- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਲੋਕਾਂ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਦੀ ਮੁਹਿੰਮ ਤਹਿਤ ਕਮਿਊਨਿਟੀ ਹੈਲਥ ਸੈਂਟਰ ਸੀਐੱਚਸੀ ਬੱਧਨੀ ਕਲਾਂ ਵੱਲੋਂ ਪਿੰਡ ਰਾਮਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਮੰਜੂ ਨਾਹਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡੀਕਲ ਅਫ਼ਸਰ ਡਾ. ਸ਼ੁਭ ਕਰਮਨ, ਸੀਨੀਅਰ ਸਟਾਫ਼ ਨਰਸ ਨਵਪ੍ਰੀਤ ਕੌਰ ਮਾਨ ਅਤੇ ਓਟ ਕੌਂਸਲਰ ਰਾਜਵਿੰਦਰ ਕੌਰ ਨੇ ਇਸ ਸਮਾਗਮ ਵਿਚ ਪਹੁੰਚੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਦੁਰ ਪ੍ਰਭਾਵਾਂ ਬਾਰੇ ਵਿਸਥਾਰਤ ਰੌਸ਼ਨੀ ਪਾਈ। ਮੈਡੀਕਲ ਅਫ਼ਸਰ ਡਾ. ਸ਼ੁਭ ਕਰਮਨ ਨੇ ਦੱਸਿਆ ਕਿ ਨਸ਼ੇ ਸਿਹਤ ਅਤੇ ਪਰਿਵਾਰਕ ਰਿਸ਼ਤਿਆਂ ਨੂੰ ਬਰਬਾਦ ਕਰਨ ਦੇ ਨਾਲੋ-ਨਾਲ ਆਰਥਿਕ ਮੰਦਹਾਲੀ ਦਾ ਕਾਰਨ ਬਣਦੇ ਹਨ। ਨਸ਼ਿਆਂ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਸਮਝਾ ਕੇ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਵਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਿਹਤ ਵਿਭਾਗ ਦੀ ਸਹਾਇਤਾ ਨਾਲ ਹਾਟ ਸਪਾਟ ਬਣੀਆਂ ਥਾਵਾਂ ’ਤੇ ਨਸ਼ਿਆਂ ਦੇ ਖ਼ਾਤਮੇ ਲਈ ਅਜਿਹੇ ਸਮਾਗਮ ਕਰਵਾਏ ਜਾ ਰਹੇ ਹਨ। ਰਾਜਵਿੰਦਰ ਕੌਰ ਓਟ ਕੌਂਸਲਰ ਅਤੇ ਸਟਾਫ਼ ਨਰਸ ਨਵਪ੍ਰੀਤ ਕੌਰ ਮਾਨ ਨੇ ਦੱਸਿਆ ਕਿ ਨਸ਼ੇੜੀਆਂ ਨੂੰ ਮਨੋਵਿਗਿਆਨਕ ਅਤੇ ਡਾਕਟਰੀ ਇਲਾਜ ਦੀ ਸਖ਼ਤ ਜ਼ਰੂਰਤ ਹੁੰਦੀ ਹੈ। ਅਜਿਹੇ ਵਿਅਕਤੀਆਂ ਨੂੰ ਪਿਆਰ ਤੇ ਹਮਦਰਦੀ ਨਾਲ ਮਾਹਿਰ ਡਾਕਟਰਾਂ ਕੋਲ ਲਿਜਾਣ ਦੀ ਲੋੜ ਹੁੰਦੀ ਹੈ। ਇਸ ਮੌਕੇ ਏਐੱਨਐੱਮਜ਼ ਅਤੇ ਆਸ਼ਾ ਵਰਕਰ ਵੀ ਮੌਜੂਦ ਸਨ। ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਹੋਏ ਅਤੇ ਸਮਾਗਮ ਬੇਹੱਦ ਸਫ਼ਲ ਰਿਹਾ।