ਨਿਧਾਂਵਾਲਾ ਦੀ ਖਸਤਾਹਾਲ ਸੜਕ ਕਾਰਨ ਇਲਾਕਾ ਵਾਸੀਆਂ ’ਚ ਰੋਸ
ਮੋਗਾ ਜ਼ਿਲ੍ਹੇ ਦੇ ਪਿੰਡ ਨਿਧਾਂਵਾਲਾ
Publish Date: Fri, 19 Jun 2026 04:57 PM (IST)
Updated Date: Sat, 20 Jun 2026 04:03 AM (IST)

ਸੜਕ ਦੀ ਉਸਾਰੀ ਦਾ ਕੰਮ ਅੱਧ ਵਿਚਾਲੇ ਲਟਕਿਆ, ਆਵਾਜਾਈ ਪ੍ਰਭਾਵਿਤ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਮੋਗਾ ਜ਼ਿਲ੍ਹੇ ਦੇ ਪਿੰਡ ਨਿਧਾਂਵਾਲਾ ਨੂੰ ਜਾਣ ਵਾਲੀ ਮੁੱਖ ਸੜਕ ਦੀ ਖਸਤਾ ਹਾਲਤ ਕਾਰਨ ਪਿੰਡ ਵਾਸੀਆਂ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਲੰਮੇ ਸਮੇਂ ਤੋਂ ਟੁੱਟੀ ਪਈ ਇਹ ਸੜਕ ਹੁਣ ਲੋਕਾਂ ਲਈ ਰੋਜ਼ਾਨਾ ਦੀ ਵੱਡੀ ਸਮੱਸਿਆ ਬਣ ਚੁੱਕੀ ਹੈ। ਸੜਕ ਉੱਤੇ ਪਾਏ ਗਏ ਵੱਡੇ-ਵੱਡੇ ਵੱਟੇ ਅਤੇ ਅਧੂਰਾ ਛੱਡਿਆ ਗਿਆ ਨਿਰਮਾਣ ਕੰਮ ਆਵਾਜਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਲੋਕਾਂ ਨੂੰ ਹਰ ਰੋਜ਼ ਖ਼ਤਰੇ ’ਚੋਂ ਲੰਘਣਾ ਪੈ ਰਿਹਾ ਹੈ। ਇਸ ਸਬੰਧੀ ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਜਨਵਰੀ ਮਹੀਨੇ ਦੌਰਾਨ ਸੜਕ ਦੀ ਮੁਰੰਮਤ ਅਤੇ ਨਿਰਮਾਣ ਦੇ ਨਾਂ ’ਤੇ ਵੱਟੇ ਤਾਂ ਪਾ ਦਿੱਤੇ ਗਏ ਸਨ ਪਰ ਛੇ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਕੰਮ ਅਜੇ ਤੱਕ ਮੁਕੰਮਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸੜਕ ਪਿੰਡ ਨਿਧਾਂਵਾਲਾ ਦੀ ਜੀਵਨ-ਰੇਖਾ ਮੰਨੀ ਜਾਂਦੀ ਹੈ ਕਿਉਂਕਿ ਇਸ ਰਾਹੀਂ ਰੋਜ਼ਾਨਾ ਸੈਂਕੜੇ ਲੋਕ ਆਪਣੇ ਕੰਮਕਾਜ, ਸਕੂਲਾਂ, ਕਾਲਜਾਂ ਅਤੇ ਸ਼ਹਿਰ ਵੱਲ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸੜਕ ਉੱਤੇ ਖਿੱਲਰੇ ਪਏ ਪੱਥਰਾਂ ਅਤੇ ਗੱਡਿਆਂ ਕਾਰਨ ਕਈ ਵਾਰ ਹਾਦਸੇ ਹੋ ਚੁੱਕੇ ਹਨ। ਦੋ ਪਹੀਆ ਵਾਹਨ ਚਾਲਕ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਸਕੂਲ ਜਾਣ ਵਾਲੇ ਬੱਚਿਆਂ ਅਤੇ ਬਜ਼ੁਰਗਾਂ ਲਈ ਇਹ ਸੜਕ ਖਾਸ ਤੌਰ ’ਤੇ ਖ਼ਤਰਨਾਕ ਬਣ ਗਈ ਹੈ। ਕਈ ਲੋਕ ਫਿਸਲ ਕੇ ਡਿੱਗੇ ਅਤੇ ਜ਼ਖ਼ਮੀ ਵੀ ਹੋਏ ਹਨ। ਪਿੰਡ ਵਾਸੀਆਂ ਨੇ ਚਿੰਤਾ ਜਤਾਈ ਕਿ ਜੇਕਰ ਜਲਦੀ ਹੀ ਇਸ ਸੜਕ ਦਾ ਕੰਮ ਪੂਰਾ ਨਾ ਕੀਤਾ ਗਿਆ ਤਾਂ ਕੋਈ ਵੱਡਾ ਹਾਦਸਾ ਵੀ ਵਾਪਰ ਸਕਦਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਬਰਸਾਤ ਦੇ ਮੌਸਮ ’ਚ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ। ਹਲਕੀ ਬਾਰਿਸ਼ ਨਾਲ ਹੀ ਸੜਕ ਉੱਤੇ ਪਾਣੀ ਖੜ੍ਹਾ ਹੋ ਜਾਂਦਾ ਹੈ ਅਤੇ ਗੱਡੇ ਨਜ਼ਰ ਨਹੀਂ ਆਉਂਦੇ, ਜਿਸ ਕਾਰਨ ਹਾਦਸਿਆਂ ਦਾ ਖ਼ਤਰਾ ਕਈ ਗੁਣਾ ਵੱਧ ਜਾਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਤ ਦੇ ਸਮੇਂ ਹਾਲਾਤ ਹੋਰ ਵੀ ਮਾੜੇ ਹੋ ਜਾਂਦੇ ਹਨ ਕਿਉਂਕਿ ਸੜਕ ’ਤੇ ਨਾ ਢੰਗ ਦੀ ਲਾਈਟ ਹੈ ਅਤੇ ਨਾ ਹੀ ਕੋਈ ਚੇਤਾਵਨੀ ਬੋਰਡ ਲਗਾਏ ਗਏ ਹਨ। ਸੜਕ ਦੀ ਮਾੜੀ ਹਾਲਤ ਦਾ ਪ੍ਰਭਾਵ ਸਿਰਫ਼ ਆਮ ਲੋਕਾਂ ਹੀ ਨਹੀਂ, ਸਗੋਂ ਕਿਸਾਨਾਂ ’ਤੇ ਵੀ ਪੈ ਰਿਹਾ ਹੈ। ਸੜਕ ਦੇ ਵੱਟੇ ਆਸ-ਪਾਸ ਦੇ ਖੇਤਾਂ ਵਿਚ ਖਿੱਲਰ ਗਏ ਹਨ, ਜਿਸ ਨਾਲ ਖੇਤੀਬਾੜੀ ਦੇ ਕੰਮਾਂ ਵਿਚ ਰੁਕਾਵਟ ਪੈ ਰਹੀ ਹੈ। ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਟਰੈਕਟਰ ਅਤੇ ਹੋਰ ਖੇਤੀਬਾੜੀ ਸਾਜੋ-ਸਾਮਾਨ ਲਿਜਾਣ ’ਚ ਭਾਰੀ ਮੁਸ਼ਕਲਾਂ ਆ ਰਹੀਆਂ ਹਨ। ਕਿਸਾਨਾਂ ਨੇ ਕਿਹਾ ਕਿ ਜੇਕਰ ਇਹ ਹਾਲਾਤ ਹੋਰ ਲੰਬੇ ਸਮੇਂ ਤੱਕ ਰਹੇ ਤਾਂ ਉਨ੍ਹਾਂ ਦੇ ਖੇਤੀਬਾੜੀ ਕੰਮ ਪ੍ਰਭਾਵਿਤ ਹੋਣਗੇ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਕਈ ਮਹੀਨਿਆਂ ਤੋਂ ਇਸ ਮਸਲੇ ਨੂੰ ਲੈ ਕੇ ਪ੍ਰਸ਼ਾਸਨ ਕੋਲ ਗੁਹਾਰ ਲਗਾ ਰਹੇ ਹਨ ਪਰ ਹਰ ਵਾਰ ਸਿਰਫ਼ ਭਰੋਸੇ ਹੀ ਮਿਲੇ ਹਨ। ਜ਼ਮੀਨੀ ਪੱਧਰ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਲੋਕਾਂ ਨੇ ਕਿਹਾ ਕਿ ਆਮ ਜਨਤਾ ਦੀ ਸੁਰੱਖਿਆ ਨਾਲ ਜੁੜੇ ਇਸ ਮਾਮਲੇ ਨੂੰ ਅਣਦੇਖਾ ਕਰਨਾ ਗੰਭੀਰ ਲਾਪਰਵਾਹੀ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ, ਹਲਕਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਤੋਂ ਜਲਦ ਸੜਕ ਦਾ ਕੰਮ ਮੁਕੰਮਲ ਨਾ ਕੀਤਾ ਗਿਆ ਤਾਂ ਉਹ ਵੱਡਾ ਸੰਘਰਸ਼ ਛੇੜਣ ਲਈ ਮਜ਼ਬੂਰ ਹੋਣਗੇ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਰੋਸ ਪ੍ਰਦਰਸ਼ਨ ਅਤੇ ਸੜਕ ਜਾਮ ਵਰਗੇ ਕਦਮ ਵੀ ਚੁੱਕੇ ਜਾਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਨਿਧਾਂਵਾਲਾ ਸੜਕ ਨੂੰ ਪਹਿਲ ਦੇ ਆਧਾਰ ’ਤੇ ਤੁਰੰਤ ਪੂਰਾ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਕਿਸੇ ਵੱਡੇ ਹਾਦਸੇ ਤੋਂ ਪਹਿਲਾਂ ਹਾਲਾਤ ਸੁਧਾਰੇ ਜਾ ਸਕਣ। ਇਸ ਮੌਕੇ ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ, ਸਰਬਜੀਤ ਸਿੰਘ ਬੀਐੱਲਓ, ਜਸਪ੍ਰੀਤ ਸਿੰਘ, ਅਮਰੀਕ ਸਿੰਘ, ਜੱਸਾ ਸਿੰਘ, ਸੇਵਕ ਸਿੰਘ, ਸਤਵੰਤ ਸਿੰਘ, ਦਵਿੰਦਰ ਸਿੰਘ, ਸਾਹਿਬੀ, ਜਸਪ੍ਰੀਤ ਜੱਸੀ, ਭਗਵਾਨ ਸਿੰਘ, ਜਸਬੀਰ ਸਿੰਘ ਬਰਾੜ, ਗੁਰਪ੍ਰੀਤ ਸਿੰਘ ਸੈਣੀ, ਬੋਬੀ ਸਿੰਘ, ਸੁਰਜੀਤ ਸਿੰਘ, ਕੁਲਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਮੇਲ ਸਿੰਘ ਮਿਸਤਰੀ, ਗੁਰਮੇਲ ਸਿੰਘ, ਕੁਲਦੀਪ ਸਿੰਘ, ਜੀਤ ਸਿੰਘ, ਜਸਕਰਨ ਸਿੰਘ ਮਾਨ, ਗੁਰਦੀਪ ਸਿੰਘ, ਗੁਰਮੁਖ ਸਿੰਘ, ਬਲਵੀਰ ਸਿੰਘ ਅਤੇ ਰਘਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।