ਮੋਗਾ ਪੁਲਿਸ ਪਾਰਟੀ ’ਤੇ ਫਾਇਰਿੰਗ ਕਰਨ ਵਾਲੇ 2 ਸ਼ੱਕੀ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ, ਪੁਲਿਸ ਦੀ ਜਵਾਬੀ ਕਾਰਵਾਈ 'ਚ ਜ਼ਖ਼ਮੀ ਹੋਏ ਮੁਲਜ਼ਮ ਗ੍ਰਿਫ਼ਤਾਰ ਇਸ ਤੋਂ ਬਾਅਦ ਦੋਵਾਂ ਨੌਜਵਾਨਾਂ ਵੱਲੋਂ ਪੁਲਿਸ ਪਾਰਟੀ ’ਤੇ ਫਾਈਰਿੰਗ ਸ਼ੁਰੂ ਕੀਤੀ ਤਾਂ ਪੁਲਿਸ ਨੇ ਆਪਣੀ ਸਵੈ ਰੱਖਿਆ ਲਈ ਜਵਾਬੀ ਫਾਈਰਿੰਗ ਕੀਤੀ ਤਾਂ ਦੋਨੇ ਨੌਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੌਜਵਾਨਾਂ ਦੀ ਪਛਾਣ ਗੁਰਸੇਵਕ ਸਿੰਘ ਵਾਸੀ ਦੁਸਾਂਝ ਰੋਡ, ਮੋਗਾ ਅਤੇ ਅਕਾਸ਼ਦੀਪ ਸਿੰਘ ਵਾਸੀ ਧਰਮਕੋਟ ਵਜੋਂ ਹੋਈ।
Publish Date: Wed, 11 Nov 2026 04:06 PM (IST)
Updated Date: Wed, 11 Nov 2026 04:16 PM (IST)
ਸਵਰਨ ਗੁਲਾਟੀ, ਕ੍ਰਾਈਮ ਰਿਪੋਰਟਰ ਪੰਜਾਬੀ ਜਾਗਰਣ, ਮੋਗਾ: ਬੀਤੇ ਦਿਨੀਂ ਥਾਣਾ ਮਹਿਣਾ ਅਤੇ ਨੱਥੂਵਾਲਾ ਜਦੀਦ ਦੇ ਲਿੰਕ ਰੋਡ ’ਤੇ ਪੁਲਿਸ ਦੇ ਫਾਇਰਿੰਗ ਕਰਨ ਵਾਲੇ ਦੋਨੋਂ ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਪਾਸੋਂ 2 ਪਿਸਟਲ 05 ਕਾਰਤੂਸ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਮੋਗਾ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਮੋਗਾ ਪੁਲਿਸ ਵੱਲੋਂ ਲਗਾਤਾਰ ਗਸ਼ਤ ਅਤੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਥਾਣਾ ਮਹਿਣਾ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਮਹਿਣਾ ਨੱਥੂਵਾਲਾ ਲਿੰਕ ਰੋਡ ’ਤੇ ਮੌਜੂਦ ਸੀ ਤਾਂ ਨੱਥੂਵਾਲਾ ਦੀ ਸਾਈਡ ਤੋਂ ਮੋਟਰਸਾਈਕਲ ’ਤੇ ਦੋ ਸ਼ੱਕੀ ਵਿਅਕਤੀ ਆਉਂਦੇ ਦਿਖਾਈ ਦਿੱਤੇ।
ਪੁਲਿਸ ਪਾਰਟੀ ਵੱਲੋਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਉਨ੍ਹਾਂ ਨੇ ਰੁਕਣ ਦੀ ਬਜਾਏ ਮੋਟਰਸਾਈਕਲ ਵਾਪਸ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਤਿਲਕ ਕੇ ਡਿੱਗ ਗਿਆ। ਇਸ ਤੋਂ ਬਾਅਦ ਦੋਵਾਂ ਨੌਜਵਾਨਾਂ ਵੱਲੋਂ ਪੁਲਿਸ ਪਾਰਟੀ ’ਤੇ ਫਾਈਰਿੰਗ ਸ਼ੁਰੂ ਕੀਤੀ ਤਾਂ ਪੁਲਿਸ ਨੇ ਆਪਣੀ ਸਵੈ ਰੱਖਿਆ ਲਈ ਜਵਾਬੀ ਫਾਈਰਿੰਗ ਕੀਤੀ ਤਾਂ ਦੋਨੇ ਨੌਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੌਜਵਾਨਾਂ ਦੀ ਪਛਾਣ ਗੁਰਸੇਵਕ ਸਿੰਘ ਵਾਸੀ ਦੁਸਾਂਝ ਰੋਡ, ਮੋਗਾ ਅਤੇ ਅਕਾਸ਼ਦੀਪ ਸਿੰਘ ਵਾਸੀ ਧਰਮਕੋਟ ਵਜੋਂ ਹੋਈ।
ਦੋਵਾਂ ਨੌਜਵਾਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮੌਕੇ ਤੋਂ 01 ਪਿਸਟਲ .32 ਬੋਰ, 01 ਪਿਸਟਲ .30 ਬੋਰ ਅਤੇ 05 ਕਾਰਤੂਸ ਅਤੇ ਮੋਟਰਸਾਈਕਲ ਪਲੱਸਰ ਕਾਲੇ ਰੰਗ ਦਾ ਬਰਾਮਦ ਕਰ ਲਿਆ ਗਿਆ ਹੈ। ਘਟਨਾ ਸਥਾਨ ਨੂੰ ਸੁਰੱਖਿਅਤ ਕਰਕੇ ਫੋਰੈਂਸਿਕ ਅਤੇ ਹੋਰ ਵਿਗਿਆਨਕ ਤਰੀਕਿਆਂ ਨਾਲ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਨ੍ਹਾਂ ਵਿਚੋਂ ਇਕ ਨੌਜਵਾਨ ਖ਼ਿਲਾਫ਼ ਪਹਿਲਾਂ ਵੀ ਦੋ ਅਪਰਾਧਿਕ ਮਾਮਲੇ ਦਰਜ ਹਨ, ਜਦਕਿ ਦੂਜੇ ਦੀ ਅਪਰਾਧਿਕ ਪਿਛੋਕੜ ਦੀ ਜਾਂਚ ਕੀਤੀ ਜਾ ਰਹੀ ਹੈ।