
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦ ਲਰਨਿੰਗ ਫੀਲਡ ਏ ਗਲੋਬਲ ਸਕੂਲ

ਵਕੀਲ ਮਹਿਰੋਂ, ਨਿੱਜੀ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਦ ਲਰਨਿੰਗ ਫੀਲਡ ਏ ਗਲੋਬਲ ਸਕੂਲ ਟੀਐੱਲਐੱਫ਼ ਵਿਚ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਵੱਖ-ਵੱਖ ਮੌਕਿਆਂ, ਅਲੱਗ-ਅਲੱਗ ਕਰੀਅਰ ਵਿਕਲਪਾਂ ਅਤੇ ਭਵਿੱਖ ਦੀ ਯੋਜਨਾ ਬਣਾਉਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਮਾਹਿਰਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ, ਸਮਰੱਥਾ ਅਤੇ ਟੀਚੇ ਅਨੁਸਾਰ ਸਹੀ ਕਰੀਅਰ ਦੀ ਚੋਣ ਕਰਨ ਲਈ ਮਾਰਗਦਰਸ਼ਨ ਦਿੱਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਵਿਦਿਆਰਥੀਆਂ ਸਾਹਮਣੇ ਕਰੀਅਰ ਦੇ ਬਹੁਤ ਸਾਰੇ ਵਿਕਲਪ ਉੱਪਲਬਧ ਹਨ। ਅਜਿਹੇ ਵਿਚ ਸਹੀ ਸਮੇਂ ’ਤੇ ਉਚਿਤ ਮਾਰਗਦਰਸ਼ਨ ਮਿਲਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਰੀਅਰ ਕਾਊਂਸਲਿੰਗ ਸੈਸ਼ਨ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਯੋਗਤਾ ਨੂੰ ਪਛਾਣਨ ਵਿਚ ਮਦਦ ਕਰਦੇ ਹਨ ਅਤੇ ਭਵਿੱਖ ਲਈ ਬਿਹਤਰ ਫੈਸਲੇ ਲੈਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨਾਲ ਆਪਣੇ ਟੀਚੇ ਵੱਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਚੰਗੇ ਅੰਕ ਪ੍ਰਾਪਤ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਮੁਕਾਬਲੇਬਾਜ਼ੀ ਵਾਲੇ ਦੌਰ ਵਿਚ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿਚ ਉਪਲਬਧ ਕਰੀਅਰ ਮੌਕਿਆਂ ਬਾਰੇ ਜਾਣਕਾਰੀ ਹੋਣਾ ਜ਼ਰੂਰੀ ਹੈ। ਅਜਿਹੇ ਕਾਊਂਸਲਿੰਗ ਸੈਸ਼ਨ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ ਵਧਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਭਵਿੱਖ ਦੀ ਸਹੀ ਯੋਜਨਾ ਬਣਾਉਣ ਵਿਚ ਸਹਾਇਤਾ ਕਰਦੇ ਹਨ। ਸਕੂਲ ਦੀ ਪ੍ਰਿੰਸੀਪਲ ਨੀਤੂ ਡਾਂਡੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਵਿਦਿਆਰਥੀ ਦੀ ਆਪਣੀ ਵੱਖਰੀ ਪ੍ਰਤਿਭਾ, ਰੁਚੀ ਅਤੇ ਸਮਰੱਥਾ ਹੁੰਦੀ ਹੈ। ਇਸ ਲਈ ਕਰੀਅਰ ਦੀ ਚੋਣ ਦੂਜਿਆਂ ਦੀ ਦੇਖਾ-ਦੇਖੀ ਕਰਨ ਦੀ ਬਜਾਏ ਆਪਣੀ ਰੁਚੀ ਅਤੇ ਯੋਗਤਾ ਦੇ ਆਧਾਰ ’ਤੇ ਕਰਨੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਿਰੰਤਰ ਮਿਹਨਤ ਕਰਨ, ਨਵੀਆਂ ਚੀਜ਼ਾਂ ਸਿੱਖਣ ਅਤੇ ਆਪਣੇ ਟੀਚੇ ਪ੍ਰਤੀ ਲਗਾਤਾਰ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਵੱਲੋਂ ਵੀ ਵਿਦਿਆਰਥੀਆਂ ਨੂੰ ਕਰੀਅਰ ਸਬੰਧੀ ਲੋੜੀਂਦਾ ਮਾਰਗਦਰਸ਼ਨ ਦਿੱਤਾ ਗਿਆ। ਵਿਦਿਆਰਥੀਆਂ ਨੇ ਸੈਸ਼ਨ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਕਰੀਅਰ ਵਿਕਲਪਾਂ ਨਾਲ ਜੁੜੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ।