ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਜਿਟ੍ਰੇਸ਼ਨ 23 ਜਨਵਰੀ ਤੋਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾ
Publish Date: Mon, 19 Jan 2026 04:54 PM (IST)
Updated Date: Tue, 20 Jan 2026 04:06 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਤੀਰਥ ਯਾਤਰਾ 2 ਫ਼ਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਯਾਤਰੀ 23 ਜਨਵਰੀ ਤੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਸਬੰਧੀ ਫਾਰਮ ਬੂਥ ਪੱਧਰ ਉੱਤੇ ਭਰਵਾਏ ਜਾਣਗੇ। ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਪੂਰਨ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯਾਤਰਾ ਲਈ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਯੋਗ ਹੋਣਗੇ। ਇਸ ਲਈ ਰਜਿਸਟ੍ਰੇਸ਼ਨ ਵਾਸਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਹਰੇਕ ਰਜਿਸਟਰਡ ਵਿਅਕਤੀਆਂ ਵਿਚੋਂ ਹਰੇਕ ਬੂਥ ਤੋਂ ਡਰਾਅ ਰਾਹੀਂ 40 ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ। ਸ਼ਰਧਾਲੂਆਂ ਨੂੰ ਇਸ ਯਾਤਰਾ ਦੌਰਾਨ ਤਿੰਨ ਦਿਨ ਅਤੇ ਦੋ ਰਾਤਾਂ ਦੀ ਠਹਿਰ ਮੁਹੱਈਆ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੋਗਾ ਦੇ ਚਾਰੇ ਵਿਧਾਨ ਸਭਾ ਹਲਕੇ ਮੋਗਾ, ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ ਅਤੇ ਧਰਮਕੋਟ ਤੋਂ ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ। ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਸਾਰੇ ਵਰਗਾਂ, ਧਰਮਾਂ, ਵੱਖ-ਵੱਖ ਆਮਦਨ ਗਰੁੱਪਾਂ ਅਤੇ ਖਿੱਤਿਆਂ ਨਾਲ ਸਬੰਧਤ ਲੋਕ ਯਾਤਰਾ ਉੱਤੇ ਜਾ ਰਹੇ ਹਨ। ਸ਼ਰਧਾਲੂਆਂ ਨੂੰ ਏਸੀ ਬੱਸਾਂ, ਏਸੀ ਹੋਟਲਾਂ ਦੀ ਠਹਿਰ ਦੇ ਨਾਲ-ਨਾਲ ਖਾਣਾ ਵੀ ਮੁਹੱਈਆ ਕੀਤਾ ਜਾਵੇਗਾ। ਹਰੇਕ ਬੱਸ ਵਿਚ ਯਾਤਰੂਆਂ ਦੀ ਮਦਦ ਲਈ ਇਕ ਸਹਾਇਕ ਵੀ ਹੋਵੇਗਾ। ਸਾਗਰ ਸੇਤੀਆ ਨੇ ਕਿ ਇਹ ਸਕੀਮ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਫ਼ਲਸਫ਼ੇ ਦੇ ਅਨੁਸਾਰ ਸ਼ੁਰੂ ਕੀਤੀ ਗਈ ਹੈ ਜਿਨ੍ਹਾਂ ਲੋਕਾਈ ਨੂੰ ਪਿਆਰ, ਭਾਈਚਾਰਕ ਸਾਂਝ ਅਤੇ ਅਮਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਮਾਜ ਦਾ ਇਕ ਵੱਡਾ ਵਰਗ ਕਿਸੇ ਨਾ ਕਿਸੇ ਕਾਰਨ ਦੇਸ਼ ਭਰ ਦੇ ਇਨ੍ਹਾਂ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਰਧਾਲੂਆਂ ਨੂੰ ਦੇਸ਼ ਤੇ ਸੂਬੇ ਦੀਆਂ ਵੱਖ-ਵੱਖ ਪਵਿੱਤਰ ਥਾਵਾਂ ਦੀ ਯਾਤਰਾ ਕਰਨ ਦੀ ਸਹੂਲਤ ਦੇਣ ਲਈ ਇਹ ਸਕੀਮ ਸ਼ੁਰੂ ਕੀਤੀ ਹੈ ਜਿਸ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।