- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਭਰ ਵਿਚ ਪੀਆਰਟੀਸੀ,

ਹਜ਼ਾਰਾਂ ਯਾਤਰੀ ਘੰਟਿਆਂਬੱਧੀ ਕਰਦੇ ਰਹੇ ਉਡੀਕ, ਨਿੱਜੀ ਟਰਾਂਸਪੋਰਟਰਾਂ ਤੇ ਟੈਕਸੀ ਚਾਲਕਾਂਦੀ ਰਹੀ ਚਾਂਦੀ
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੰਜਾਬ ਭਰ ਵਿਚ ਪੀਆਰਟੀਸੀ, ਪਨਬੱਸ ਅਤੇ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਕਾਰਨ ਸਰਕਾਰੀ ਆਵਾਜਾਈ ਪ੍ਰਣਾਲੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਹੜਤਾਲ ਦੇ ਚੱਲਦਿਆਂ ਕਈ ਡਿਪੂਆਂ ਵਿਚ ਬੱਸਾਂ ਦੇ ਚੱਕੇ ਜਾਮ ਰਹੇ, ਜਿਸ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲੇ ਹਜ਼ਾਰਾਂ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸਵੇਰ ਤੋਂ ਹੀ ਸੂਬੇ ਦੇ ਵੱਖ-ਵੱਖ ਬੱਸ ਅੱਡਿਆਂ ’ਤੇ ਯਾਤਰੀਆਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ ਅਤੇ ਲੋਕ ਘੰਟਿਆਂ ਤੱਕ ਬੱਸਾਂ ਦੀ ਉਡੀਕ ਕਰਦੇ ਰਹੇ। ਬੱਸ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਸਭ ਤੋਂ ਵੱਧ ਮੁਸ਼ਕਲ ਵਿਦਿਆਰਥੀਆਂ, ਨੌਕਰੀ ਪੇਸ਼ਾ ਲੋਕਾਂ, ਦਿਹਾੜੀਦਾਰ ਮਜ਼ਦੂਰਾਂ ਅਤੇ ਇਲਾਜ ਲਈ ਹਸਪਤਾਲਾਂ ਵਿਚ ਜਾਣ ਵਾਲੇ ਮਰੀਜ਼ਾਂ ਨੂੰ ਆਈ। ਕਈ ਵਿਦਿਆਰਥੀ ਆਪਣੀਆਂ ਪ੍ਰੀਖਿਆਵਾਂ ਅਤੇ ਕਾਲਜਾਂ ਵਿਚ ਸਮੇਂ ਸਿਰ ਨਹੀਂ ਪਹੁੰਚ ਸਕੇ, ਜਦਕਿ ਕਈ ਕਰਮਚਾਰੀਆਂ ਨੂੰ ਦਫ਼ਤਰਾਂ ਵਿਚ ਦੇਰੀ ਨਾਲ ਪਹੁੰਚਣ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਦੂਰ-ਦਰਾਜ਼ ਦੇ ਪਿੰਡਾਂ ਤੋਂ ਸ਼ਹਿਰਾਂ ਵਿਚ ਆਉਣ ਵਾਲੇ ਲੋਕ ਵੀ ਇਸ ਹੜਤਾਲ ਕਾਰਨ ਬਹੁਤ ਪ੍ਰਭਾਵਿਤ ਹੋਏ। ਬੱਸਾਂ ਦੀ ਘਾਟ ਕਾਰਨ ਨਿੱਜੀ ਟਰਾਂਸਪੋਰਟਰਾਂ ਅਤੇ ਟੈਕਸੀ ਚਾਲਕਾਂ ਦੀ ਚਾਂਦੀ ਰਹੀ। ਕਈ ਥਾਵਾਂ 'ਤੇ ਨਿੱਜੀ ਵਾਹਨਾਂ ਵੱਲੋਂ ਮਨਮਰਜ਼ੀ ਦੇ ਕਿਰਾਏ ਵਸੂਲਣ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆਈਆਂ। ਮਜ਼ਬੂਰੀ ਵੱਸ ਲੋਕਾਂ ਨੂੰ ਵੱਧ ਕਿਰਾਇਆ ਦੇ ਕੇ ਆਪਣੇ ਗੰਤਰ ਤੱਕ ਪਹੁੰਚਣਾ ਪਿਆ। ਆਰਥਿਕ ਤੌਰ ’ਤੇ ਕਮਜ਼ੋਰ ਵਰਗ ਲਈ ਇਹ ਸਥਿਤੀ ਹੋਰ ਵੀ ਮੁਸ਼ਕਲ ਬਣ ਗਈ ਹੈ। ਯਾਤਰੀਆਂ ਨੇ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਪ੍ਰਤੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਜਦੋਂ ਵੀ ਕਿਸੇ ਵਿਭਾਗ ਵਿਚ ਹੜਤਾਲ ਹੁੰਦੀ ਹੈ ਤਾਂ ਸਭ ਤੋਂ ਵੱਧ ਨੁਕਸਾਨ ਆਮ ਲੋਕਾਂ ਨੂੰ ਝੱਲਣਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਯੂਨੀਅਨ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਆਵਾਜਾਈ ਸੇਵਾਵਾਂ ਮੁੜ ਆਮ ਵਾਂਗ ਚੱਲ ਸਕਣ। ਦੂਜੇ ਪਾਸੇ ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਵਾਰ ਮੀਟਿੰਗਾਂ ਅਤੇ ਭਰੋਸਿਆਂ ਦੇ ਬਾਵਜੂਦ ਮੰਗਾਂ ਨੂੰ ਲਾਗੂ ਕਰਨ ਵਿਚ ਟਾਲਮਟੋਲ ਕੀਤੀ ਜਾ ਰਹੀ ਹੈ। ਇਸ ਕਾਰਨ ਕਰਮਚਾਰੀਆਂ ਵਿਚ ਭਾਰੀ ਰੋਸ ਹੈ ਅਤੇ ਉਨ੍ਹਾਂ ਨੂੰ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ। ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਕੋਈ ਫ਼ੈਸਲਾ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ। ਹੜਤਾਲ ਕਾਰਨ ਸੂਬੇ ਦੀ ਆਵਾਜਾਈ ਵਿਵਸਥਾ ’ਤੇ ਵੀ ਵੱਡਾ ਅਸਰ ਪਿਆ ਹੈ। ਕਈ ਰੂਟਾਂ ’ਤੇ ਯਾਤਰੀਆਂ ਦੀ ਗਿਣਤੀ ਜ਼ਿਆਦਾ ਹੋਣ ਦੇ ਬਾਵਜੂਦ ਬੱਸਾਂ ਦੀ ਉੱਪਲਬਧਤਾ ਨਾ ਹੋਣ ਕਾਰਨ ਲੋਕਾਂ ਨੂੰ ਘੰਟਿਆਂ ਉਡੀਕ ਕਰਨੀ ਪਈ। ਕਈ ਪਰਿਵਾਰ ਆਪਣੇ ਨਿੱਜੀ ਸਮਾਗਮਾਂ, ਕਾਰੋਬਾਰੀ ਮੀਟਿੰਗਾਂ ਅਤੇ ਹੋਰ ਜ਼ਰੂਰੀ ਕੰਮਾਂ ਲਈ ਸਮੇਂ ਸਿਰ ਨਹੀਂ ਪਹੁੰਚ ਸਕੇ। ਫਿਲਹਾਲ ਬੱਸ ਅੱਡਿਆਂ ’ਤੇ ਹੜਤਾਲ ਦਾ ਅਸਰ ਸਾਫ਼ ਦੇਖਣ ਨੂੰ ਮਿਲ ਰਿਹਾ ਹੈ ਅਤੇ ਯਾਤਰੀਆਂ ਦੀ ਖੱਜਲ-ਖੁਆਰੀ ਜਾਰੀ ਹੈ। ਲੋਕਾਂ ਨੂੰ ਉਮੀਦ ਹੈ ਕਿ ਸਰਕਾਰ ਅਤੇ ਯੂਨੀਅਨ ਵਿਚਾਲੇ ਜਲਦ ਕੋਈ ਸਹਿਮਤੀ ਬਣੇਗੀ, ਜਿਸ ਨਾਲ ਸਰਕਾਰੀ ਬੱਸ ਸੇਵਾਵਾਂ ਮੁੜ ਪਟੜੀ 'ਤੇ ਆਉਣਗੀਆਂ ਅਤੇ ਆਮ ਜਨਤਾ ਨੂੰ ਰਾਹਤ ਮਿਲੇਗੀ। ਉਦੋਂ ਤੱਕ ਹਜ਼ਾਰਾਂ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।