ਮਨਪ੍ਰੀਤ ਸਿੰਘ ਮੱਲੇਆਣਾ, ਮੋਗਾ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇੱਕ ਛੱਤ ਹੇਠਾਂ ਸਰਬੋਤਮ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦਾ ਸੁਪਨਮਈ ਪ੍ਰੋਜੈਕਟ ਸਿਰੇ ਚੜ੍ਹ ਗਿਆ ਹੈ। ਸੂਬੇ ਭਰ ਵਿਚ ਅੱਜ ਆਮ ਆਦਮੀ ਕਲੀਨਿਕ ਸ਼ੁਰੂ ਹੋ ਗਏ ਹਨ। ਇਸੇ ਕੜੀ ਤਹਿਤ ਜ਼ਿਲ੍ਹਾ ਮੋਗਾ ਵਿੱਚ ਵੀ ਅੱਜ ਤਿੰਨ ਕਲੀਨਿਕ ਸ਼ੁਰੂ ਹੋ ਗਏ। ਇਹਨਾਂ ਕਲੀਨਿਕਾਂ ਵਿੱਚੋਂ ਇੱਕ ਕਲੀਨਿਕ ਦਾ ਪਿੰਡ ਲੰਢੇਕੇ ਵਿਖੇ ਅੱਜ ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਵਿਭਾਗਾਂ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਉਦਘਾਟਨ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸਿਹਤ ਖ਼ੇਤਰ ਵਿਚਲੀ ਕ੍ਰਾਂਤੀ ਸਾਬਤ ਹੋਣਗੇ, ਜਿਨ੍ਹਾਂ ਜ਼ਰੀਏ ਲੋਕਾਂ ਨੂੰ ਸੁਚੱਜੇ ਢੰਗ ਨਾਲ ਮੁੱਢਲਾ ਇਲਾਜ ਮਿਲੇਗਾ ਅਤੇ ਸਰਕਾਰੀ ਹਸਪਤਾਲਾਂ ਵਿਚ ਲੱਗਣ ਵਾਲੀਆਂ ਲੰਮੀਆਂ ਲਾਈਨਾਂ ਤੋਂ ਵੀ ਲੋਕਾਂ ਨੂੰ ਨਿਜ਼ਾਤ ਮਿਲੇਗੀ। ਸੂਬੇ ਭਰ ਵਿਚ ਅੱਜ ਅਜ਼ਾਦੀ ਦੇ 75 ਸਾਲ ਪੂਰੇ ਹੋਣ ਉੱਤੇ 75 ਕਲੀਨਿਕਾਂ ਦੀ ਰਸਮੀ ਸ਼ੁਰੂਆਤ ਹੋ ਗਈ ਹੈ।

ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖੋ ਵੱਖ ਥਾਂ ਉੱਤੇ ਤਿੰਨ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਗਏ ਹਨ। ਇਹਨਾਂ ਵਿੱਚ ਪਿੰਡ ਲੰਢੇਕੇ, ਘੋਲੀਆ ਖੁਰਦ ਅਤੇ ਹਿੰਮਤਪੁਰਾ ਸ਼ਾਮਲ ਹਨ। ਇਹ ਸਾਰੇ ਕਲੀਨਿਕ ਲੋਕ ਸੇਵਾ ਲਈ ਅੱਜ ਤੋਂ ਸਮਰਪਿਤ ਹਨ।

ਉਹਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦਾ ਇਲਾਜ ਕਰਨ ਅਤੇ ਬਿਮਾਰੀਆਂ ਦੀ ਜਾਂਚ ਕਰਨ ਲਈ ਐੱਮਬੀਬੀਐੱਸ ਡਾਕਟਰ, ਫਾਰਮਾਸਿਸਟ ਸਮੇਤ ਸਟਾਫ਼ ਮੈਂਬਰ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਲਗਭਗ 100 ਤਰ੍ਹਾਂ ਦੇ ਕਲੀਨੀਕਲ ਟੈਸਟਾਂ ਵਾਲੇ 41 ਪੈਕੇਜ ਮੁਫ਼ਤ ਦਿੱਤੇ ਜਾਣਗੇ। ਇਨ੍ਹਾਂ ਕਲੀਨਿਕਾਂ ਦੁਆਰਾ ਵੱਡੀ ਗਿਣਤੀ ਵਿਚ ਮਰੀਜ਼ਾਂ ਦਾ ਇਲਾਜ ਹੋਵੇਗਾ, ਜਿਸ ਨਾਲ ਸਰਕਾਰੀ ਹਸਪਤਾਲਾਂ 'ਤੇ ਬੋਝ ਘਟੇਗਾ। ਇਨ੍ਹਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਲਈ ਰੈਫਰਲ ਅਤੇ ਬਾਅਦ ਵਿੱਚ ਫਾਲੋ-ਅੱਪ ਵੀ ਕੀਤਾ ਜਾਵੇਗਾ।

ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਖੇਤਰ ਵਿਚ ਵੱਡੀ ਪੁਲਾਂਘ ਹੋਵੇਗੀ। ਇਨ੍ਹਾਂ ਕਲੀਨਿਕਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ’ਚ ਮਿਸਾਲੀ ਸੁਧਾਰ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ‘ਆਮ ਆਦਮੀ ਕਲੀਨਿਕਸ’ ਵਿਖੇ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇਹ ਕਲੀਨਿਕ ਬਿਮਾਰੀਆਂ ਦੀ ਜਾਂਚ ਅਤੇ ਕਲੀਨੀਕਲ ਟੈਸਟਾਂ ਸਮੇਤ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਪ੍ਰਦਾਨ ਕਰਕੇ ਮੁਢਲੇ ਸਿਹਤ ਸੰਭਾਲ ਸਿਸਟਮ ਨੂੰ ਮਜ਼ਬੂਤ ਕਰਨਗੇ। ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗੁਲਨੀਤ ਸਿੰਘ ਖੁਰਾਣਾ, ਸਿਵਲ ਸਰਜਨ ਡਾਕਟਰ ਐੱਸ ਪੀ ਸਿੰਘ, ਆਪ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਅਤੇ ਹੋਰ ਹਾਜ਼ਰ ਸਨ।

Posted By: Jagjit Singh