ਵਿਸਾਖੀ ਮੌਕੇ ਕਿਤਾਬਾਂ ਦਾ ਲੰਗਰ ਲਗਾਇਆ
ਖਾਲਸਾ ਪੰਥ ਦੇ ਸਿਰਜਣਾ
Publish Date: Sun, 12 Apr 2026 04:42 PM (IST)
Updated Date: Mon, 13 Apr 2026 04:04 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਖਾਲਸਾ ਪੰਥ ਦੇ ਸਿਰਜਣਾ ਦਿਵਸ ਅਤੇ ਵਿਸਾਖੀ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਕਰਦਿਆਂ ਮੋਗਾ ਸ਼ਹਿਰ ਵਿੱਚ ਅੱਜ ਇੱਕ ਵਿਲੱਖਣ ਤੇ ਪ੍ਰੇਰਣਾਦਾਇਕ ਉਪਰਾਲਾ ਕੀਤਾ ਜਾ ਰਿਹਾ ਹੈ। ਨੌਜਵਾਨ ਪੀੜੀ ਨੂੰ ਆਪਣੇ ਸਿੱਖ ਇਤਿਹਾਸ, ਸੰਸਕ੍ਰਿਤਿਕ ਵਿਰਸੇ ਅਤੇ ਗੁਰਬਾਣੀ ਨਾਲ ਜੋੜਨ ਦੇ ਮਕਸਦ ਨਾਲ “ਕਿਤਾਬਾਂ ਦਾ ਲੰਗਰ” ਲਗਾਇਆ ਜਾਵੇਗਾ, ਜੋ ਸਮਾਜ ਵਿੱਚ ਗਿਆਨ ਦੀ ਰੌਸ਼ਨੀ ਫ਼ੈਲਾਉਣ ਦਾ ਸਾਧਨ ਬਣੇਗਾ। ਇਹ ਵਿਸ਼ੇਸ਼ ਪ੍ਰੋਗਰਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਚੜ੍ਹਦੀ ਕਲਾ ਸੰਸਥਾ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਉਪਰਾਲੇ ਨੂੰ ਸਮਾਜਿਕ ਅਤੇ ਧਾਰਮਿਕ ਪੱਧਰ ’ਤੇ ਇਕ ਨਵੀਂ ਸੋਚ ਵਜੋਂ ਵੇਖਿਆ ਜਾ ਰਿਹਾ ਹੈ, ਜਿਸ ਰਾਹੀਂ ਪੜ੍ਹਨ ਦੀ ਸੰਸਕ੍ਰਿਤੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਸੋਸ਼ਲ ਮੀਡੀਆ ਅਤੇ ਮੋਬਾਈਲ ਫੋਨਾਂ ਵੱਲ ਵੱਧ ਰਹੀ ਹੈ, ਜਿਸ ਕਰਕੇ ਉਹ ਆਪਣੇ ਅਸਲੀ ਵਿਰਸੇ ਅਤੇ ਇਤਿਹਾਸ ਤੋਂ ਦੂਰ ਹੋ ਰਹੀ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਇਹ ਵਿਲੱਖਣ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਨੌਜਵਾਨਾਂ ਨੂੰ ਪੜ੍ਹਨ ਦੀ ਆਦਤ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਿਤਾਬਾਂ ਦਾ ਲੰਗਰ ਅੱਜ ਪੁਰਾਣੀ ਕਚਹਿਰੀ ਦੇ ਨੇੜੇ ਲਗਾਇਆ ਜਾਵੇਗਾ, ਜਿੱਥੇ ਹਰ ਵਰਗ ਦੇ ਲੋਕਾਂ ਲਈ ਮੁਫ਼ਤ ਕਿਤਾਬਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਵਿਚ ਧਾਰਮਿਕ ਗ੍ਰੰਥ, ਸਿੱਖ ਇਤਿਹਾਸ ਨਾਲ ਸੰਬੰਧਿਤ ਪੁਸਤਕਾਂ, ਪ੍ਰੇਰਣਾਦਾਇਕ ਲਿਖਤਾਂ ਅਤੇ ਨੌਜਵਾਨਾਂ ਲਈ ਮਾਰਗਦਰਸ਼ਕ ਕਿਤਾਬਾਂ ਸ਼ਾਮਲ ਹੋਣਗੀਆਂ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੀ ਸੰਗਤ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਤਾਂ ਜੋ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ।