋਂ ਮਿਲੀ ਨੌਜਵਾਨ ਦੀ ਲਾਸ਼
ਮੋਗਾ ਦੇ ਵਿਸ਼ਵਕਰਮਾ ਨਗਰ ਇਲਾਕੇ
Publish Date: Thu, 26 Mar 2026 04:59 PM (IST)
Updated Date: Fri, 27 Mar 2026 04:03 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਮੋਗਾ ਦੇ ਵਿਸ਼ਵਕਰਮਾ ਨਗਰ ਇਲਾਕੇ ਵਿਚ ਇਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਖ਼ਾਲੀ ਪਲਾਟ ’ਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫ਼ੈਲ ਗਈ। ਮ੍ਰਿਤਕ ਦੀ ਪਛਾਣ ਸਿਮਰਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਇਸੇ ਇਲਾਕੇ ਦਾ ਰਹਿਣ ਵਾਲਾ ਸੀ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਸਾਇਟੀ ਦੇ ਐਮਰਜੈਂਸੀ ਨੰਬਰ ’ਤੇ ਇਕ ਕਾਲ ਪ੍ਰਾਪਤ ਹੋਈ ਸੀ, ਜਿਸ ਵਿਚ ਜਾਣਕਾਰੀ ਦਿੱਤੀ ਗਈ ਕਿ ਵਿਸ਼ਵਕਰਮਾ ਨਗਰ ਦੇ ਇਕ ਖ਼ਾਲੀ ਪਲਾਟ ਵਿਚ ਇਕ ਨੌਜਵਾਨ ਦੀ ਡੈੱਡ ਬਾਡੀ ਪਈ ਹੈ। ਸੂਚਨਾ ਮਿਲਦੇ ਹੀ ਉਹ ਆਪਣੀ ਟੀਮ ਦੇ ਮੈਂਬਰਾਂ ਨਾਲ ਤੁਰੰਤ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਮੌਕੇ ’ਤੇ ਹਾਲਾਤਾਂ ਨੂੰ ਦੇਖਦੇ ਹੋਏ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਵੀ ਸੂਚਿਤ ਕੀਤਾ ਗਿਆ। ਕੁੱਝ ਹੀ ਸਮੇਂ ਵਿਚ ਪੁਲਿਸ ਕਰਮਚਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਗੁਰਸੇਵਕ ਸਿੰਘ ਸੰਨਿਆਸੀ ਨੇ ਦੱਸਿਆ ਕਿ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਸੁਸਾਇਟੀ ਦੀ ਐਮਰਜੈਂਸੀ ਗੱਡੀ ਰਾਹੀਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਦੀ ਮੌਰਚਰੀ ਵਿਚ ਪਹੁੰਚਾਇਆ ਗਿਆ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਉੱਥੇ ਮੌਜੂਦ ਸਨ ਅਤੇ ਉਨ੍ਹਾਂ ਵੱਲੋਂ ਲੋੜੀਂਦੀ ਕਾਰਵਾਈ ਲਈ ਪੁਲਿਸ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਬਾਰੇ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ। ਪੁਲਿਸ ਵੱਲੋਂ ਮ੍ਰਿਤਕ ਦੇ ਸਰੀਰ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।