ਖੇਡਾਂ ਵਤਨ ਪੰਜਾਬ ਦੀਆਂ ਤਹਿਤ ਟੂਰਨਾਮੈਂਟ ਦਾ ਉਦਘਾਟਨ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ
Publish Date: Wed, 09 Sep 2026 04:34 PM (IST)
Updated Date: Wed, 09 Sep 2026 04:37 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਜਿਲ੍ਹਾ ਖੇਡ ਅਫਸਰ ਨਵਦੀਪ ਜਿੰਦਲ ਦੀ ਅਗਵਾਈ ਹੇਠ ਬਲਾਕ ਪੱਧਰੀ ਟੂਰਨਾਮੈਂਟ ਦਾ ਪਿੰਡ ਬਿਲਾਸਪੁਰ ਦੇ ਸਟੇਡੀਅਮ ਵਿਖੇ ਆਪ ਦੇ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਵੱਲੋਂ ਸ਼ਾਨਦਾਰ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰ ਨੂੰ ਤੰਦਰੁਸਤ ਨਹੀਂ ਰੱਖਦੀਆਂ, ਸਗੋਂ ਖਿਡਾਰੀਆਂ ਦੇ ਮਨ ਨੂੰ ਵੀ ਤੰਦਰੁਸਤ ਅਤੇ ਮਜ਼ਬੂਤ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡ ਦੇ ਮੈਦਾਨ ਵਿੱਚ ਉਤਰ ਕੇ ਨੌਜਵਾਨ ਅਨੁਸ਼ਾਸਨ, ਮਿਹਨਤ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਵਰਗੇ ਗੁਣ ਸਿੱਖਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਪੂਰੀ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਅਤੇ ਆਪਣੇ ਪਿੰਡ ਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇੰਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਖੇਡਾਂ ਦੇ ਖਿਡਾਰੀ ਵੱਡੀ ਗਿਣਤੀ ਵਿਚ ਹਿੱਸਾ ਲੈ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਚੇਅਰਮੈਨ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਯੂਥ ਵਿੰਗ ਹਲਕਾ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਗੁਰਜੰਟ ਸਿੰਘ ਮਾਣੂੰਕੇ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।