ਬੇਅਦਬੀ ਵਿਰੁੱਧ ਸਖ਼ਤ ਬਿੱਲ ਲਿਆਉਣਾ ਸਰਕਾਰ ਦਾ ਸ਼ਲਾਘਾਯੋਗ ਕੰਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ
Publish Date: Wed, 15 Apr 2026 05:02 PM (IST)
Updated Date: Thu, 16 Apr 2026 04:01 AM (IST)

ਬੇਅਦਬੀ ਖਿਲਾਫ ਬਿੱਲ ਦੀ ਚੁਫੇਰਿਓ ਸ਼ਲਾਘਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਲਿਆਂਦਾ ਗਿਆ ਸਖਤ ਕਾਨੂੰਨ ਬਹੁਤ ਹੀ ਜਰੂਰੀ ਅਤੇ ਸ਼ਲਾਘਾਯੋਗ ਕਦਮ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰੈੱਸ ਸਕੱਤਰ ਅਤੇ ਸੀਨੀਅਰ ਆਗੂ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਸਾਡੇ ਪ੍ਰਤੀਨਿਧੀ ਨਾਲ ਗੱਲਬਾਤ ਦੌਰਾਨ ਕੀਤਾ ਖਾਲਸਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ। ਸਾਡੇ ਲਈ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਸਤਿਕਾਰ ਜਾਨ ਤੋਂ ਵੀ ਪਿਆਰਾ ਹੈ। ਪਿਛਲੇ ਲੰਮੇ ਸਮੇਂ ਤੋਂ ਪੰਜਾਬ ਨੇ ਬੇਅਦਬੀ ਵਰਗੇ ਅਤਿ ਮੰਦਭਾਗੇ ਅਤੇ ਹਿਰਦੇ ਵਲੂੰਧਰਨ ਵਾਲੇ ਕਾਂਡ ਹੰਢਾਏ ਹਨ, ਜਿਨ੍ਹਾਂ ਨੇ ਹਰ ਨਾਨਕ ਨਾਮ ਲੇਵਾ ਸੰਗਤ ਦੇ ਮਨ ਨੂੰ ਗਹਿਰੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਇਸ ਸੰਵੇਦਨਸ਼ੀਲ ਮੁੱਦੇ ਤੇ ਸਿਰਫ਼ ਵੋਟਾਂ ਦੀ ਰਾਜਨੀਤੀ ਕੀਤੀ ਪਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿਚ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਪੇਸ਼ ਕਰਕੇ ਇਕ ਨਵਾਂ ਇਤਿਹਾਸ ਸਿਰਜਿਆ ਹੈ। ਇਹ ਬਿੱਲ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਧਾਰਮਿਕ ਮਰਿਆਦਾ ਨੂੰ ਬਹਾਲ ਕਰਨ ਵੱਲ ਇਕ ਮੀਲ ਪੱਥਰ ਸਾਬਤ ਹੋਵੇਗਾ।