- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਿਛਲੇ ਦਿਨੀਂ ਕਿਲੀ ਚਹਿਲਾਂ ਵਿਚ ਹੋਈ ਰੈਲੀ ਦੌਰਾਨ ਦਿੱਤੇ ਗਏ ਧਰਮ ਪਰਿਵਰਤਨ ਵਿਰੋਧੀ ਬਿਆਨ ਖ਼ਿਲਾਫ਼ ਕ੍ਰਿਸਚੀਅਨ ਭਾਈਚਾਰੇ ਦੇ ਲੋਕਾਂ ਨੇ ਕ੍ਰਿਸਚੀਅਨ ਨੈਸ਼ਨਲ ਫਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਪਾਸਟਰ ਤਰਸੇਮ ਸੰਗਲਾਂ ਦੀ ਅਗਵਾਈ ਵਿਚ ਸ਼ਹਿਰ ਵਿਚ ਰੋਸ਼ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਗ੍ਰਹਿ ਮੰਤਰੀ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਰ ਕੀਤਾ। ਇਸ ਮੌਕੇ ਮਸੀਹੀ ਭਾਈਚਾਰੇ ਦੇ ਲੋਕਾਂ ਨੇ ਹੱਥਾਂ ਵਿਚ ਬੈਨਰ ਅਤੇ ਤਖ਼ਤੀਆਂ ਫੜ੍ਹ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਪਾਸਟਰ ਤਰਸੇਮ ਸੰਗਲਾਂ ਨੇ ਕਿਹਾ ਕਿ ਗ੍ਰਹਿ ਮੰਤਰੀ ਵੱਲੋਂ ਦਿੱਤਾ ਗਿਆ ਇਹ ਬਿਆਨ ਨਾ ਸਿਰਫ਼ ਗੈਰ-ਸੰਵਿਧਾਨਿਕ ਹੈ, ਸਗੋਂ ਦੇਸ਼ ਦੀ ਧਰਮਨਿਰਪੇਕਤਾ ਦੀ ਆਤਮਾ ਦੇ ਖ਼ਿਲਾਫ਼ ਵੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਇਕ ਲੋਕਤੰਤਰਕ ਦੇਸ਼ ਹੈ ਜਿੱਥੇ ਹਰ ਨਾਗਰਿਕ ਨੂੰ ਆਪਣੇ ਧਰਮ ਦੀ ਚੋਣ ਕਰਨ ਦੀ ਪੂਰੀ ਆਜ਼ਾਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਜਾਂ ਡਰ ਦਾ ਮਾਹੌਲ ਪੈਦਾ ਕਰਨਾ ਸੰਵਿਧਾਨ ਦੀ ਉਲੰਘਣਾ ਹੈ। ਇਸ ਮੌਕੇ ਆਗੂਆਂ ਨੇ ਦਾਅਵਾ ਕੀਤਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਮਿਤ ਸ਼ਾਹ ਵੱਲੋਂ ਇਸ ਤਰ੍ਹਾਂ ਦਾ ਬਿਆਨ ਦਿੱਤਾ ਗਿਆ ਹੋਵੇ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਲੋਕ ਸਭਾ ਚੋਣਾਂ ਦੌਰਾਨ ਅਤੇ ਮਹਾਰਾਸ਼ਟਰ ਦੇ ਨਾਂਦੇੜ ਵਿਚ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਮੌਕੇ ਵੀ ਉਹ ਇਸੇ ਤਰ੍ਹਾਂ ਦੇ ਬਿਆਨ ਦੇ ਚੁੱਕੇ ਹਨ, ਜੋ ਘੱਟਗਿਣਤੀਆਂ ਵਿਚ ਅਸੁਰੱਖਿਆ ਦਾ ਭਾਵ ਪੈਦਾ ਕਰਦੇ ਹਨ। ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਇਸ ਤਰ੍ਹਾਂ ਦੀ ਬਿਆਨਬਾਜ਼ੀ ਸਿਰਫ਼ ਸਿਆਸੀ ਲਾਭ ਹਾਸਲ ਕਰਨ ਲਈ ਕੀਤੀ ਜਾ ਰਹੀ ਹੈ। ਪੰਜਾਬ ਵਰਗੇ ਸੰਵੇਦਨਸ਼ੀਲ ਸੂਬੇ ਵਿਚ ਜਿੱਥੇ ਵੱਖ-ਵੱਖ ਧਰਮਾਂ ਦੇ ਲੋਕ ਮਿਲਜੁਲ ਕੇ ਰਹਿੰਦੇ ਹਨ, ਉੱਥੇ ਇਸ ਤਰ੍ਹਾਂ ਦੇ ਬਿਆਨ ਭਾਈਚਾਰਕ ਸਾਂਝ ਨੂੰ ਖ਼ਤਰੇ ਵਿਚ ਪਾ ਸਕਦੇ ਹਨ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੇ ਬਿਆਨਾਂ ’ਤੇ ਰੋਕ ਨਾ ਲਗਾਈ ਗਈ ਤਾਂ ਸਮਾਜ ਵਿਚ ਤਣਾਅ ਵੱਧ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਗ੍ਰਹਿ ਮੰਤਰੀ ਤੁਰੰਤ ਦੇਸ਼ ਵਾਸੀਆਂ ਤੋਂ ਜਨਤਕ ਤੌਰ ’ਤੇ ਮਾਫ਼ੀ ਮੰਗਣ ਅਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਉੱਚ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਆਪਣੀ ਬੋਲਚਾਲ ਵਿਚ ਸੰਵਿਧਾਨਿਕ ਮਰਿਆਦਾਵਾਂ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਕੇ ਮੌਜੂਦ ਆਗੂਆਂ ਨੇ ਕਿਹਾ ਕਿ ਉਹ ਆਪਣੀ ਲੜਾਈ ਨੂੰ ਸ਼ਾਂਤੀਪੂਰਨ ਢੰਗ ਨਾਲ ਜਾਰੀ ਰੱਖਣਗੇ ਅਤੇ ਜਦ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਤਦ ਤੱਕ ਵਿਰੋਧ ਜਾਰੀ ਰਹੇਗਾ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ। ਇਸ ਤੋਂ ਬਾਅਦ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਪ੍ਰਦਰਸ਼ਨ ਦੌਰਾਨ ਗੁਰਬਾਜ (ਕੋਆਰਡੀਨੇਟਰ ਪੰਜਾਬ), ਪਾਸਟਰ ਬਲਕਾਰ, ਪਾਸਟਰ ਅੰਗਰੇਜ, ਪਾਸਟਰ ਕੇਵਲ, ਪਾਸਟਰ ਇਕਬਾਲ, ਜਸਵੰਤ, ਸੇਰ, ਯਾਕੂਬ, ਜੋਹਨ ਬੱਤਰਾਂ, ਯੂਨਸ ਸੰਗਲਾਂ, ਲੂਕਸ ਮਸੀਹ, ਕੁਲਵਿੰਦਰ, ਜਸਵਿੰਦਰ, ਗੁਰਮੁੱਖ, ਹਰਪ੍ਰੀਤ ਸੋਨੂੰ, ਧੀਰਜਪਾਲ, ਸੁਖਵਿੰਦਰ ਸੁੱਖਾ, ਭੈਣ ਪਰਮਿੰਦਰ ਕੌਰ, ਭੈਣ ਕੁਲਵਿੰਦਰ, ਭੈਣ ਵੀਰੋ, ਭੈਣ ਸੁਖਜੀਤ ਅਤੇ ਭੈਣ ਅਮਰਜੀਤ ਸਮੇਤ ਕਈ ਹੋਰ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ।