- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ,

ਅਰਸ਼ਦੀਪ ਸੋਨੀ ਪੰਜਾਬੀ ਜਾਗਰਣ ਸਾਦਿਕ: ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ, ਦੀਪ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਅਤੇ ਮੈਨੇਜਮੈਂਟ ਮੈਂਬਰ ਗੁਰਪ੍ਰੀਤ ਸਿੰਘ ਮਨਾਵਾਂ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ, ਚੰਡੀਗੜ੍ਹ ਦਾ ਵਿੱਦਿਅਕ ਦੌਰਾ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਕਈ ਮੰਤਰੀਆਂ ਅਤੇ ਵਿਧਾਇਕਾਂ ਨਾਲ ਮਿਲਣ ਦਾ ਮੌਕਾ ਮਿਲਿਆ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਧਾਨ ਸਭਾ ਦੀ ਕਾਰਜ ਪ੍ਰਣਾਲੀ ਅਤੇ ਲੋਕਤੰਤਰੀ ਪ੍ਰਬੰਧ ਬਾਰੇ ਵਿਹਾਰਕ ਜਾਣਕਾਰੀ ਦੇਣਾ ਸੀ। ਦੌਰੇ ਦੌਰਾਨ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਅਤੇ ਨਹਿਰੀ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਹੋਰ ਸ਼ਖ਼ਸੀਅਤਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸੂਬੇ ਦੀ ਵਿਧਾਨ ਸਭਾ ਦੇ ਕੰਮਕਾਜ, ਵਿਧਾਇਕਾਂ ਦੀ ਭੂਮਿਕਾ ਅਤੇ ਲੋਕਤੰਤਰੀ ਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਹਰਿਆਣਾ ਵਿਧਾਨ ਸਭਾ ਦੀ ਲਾਇਬ੍ਰੇਰੀ ਦਾ ਦੌਰਾ ਵੀ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਨੂੰ ਰਾਜਨੀਤਿਕ, ਨਾਗਰਿਕ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕ ਕੀਤਾ ਗਿਆ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ। ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਹ ਅਹਿਮ ਵਿੱਦਿਅਕ ਤਜਰਬਾ ਪ੍ਰਦਾਨ ਕਰਨ ਲਈ ਸਬੰਧਤ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਅਤੇ ਨਾਗਰਿਕ ਜ਼ਿੰਮੇਵਾਰੀਆਂ ਬਾਰੇ ਸਮਝ ਵਿਕਸਤ ਕਰਨ ਵਿੱਚ ਸਹਾਇਤਾ ਕਰਦੇ ਹਨ। ਇਸ ਮੌਕੇ ਸਕੂਲ ਅਧਿਆਪਕ ਰਣਜੀਤ ਸਿੰਘ ਅਤੇ ਪਰਮਿੰਦਰ ਕੌਰ ਵੀ ਮੌਜੂਦ ਸਨ।