- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਦਾਣਾ ਮੰਡੀ ਵਿ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ
ਮੋਗਾ: ਸਥਾਨਕ ਦਾਣਾ ਮੰਡੀ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ, ਐਸਐਸਪੀ. ਮੋਗਾ ਅਜੈ ਗਾਂਧੀ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਖੁੱਡੀਆਂ ਨੇ ਸੂਬੇ ਦੇ ਸਮੂਹ ਪੰਜਾਬੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿਚ ਸਾਨੂੰ ਸਭ ਤੋਂ ਵੱਡੀ ਜ਼ਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਕਾਰੀ ਦਫ਼ਤਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾ ਕੇ ਇਤਿਹਾਸਕ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਖੁੱਡੀਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਯਾਦਗਾਰ ਦੀ ਉਸਾਰੀ ਕਰਵਾਈ ਗਈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਵਿਰਾਸਤੀ ਮਾਰਗ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਪਵਿੱਤਰ ਵਣਯੋਜਨਾ ਦੇ ਹਿੱਸੇ ਵਜੋਂ 52 ਪਵਿੱਤਰ ਵਣਵਿਕਸਿਤ ਕਰਨ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਲੋਕਾਂ ਨੂੰ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਵਾ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਹੈ। ਸੂਬੇ ਵਿਚ 881 ਆਮ ਆਦਮੀ ਕਲੀਨਿਕਾਂ ਵਿਚ ਤਕਰੀਬਨ 5 ਕਰੋੜ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦਾ ਧੁਰਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਾਲ 2025 ਵਿਚ ਪੰਜਾਬ ਦੇ ਖੇਤੀਬਾੜੀ ਖੇਤਰ ਵਿਚ ਸਕਾਰਾਤਮਿਕ ਬਦਲਾਅ ਆਏ ਹਨ। ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਪਸ਼ੂ ਪਾਲਣ ਕਿੱਤੇ ਨਾਲ ਜੁੜੇ ਕਿਸਾਨਾਂ ਦੀ ਭਲਾਈ ਲਈ ਵੀ ਸਰਕਾਰ ਨੇ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਅਸ਼ੀਰਵਾਦ ਸਕੀਮ ਤਹਿਤ 38 ਹਜ਼ਾਰ ਤੋਂ ਵੱਧ ਲਾਭਪਾਤਰੀ ਪਰਿਵਾਰਾਂ ਤੱਕ ਸਹਾਇਤਾ ਪਹੁੰਚਾ ਕੇ ਸਰਕਾਰ ਨੇ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਧੀਆਂ ਬੋਝ ਨਹੀਂ, ਸਗੋਂ ਸਮਾਜ ਦੀ ਤਾਕਤ ਹਨ। ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਖੂਬਸੂਰਤ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਭ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਅਤੇ ਫਰੀਡਮ ਫਾਈਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਪਰੇਡ, ਸੱਭਿਆਚਾਰਕ ਟੀਮਾਂ ਅਤੇ ਵੱਖਵੱਖ ਖੇਤਰਾਂ ਵਿਚ ਉਪਲੱਬਧੀਆਂ ਹਾਸਲ ਕਰਨ ਵਾਲੀਆਂ ਸ਼ਖਸਤੀਆਂ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੁੱਖ ਮਹਿਮਾਨ ਗੁਰਮੀਤ ਸਿੰਘ ਖੁੱਡੀਆਂ ਸਮੇਤ ਵਿਧਾਇਕ ਸਾਹਿਬਾਨਾਂ ਦਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜ ਜਸਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਗਵਿੰਦਰਜੀਤ ਸਿੰਘ ਗਰੇਵਾਲ, ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਾਕਟਰ ਅਮਨਦੀਪ ਕੌਰ ਅਰੋੜਾ ਅਤੇ ਮਨਜੀਤ ਸਿੰਘ ਬਿਲਾਸਪੁਰ ਤਿੰਨੋਂ ਵਿਧਾਇਕ, ਸਾਬਕਾ ਮੰਤਰੀ ਮਾਲਤੀ ਥਾਪਰ, ਜ਼ਿਲ੍ਹਾ ਅਤੇ ਸੈਸ਼ਨ ਜੱਜ ਮਿਸ ਨੀਲਮ ਅਰੋੜਾ, ਚੇਅਰਮੈਨ ਹਰਜਿੰਦਰ ਸਿੰਘ ਰੋਡੇ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।