- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ

ਅਵਤਾਰ ਸਿੰਘ ਪੰਜਾਬੀ ਜਾਗਰਣ ਅਜੀਤਵਾਲ : ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਯੋਗ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ਵੋਟਰ ਰਜਿਸਟਰੇਸ਼ਨ ਜਾਗਰੂਕਤਾ ਕੈਂਪ ਵਿਚ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਮੋਗਾ ਬਰਿੰਦਰ ਕੁਮਾਰ ਮਧੇਕੇ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬਰਿੰਦਰ ਕੁਮਾਰ ਮਧੇਕੇ ਨੇ ਕਿਹਾ ਕਿ ਵੋਟ ਸਿਰਫ਼ ਇਕ ਅਧਿਕਾਰ ਹੀ ਨਹੀਂ, ਸਗੋਂ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਨੌਜਵਾਨ ਵੋਟ ਬਣਾਉਣ ਲਈ ਯੋਗ ਹੋ ਚੁੱਕੇ ਹਨ, ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਆਉਣ ਵਾਲੀਆਂ ਚੋਣਾਂ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਹਰ ਯੋਗ ਨਾਗਰਿਕ ਦਾ ਵੋਟਰ ਸੂਚੀ ਵਿਚ ਨਾਮ ਦਰਜ ਹੋਣਾ ਜ਼ਰੂਰੀ ਹੈ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਲੋਕਤੰਤਰਿਕ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਲੋਕਾਂ ਨੂੰ ਵੋਟਰ ਰਜਿਸਟਰੇਸ਼ਨ ਸਬੰਧੀ ਜਾਣਕਾਰੀ ਆਪਣੇ ਆਲੇ-ਦੁਆਲੇ ਦੇ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਅੰਮ੍ਰਿਤਪਾਲ ਸਿੰਘ ਖ਼ਾਲਸਾ, ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ, ਪ੍ਰਿੰਸੀਪਲ ਡਾ. ਅਨੀਤ, ਵਾਇਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਜਸਦੀਪ ਸਿੰਘ ਗੈਰੀ ਅਤੇ ਸਰਪੰਚ ਦਰਸ਼ਵੀਰ ਸਿੰਘ ਨੇ ਵੀ ਸੰਬੋਧਨ ਕਰਦਿਆਂ ਵੋਟਰ ਰਜਿਸਟਰੇਸ਼ਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਬੁਲਾਰਿਆਂ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਸੂਬੇ ਦੇ ਭਵਿੱਖ ਨੂੰ ਤੈਅ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਉਨ੍ਹਾਂ ਦਾ ਵੋਟਰ ਵਜੋਂ ਰਜਿਸਟਰ ਹੋਣਾ ਅਤੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ। ਕੈਂਪ ਦੌਰਾਨ ਹਾਜ਼ਰੀਨ ਨੂੰ ਵੋਟਰ ਸੂਚੀ ਵਿਚ ਆਪਣਾ ਨਾਮ ਚੈੱਕ ਕਰਨ, ਨਵੀਂ ਵੋਟ ਬਣਵਾਉਣ ਅਤੇ ਵੋਟਰ ਸਬੰਧੀ ਹੋਰ ਜ਼ਰੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ।